ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਵਿਦਵਾਨ ਪ੍ਰੋ. ਪਿਆਰਾ ਸਿੰਘ ਪਦਮ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਿਤ ਕੀਤੀ ਗਈ ਹੈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਭਾਈ। ਇਸ ਤੋਂ ਪਹਿਲਾਂ ਭਾਈ ਕੰਵਲਦੀਪ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਆਪਣੇ ਵਿਰਸੇ ਅਤੇ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੰਗਤ ਨੂੰ ਜਾਣੂ ਕਰਾਉਣ ਲਈ ਉਨ੍ਹਾਂ ਦੀਆਂ ਤਸਵੀਰਾਂ ਸਮੇਂ-ਸਮੇਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈਆਂ ਜਾਂਦੀਆਂ ਹਨ। ਉਨ੍ਹਾਂ ਪ੍ਰੋ.ਪਿਆਰਾ ਸਿੰਘ ਪਦਮ ਦੀ ਤਸਵੀਰ ਅਜਾਇਬ ਘਰ ਵਿਖੇ ਲਾਉਣ ਦੇ ਫ਼ੈਸਲੇ ਲਈ ਪ੍ਰੋ.ਬਡੂੰਗਰ ਦੀ ਸ਼ਲਾਘਾ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਸਾਹਿਤਕਾਰ ਪ੍ਰੋ. ਪਿਆਰਾ ਸਿੰਘ ਪਦਮ ਦਾ ਜੀਵਨ ਗੁਰਮਤਿ ਨੂੰ ਪ੍ਰਣਾਇਆ ਹੋਇਆ ਸੀ। ਉਨ੍ਹਾਂ ਜਿੱਥੇ ਗੁਰਮਤਿ ਅਨੁਸਾਰ ਸਾਦਾ ਜੀਵਨ ਗੁਜ਼ਾਰਿਆ, ਉਥੇ ਸੰਗਤ ਨੂੰ ਆਪਣੀਆਂ ਲਿਖਤਾਂ ਰਾਹੀਂ ਗੁਰਮਤਿ ਨਾਲ ਜੋੜਿਆ।
ਉਨ੍ਹਾਂ ਕਿਹਾ ਕਿ ਪ੍ਰੋ.ਪਦਮ ਵੱਲੋਂ 100 ਦੇ ਕਰੀਬ ਕਿਤਾਬਾਂ ਲਿਖੀਆਂ ਗਈਆਂ ਸਨ। ਪ੍ਰੋ.ਪਿਆਰਾ ਸਿੰਘ ਪਦਮ ਦੀਆਂ ਲਿਖਤਾਂ ‘ਤੇ ਛੇਤੀ ਹੀ ਇੱਕ ਸੈਮੀਨਾਰ ਖ਼ਾਲਸਾ ਕਾਲਜ, ਪਟਿਆਲਾ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋ.ਪਦਮ ਦੇ ਨਾਂ ‘ਤੇ ਕਿਸੇ ਯੋਗ ਥਾਂ ਉਤੇ ਲਾਇਬ੍ਰੇਰੀ ਬਣਾਈ ਜਾਵੇਗੀ। ਇਸ ਮੌਕੇ ਪ੍ਰੋ. ਪਦਮ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ।