ਸ੍ਰੀ ਨਨਕਾਣਾ ਸਾਹਿਬ ‘ਚ ਸਥਾਪਤ ਹੋਵੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ
ਅੰਮ੍ਰਿਤਸਰ/ਬਿਊਰੋ ਨਿਊਜ਼
ਹੁਣ ਐਮ ਏ ਦੀ ਪੜ੍ਹਾਈ ਵਿਚ ਪਾਕਿਸਤਾਨ ‘ਸ੍ਰੀ ਜਪੁਜੀ ਸਾਹਿਬ’ ਪੜ੍ਹਾਵੇਗਾ। ਪਾਕਿਸਤਾਨ ਸਰਕਾਰ ਨੇ ਐਮ ਏ ਪੰਜਾਬੀ ਵਿਚ ਸ੍ਰੀ ਜਪੁਜੀ ਸਾਹਿਬ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਹੈ। ਇਸ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਲਿਆ ਹੈ। ਇਹ ਦੋਵੇਂ ਕਾਰਜ ਕਰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਇਨ੍ਹਾਂ ਫੈਸਲਿਆਂ ਦਾ ਸਵਾਗਤ ਕੀਤਾ। ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ‘ਚ ਸਥਿਤ ਪੰਜਾਬ ਅਸੈਂਬਲੀ ਵਿਚ ਗੁਰੂ ਨਾਨਕ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਦੀ ਸਥਾਪਨਾ ਕਰਨ ਦੇ ਲਈ ਮਤਾ ਪਾਸ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਆਖਿਆ ਕਿ ਪਾਕਿਸਤਾਨ ਵਿਚ ਵਸੇ ਸਿੱਖ ਭਾਈਚਾਰੇ ਦੇ ਲੋਕ ਹਮੇਸ਼ਾ ਸ਼ਾਂਤੀ ਦੀ ਅਪੀਲ ਕਰਦੇ ਹਨ। ਪਾਕਿਸਤਾਨ ਸਰਕਾਰ ਨੇ ਵੀ ਸਿੱਖ ਭਾਈਚਾਰੇ ਨੂੰ ਚੰਗੀ ਖਬਰ ਦਿੱਤੀ ਹੈ। ਯੂਨੀਵਰਸਿਟੀ ਬਣਨ ਨਾਲ ਸ੍ਰੀ ਨਨਕਾਣਾ ਸਾਹਿਬ ਵਿਚ ਦੁਨੀਆ ਭਰ ਦੇ ਸਿੱਖ ਧਰਮ ਨਾਲ ਸਬੰਧਤ ਭਾਈਚਾਰੇ ਦੇ ਵਿਦਿਆਰਥੀ ਸਿੱਖਿਆ ਗ੍ਰਹਿਣ ਕਰਨ ਆਇਆ ਕਰਨਗੇ। ਉਹਨਾਂ ਆਖਿਆ ਕਿ ਪਾਕਿਸਤਾਨ ਵਿਚ ਪੰਜਾਬੀ ਐਮ ਏ ਵਿਚ ਸ੍ਰੀ ਜਪੁਜੀ ਸਾਹਿਬ ਨੂੰ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ।