ਜਾਖੜ ਨੂੰ ਮਿਲੀ ਹਰ ਵੋਟ ਵਿਕਾਸ ਲਈ ਹੋਵੇਗੀ
ਪਠਾਨਕੋਟ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਫ਼ੌਜੀਆਂ ਨੂੰ ਹਰੇਕ ਪ੍ਰਸ਼ਾਸਕੀ ਦਫ਼ਤਰ ਵਿੱਚ ਬਣਦਾ ਮਾਣ-ਸਤਿਕਾਰ ਮਿਲੇਗਾ। ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦਾ ਦਾਅਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਮਿਲੀ ਹਰ ਵੋਟ ਵਿਕਾਸ ਲਈ ਹੋਵੇਗੀ।ਇੱਥੇ ਸਾਬਕਾ ਫ਼ੌਜੀਆਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਫ਼ੌਜੀਆਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਸਾਬਕਾ ਫ਼ੌਜੀਆਂ ਨੂੰ ਗੁਰਦਾਸਪੁਰ ਉਪ ਚੋਣ ਵਿੱਚ ਕਾਂਗਰਸ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਇਸ ਖਿੱਤੇ ਲਈ ਸਭ ਤੋਂ ਵਧੀਆ ਉਮੀਦਵਾਰ ਹਨ। ਜਾਖੜ ਦੇ ‘ਬਾਹਰੀ’ ਹੋਣ ਦੇ ਵਿਰੋਧੀ ਧਿਰ ਦੇ ਭੰਡੀ ਪ੍ਰਚਾਰ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੀ ਵਜ੍ਹਾ ਕਾਰਨ ਪੰਜਾਬ ਛੋਟੇ ਜਿਹੇ ਸੂਬੇ ਤੱਕ ਸੀਮਤ ਹੋ ਗਿਆ ਹੈ। ਵੰਡ ਤੋਂ ਪਹਿਲਾਂ ਪੰਜਾਬ ਲਾਹੌਰ ਤੋਂ ਦਿੱਲੀ ਤੱਕ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪੰਜਾਬੀ ਨੂੰ ਬਾਹਰੀ ਕਹਿਣਾ ਅਕਾਲੀਆਂ ਦੀ ਸੌੜੀ ਸੋਚ ਦਾ ਨਤੀਜਾ ਹੈ। ਆਪਣੀ ਸਰਕਾਰ ਦੀ ‘ਗਾਰਡੀਅਨ ਆਫ ਗਵਰਨੈਂਸ’ (ਜੀਓਜੀ) ਸਕੀਮ ਦਾ ਜ਼ਿਕਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਸਾਬਕਾ ਫ਼ੌਜੀਆਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਸੰਜੀਦਗੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਏਗੀ, ਜਿਸ ਨਾਲ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਾਬਕਾ ਫ਼ੌਜੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਉਹ ਸਰਕਾਰੀ ਸਕੀਮਾਂ ਤੇ ਪ੍ਰੋਗਰਾਮ ਲਾਗੂ ਕਰਨ ‘ਤੇ ਨਿਗਰਾਨੀ ਰੱਖਣਗੇ। ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਸਹਿਰਾ ਸਮਾਗਮ ਵਿੱਚ ਸ਼ਾਮਲ ਹੋਏ।