Breaking News
Home / ਪੰਜਾਬ / ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਮੁੰਬਈ ਦੀ ਸੰਗਤ ਵੱਲੋਂ ਕੀਤੀ ਫੁੱਲਾਂ ਦੀ ਸਜਾਵਟ ਅਤੇ ਰਾਤ ਨੂੰ ਐੱਲਈਡੀ ਲਾਈਟਾਂ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ। ਹਰਿਮੰਦਰ ਸਾਹਿਬ ਵਿਖੇ ਕੀਤੀ ਆਤਿਸ਼ਬਾਜ਼ੀ ਨੇ ਵੀ ਅਲੌਕਿਕ ਨਜ਼ਾਰਾ ਪੇਸ਼ ਕੀਤਾ। ਇਸ ਦੌਰਾਨ ਸਰਕਾਰੀ ਇਮਾਰਤਾਂ, ਹਵਾਈ ਅੱਡੇ, ਰੇਲਵੇ ਸਟੇਸ਼ਨ, ਬੱਸ ਅੱਡੇ, ਅਟਾਰੀ ਸਰਹੱਦ ਤੇ ਹੋਰ ਇਮਾਰਤਾਂ ‘ਤੇ ਵੀ ਸ਼ਹਿਰ ਵਾਸੀਆਂ ਵੱਲੋਂ ਦੀਪਮਾਲਾ ਕੀਤੀ ਗਈ। ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌਅ ਸਜਾਏ ਗਏ, ਜਿਸ ਵਿੱਚ ਇਤਿਹਾਸਕ ਬੇਸ਼ਕੀਮਤੀ ਵਸਤਾਂ ਦਾ ਪ੍ਰਦਰਸ਼ਨ ਕੀਤਾ ਗਿਆ। ਮੁੰਬਈ ਦੀ ਸੰਗਤ ਵੱਲੋਂ ਫੁੱਲਾਂ ਦੀ ਸਜਾਵਟ ਵੀ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੀ। ਗੁਰੂ ਰਾਮਦਾਸ ਲੰਗਰ ਘਰ ਵਿੱਚ ਕਈ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ ਸਨ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਭਗ 80 ਕੁਇੰਟਲ ਲੱਡੂ ਪ੍ਰਸ਼ਾਦ ਵਜੋਂ ਸੰਗਤ ਵਿੱਚ ਵੰਡੇ ਗਏ ਹਨ। ਸਵੇਰੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਹੋਇਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ ਤੇ ਕਵੀ ਦਰਬਾਰ ਵੀ ਕਰਾਇਆ ਗਿਆ। ਰਾਗ ਦਰਬਾਰ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਵਿੱਚ ਅਮਰੀਕਾ, ਆਸਟਰੇਲੀਆ ਤੇ ਹੋਰ ਥਾਵਾਂ ਤੋਂ ਆਏ ਰਾਗੀ ਜਥਿਆਂ ਨੇ ਕੀਰਤਨ ਕੀਤਾ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …