ਪਾਣੀ ਦੇਣ ਨਾਲੋਂ ਕੁਰਬਾਨੀ ਚੰਗੀ: ਬਾਦਲ
ਮੁੱਖ ਮੰਤਰੀ ਨੂੰ ‘ਕਿਸਾਨਾਂ ਦਾ ਮਸੀਹਾ’ ਅਤੇ ਉਪ ਮੁੱਖ ਮੰਤਰੀ ਨੂੰ ‘ਪਾਣੀਆਂ ਦਾ ਰਾਖਾ’ ਪੁਰਸਕਾਰ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੰਘਰਸ਼ ਕਰਨ ਵਾਸਤੇ ਪੰਜਾਬੀਆਂ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦਾ ਕੰਮ ਅੱਗੇ ਤੋਰਨ ਦੀ ਇਜਾਜ਼ਤ ਕਿਸੇ ਵੀ ਕੀਮਤ ‘ਤੇ ਨਹੀਂ ਦਿੱਤੀ ਜਾਵੇਗੀ।
ਇੱਥੇ ਹੋਲੇ-ਮਹੱਲੇ ਮੌਕੇ ਹੋਏ ਧਾਰਮਿਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਢੁਕਵਾਂ ਸਮਾਂ ਹੈ ਕਿ ਐਸਵਾਈਐਲ ਦੀ ਉਸਾਰੀ ਨਾਲੋਂ ਵੱਡੀ ਤੋਂ ਵੱਡੀ ਕੁਰਬਾਨੀ ਦੇ ਦਿੱਤੀ ਜਾਵੇ। ਬਾਦਲ ਨੇ ਭਾਜਪਾ ਲੀਡਰਸ਼ਿਪ ਖਾਸ ਤੌਰ ‘ਤੇ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਪੂਰਾ ਸਮਰਥਨ ਦਿੱਤਾ। ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਸੰਘਰਸ਼ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਨੂੰ ਆੜੇ ਹੱਥੀਂ ਲੈਂਦੇ ਆਖਿਆ ਕਿ ਇਸ ਪਾਰਟੀ ਦੀਆਂ ਕੇਂਦਰ ਵਿੱਚ ਸਮੇਂ-ਸਮੇਂ ‘ਤੇ ਬਣੀਆਂ ਸਰਕਾਰਾਂ ਨੇ ਪੰਜਾਬ ਦੇ ਬਣਦੇ ਹੱਕ ਤੇ ਖਾਸ ਕਰਕੇ ਦਰਿਆਈ ਪਾਣੀਆਂ ਦੇ ਹੱਕ ਨੂੰ ਲੁੱਟਿਆ। ਉਨ੍ਹਾਂ ਆਖਿਆ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਸਮਾਰੋਹ ਮੌਕੇ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਟੱਕ ਲਾਇਆ ਸੀ ਤਾਂ ਉਸ ਮੌਕੇ ਕਾਂਗਰਸ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਅਤੇ ਉਸ ਵੇਲੇ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਵੀ ਸਮਾਰੋਹ ਵਿੱਚ ਹਾਜ਼ਰ ਸਨ। ઠਇਸ ਮੌਕੇ ਮੁੱਖ ਮੰਤਰੀ ਨੂੰ ਕਿਸਾਨਾਂ ਦੇ ਰਾਖੇ ਵਜੋਂ ‘ਕਿਸਾਨਾਂ ਦਾ ਮਸੀਹਾ’ ਅਤੇ ਉਪ ਮੁੱਖ ਮੰਤਰੀ ਨੂੰ ‘ਪਾਣੀਆਂ ਦਾ ਰਾਖਾ’ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਮੁੱਦੇ ‘ਤੇ ਕਾਂਗਰਸ ਅਤੇ ‘ਆਪ’ ਉਤੇ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਆਖਿਆ ਕਿ ਕਾਂਗਰਸ ਅਤੇ ‘ਆਪ’ ਨੇ ਸਿਆਸੀ ਮੌਕਾਪ੍ਰਸਤੀ ਦੇ ਸਿਖਰ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਜਦੋਂ ਪੰਜਾਬ ਵਿਧਾਨ ਸਭਾ ਇਸ ਮਸਲੇ ‘ਤੇ ਵਿਚਾਰ ਚਰਚਾ ਕਰ ਰਹੀ ਸੀ ਅਤੇ ਕਿਸਾਨਾਂ ਨੂੰ ਐਕੁਆਇਰ ਕੀਤੀ ਜ਼ਮੀਨ ਵਾਪਸ ਕਰਨ ਲਈ ਬਿੱਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਵਿਚੋਂ ਵਾਕਆਊਟ ਕਰਕੇ ਘਟੀਆ ਹੱਥਕੰਡੇ ਅਪਣਾਏ। ‘ਆਪ’ ‘ਤੇ ਵਰ੍ਹਦਿਆਂ ਉਪ ਮੁੱਖ ਮੰਤਰੀ ਨੇ ਆਖਿਆ ਕਿ ਇਸ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਸਵਾਈਐਲ ਮਸਲੇ ‘ਤੇ ਪਹਿਲਾਂ ਪੰਜਾਬ ਦੇ ਹੱਕ ਵਿੱਚ ਬਿਆਨ ਦਿੱਤਾ ਪਰ ਕੁਝ ਘੰਟਿਆਂ ਬਾਅਦ ਦਿੱਲੀ ਪਹੁੰਚਦਿਆਂ ਹੀ ਆਪਣੀ ਸੁਰ ਬਦਲ ਲਈ। ਲਿੰਕ ਨਹਿਰ ਦੀ ਉਸਾਰੀ ਕਿਸੇ ਵੀ ਸੂਰਤ ਵਿੱਚ ਨਾ ਹੋਣ ਦੇਣ ਲਈ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਮਤੇ ਦਾ ਸੁਆਗਤ ਕਰਦਿਆਂ ਮਜੀਠੀਆ ਨੇ ਆਖਿਆ ਕਿ ਕੈਪਟਨ ਸਰਕਾਰ ਵੱਲੋਂ ਸਾਲ 2004 ਵਿੱਚ ਲਿਆਂਦੇ ਬਿੱਲ ਵਿੱਚ ਬਹੁਤ ਖਾਮੀਆਂ ਸਨ ਪਰ ਬਾਦਲ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਸਤਲੁਜ-ਯਮੁਨਾ ਲਿੰਕ ਕਨਾਲ ਲੈਂਡ ਬਿੱਲ-2016 ਪਾਸ ਕੀਤੇ ਜਾਣ ਨਾਲ ਇਹ ਯਕੀਨੀ ਬਣਾ ਦਿੱਤਾ ਗਿਆ ਹੈ ਕਿ ਕਿਸੇ ਵੀ ਸੂਰਤ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਵੇਗੀ।
ਕਾਂਗਰਸ ਦੀ ਕਾਨਫਰੰਸ ਵਿੱਚ ਸੀਨੀਅਰ ਆਗੂ ਰਹੇ ਗ਼ੈਰਹਾਜ਼ਰ
ਚੀਚੀ ਨੂੰ ਖੂਨ ਲਾ ਕੇ ਕੋਈ ਸ਼ਹੀਦ ਨਹੀਂ ਬਣ ਜਾਂਦਾ : ਮਨਪ੍ਰੀਤ ਬਾਦਲ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਆਪਣੀ ਪੁਰਾਣੀ ਜਗ੍ਹਾ ‘ਤੇ ਕੀਤੀ ਗਈ ਭਰਵੀਂ ਕਾਨਫਰੰਸ ਵਿੱਚ ਪੁੱਜੇ ਸੂਬਾ ਪੱਧਰੀ ਆਗੂਆਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਾਬੜਤੋੜ ਹਮਲੇ ਕਰਕੇ ਕਾਨਫਰੰਸ ਵਿੱਚ ਕੇਂਦਰੀ ਲੀਡਰਸ਼ਿਪ, ਸੂਬਾ ਪੱਧਰੀ ਸੀਨੀਅਰ ਆਗੂਆਂ ਦੀ ਗੈਰਹਾਜ਼ਰੀ ਦੀ ਕਮੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਕਾਨਫਰੰਸ ਵਿੱਚ ਕੇਂਦਰੀ ਸੀਨੀਅਰ ਆਗੂ ઠਬੀਬੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ ਦਾ ਲੋਕਾਂ ਨੂੰ ਕਾਨਫਰੰਸ ਦੇ ਅਖੀਰ ਤੱਕ ਇੰਤਜ਼ਾਰ ਰਿਹਾ। ਇਸ ਮੌਕੇ ਇਕੱਠ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਲੁਟੇਰਿਆਂ ਤੋਂ ਨਿਜਾਤ ਚਾਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਪੰਜਾਬ ਦੀ ਤਕਦੀਰ ਬਦਲਣੀ ਚਾਹੁੰਦੇ ਹਨ ਤਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਜਿਤਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਪੰਜਾਬ ਦੇ ਪਾਣੀਆਂ ਬਾਰੇ ਮਨਪ੍ਰੀਤ ਨੇ ਕਿਹਾ ਪੰਜਾਬ ਦਾ ਕੇਸ ਸੁਪਰੀਮ ਕੋਰਟ ਵਿੱਚ ਚਲਦਾ ਪਿਆ ਹੈ, ਜਿਸ ਵਿਚ ਪਾਣੀਆਂ ਦੀ ਮਲਕੀਅਤ ਨੂੰ ਚੁਣੌਤੀ ਦਿੱਤੀ ਗਈ ਹੈ। ਅਕਾਲੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੁਪਰੀਮ ਕੋਰਟ ਵਿੱਚ ਪਹਿਲੇ ਕੇਸ ਦੀ ਪੈਰਵੀ ਕਰੇ। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਦਿੱਤੇ ਖਿਤਾਬਾਂ ਬਾਰੇ ਉਨ੍ਹਾਂ ਕਿਹਾ ਕਿ ਚੀਚੀ ਉਂਗਲੀ ਨੂੰ ਖੂਨ ਲਗਾ ਕਿ ਕੋਈ ਸ਼ਹੀਦ ઠਨਹੀਂ ਬਣ ਜਾਂਦਾ।
‘ਆਪ’ ਆਗੂਆਂ ਵੱਲੋਂ ਅਕਾਲੀਆਂ ਅਤੇ ਕਾਂਗਰਸੀਆਂ ‘ਤੇ ਤਿਖ਼ੇ ਹਮਲੇ
ਹੋਲੇ ਮਹੱਲੇ ਮੌਕੇ ਸਿਆਸੀ ਕਾਨਫਰੰਸ ‘ਚ ਆਗੂਆਂ ਵੱਲੋਂ ‘ਆਪ’ ਦੇ ਹੱਕ ਵਿੱਚ ਡਟਣ ਦਾ ਸੱਦਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਹੋਲੇ ਮਹੱਲੇ ਮੌਕੇ ઠਆਮ ਆਦਮੀ ਪਾਰਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਦੇ ਗੇਟ ਨੰਬਰ ਇੱਕ ਨੇੜੇ ਭਰਵੀਂ ਸਿਆਸੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਨੌਂ ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ। ਇਥੋਂ ਦਾ ਕਿਸਾਨ ਕਰਜ਼ਾਈ ਹੋਇਆ ਖੁਦਕੁਸ਼ੀਆਂ ਕਰ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਵਿੱਚ ਪੈ ਗਏ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਖ਼ਾਲਸੇ ਦੀ ਜਨਮ ਭੂਮੀ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਜਿਤਾਉਣ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਇਥੋਂ ਦਾ ਕਿਸਾਨ ਖੁਸ਼ਹਾਲ ਹੋ ਸਕੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।
ਇਸ ਮੌਕੇ ‘ਆਪ’ ਦੇ ਕੌਮੀ ਆਗੂ ਆਸ਼ੂਤੋਸ਼ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਦੀ ਜ਼ਿੰਮੇਵਾਰ ਅਕਾਲੀ-ਭਾਜਪਾ ਸਰਕਾਰ ਹੈ। ਇਸ ਲਈ ਰਾਜ ਦੇ ਲੋਕਾਂ ਨੂੰ ਇਸ ਸਰਕਾਰ ਦਾ ਤਖ਼ਤਾ ਪਲਟਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੋਪੁਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦਾ ਰਾਜ ਨਹੀਂ ਹੈ, ਇੱਥੇ ਤਾਂ ਬਾਦਲਾਂ ਦਾ ਰਾਜ ਹੈ। ਉਹ ਜੋ ਕਹਿੰਦੇ ਹਨ ਉਹੀ ਹੁੰਦਾ ਹੈ।
ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਦਾ ਫ਼ਿਕਰ ਹੈ। ਇਹ ਸਰਕਾਰ ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਨਿੱਜੀਕਰਨ ਕਰ ਰਹੀ ਹੈ ਤੇ ਗਰੀਬਾਂ ਪ੍ਰਾਈਵੇਟ ਸਕੂਲਾਂ ਦੀ ਵਾਧੂ ਫੀਸਾਂ ਭਰਨੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਬਾਦਲ ਵਪਾਰੀ ਹਨ, ਜਿਨ੍ਹਾਂ ਨੇ ਟਰਾਂਸਪੋਰਟ, ਮੀਡੀਆ ਤੇ ਵੱਧ ਆਮਦਨ ਕਰਨ ਵਾਲੇ ਅਦਾਰੇ ਖਰੀਦ ਲਏ ਹਨ। ਉਨ੍ਹਾਂ ਸੂਬੇ ਨੂੰ ਬਾਦਲਾਂ ਦੀ ਲੁੱਟ ਤੋਂ ਬਚਾਉਣ ਲਈ ਲੋਕਾਂ ਨੂੰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ।
ਇਸ ਮੌਕੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਅੰਗਮਈ ਭਾਸ਼ਣ ਨਾਲ ਲੋਕਾਂ ਦੇ ਢਿੱਡੀਂ ਪੀੜਾਂ ਪਾ ਦਿੱਤੀਆਂ। ਇਸ ਸਮਾਗਮ ਨੂੰ ਸੁਖਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਘੁੱਗੀ ਨੇ ਵੀ ਸੰਬੋਧਨ ਕੀਤਾ।
Check Also
ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …