Breaking News
Home / ਪੰਜਾਬ / ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਰਾਂ ਨੇ ਦਿੱਤਾ ਮੱਠਾ ਹੁੰਗਾਰਾ

ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਰਾਂ ਨੇ ਦਿੱਤਾ ਮੱਠਾ ਹੁੰਗਾਰਾ

ਜਾਖੜ, ਸਲਾਰੀਆ ਤੇ ਖਜੂਰੀਆ ਦਾ ਸਿਆਸੀ ਭਵਿੱਖ ਈਵੀਐਮ ‘ਚ ਕੈਦ
ਗੁਰਦਾਸਪੁਰ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਪੁਰਅਮਨ ਨੇਪਰੇ ਚੜ੍ਹਨ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਕਰੀਬ ਕੁੱਲ 55.87 ਫੀਸਦੀ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਵੋਟਾਂ ਪਾਈਆਂ, ਜਦੋਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ 68.22 ਫੀਸਦੀ ਪੋਲਿੰਗ ਹੋਈ ਸੀ।
ਵਿਧਾਨ ਸਭਾ ਹਲਕਾ ਵਾਰ ਪੋਲਿੰਗ ਨੂੰ ਦੇਖੀਏ ਤਾਂ ਹਲਕਾ ਡੇਰਾ ਬਾਬਾ ਨਾਨਕ ਮੋਹਰੀ ਰਿਹਾ। ਸਵੇਰੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਣ ਮੌਕੇ ਕਈ ਪੋਲਿੰਗ ਬੂਥਾਂ ਉੱਤੇ ਵੀਵੀਪੈਟ ਮਸ਼ੀਨਾਂ ਵਿੱਚ ਨੁਕਸ ਪੈਣ ਕਾਰਨ ਪੋਲਿੰਗ ਤੈਅ ਸਮੇਂ ਨਾਲੋਂ ਦੇਰੀ ਨਾਲ ਸ਼ੁਰੂ ਹੋ ਸਕੀ। ਜ਼ਿਮਨੀ ਚੋਣਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ 1781 ਪੋਲਿੰਗ ਬੂਥ ਬਣਾਏ ਗਏ ਸਨ। ਸਵੇਰੇ ਅੱਠ ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੁੰਦਿਆਂ ਹੀ ਕਈ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਪਰ ਦੁਪਹਿਰ ਬਾਅਦ ਵੋਟਰਾਂ ਦੀ ਗਿਣਤੀ ਵਿੱਚ ਕਮੀ ਆਉਂਦੀ ਗਈ। ਪੰਚਾਇਤੀ ਤੇ ਵਿਧਾਨ ઠਸਭਾ ਚੋਣਾਂ ਮੁਕਾਬਲੇ ਇਸ ਜ਼ਿਮਨੀ ਚੋਣ ਵਿੱਚ ਲੋਕਾਂ ਦਾ ਮੱਠਾ ਹੁੰਗਾਰਾ ਵੇਖਣ ਨੂੰ ਮਿਲਿਆ।
ਵੋਟਾਂ ਪੈਣ ਦਾ ਅਮਲ ਮੁਕੰਮਲ ਹੁੰਦਿਆਂ ਹੀ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ, ઠਅਕਾਲੀ-ਭਾਜਪਾ ਦੇ ਸਵਰਨ ਸਲਾਰੀਆ ਅਤੇ ‘ਆਪ’ ਦੇ ਸੁਰੇਸ਼ ਖਜੂਰੀਆ ਸਮੇਤ 11 ਉਮੀਦਵਾਰਾਂ ਦਾ ਸਿਆਸੀ ਭਵਿੱਖ ਈਵੀਐਮ ਮਸ਼ੀਨਾਂ ਵਿਚ ਬੰਦ ਹੋ ਗਿਆ ਹੈ। ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ।
ਵੱਖ-ਵੱਖ ਥਾਈਂ ਝੜਪਾਂ ਵਿੱਚ ਕਈ ਜ਼ਖ਼ਮੀ : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੋਲਿੰਗ ਮੌਕੇ ਕੁਝ ਥਾਈਂ ਵੱਖ-ਵੱਖ ਧਿਰਾਂ ਦੀਆਂ ਝੜਪਾਂ ਕਾਰਨ ਕਈ ਵਿਅਕਤੀ ਜ਼ਖ਼ਮੀ ਹੋ ਗਏ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਪਾਹੜਾ ਤੇ ਬੱਬੇਹਾਲੀ ਵਿੱਚ ਝੜਪਾਂ ਕਾਰਨ ਪਾਹੜਾ ਬਲਾਕ ਸਮਿਤੀ ਦੇ ਚੇਅਰਮੈਨ ਤੇ ਅਕਾਲੀ-ਭਾਜਪਾ ਹਮਾਇਤੀ ਹਰਵਿੰਦਰ ਸਿੰਘ ਉਰਫ਼ ਹੈਪੀ ਪਾਹੜਾ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ।
ਧਾਰੀਵਾਲ ਨੇੜਲੇ ਪਿੰਡ ਖਾਨਮਲੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਿੰਡ ਤਲਵੰਡੀ ਬਥੁੱਨਗੜ੍ਹ ਦੇ ਬੂਥ ਉਤੇ ਅਕਾਲੀਆਂ ਨੇ ਕਾਂਗਰਸੀ ਸਮਰਥਕਾਂ ‘ਤੇ ਕਥਿਤ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਲਾਏ। ਪਠਾਨਕੋਟ ਨੇੜੇ ਪਿੰਡ ਪੰਗੋਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚਲੇ ਬੂਥ ‘ਤੇ ‘ਆਪ’ ਉਮੀਦਵਾਰ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜੂਰੀਆ ਦੀ ਕਾਂਗਰਸੀ ਪੋਲਿੰਗ ਏਜੰਟ ਨਾਲ ਝੜਪ ਹੋ ਗਈ, ਜਦੋਂ ਏਜੰਟ ਵੋਟਰਾਂ ਨੂੰ ਕਥਿਤ ਇਸ਼ਾਰੇ ਕਰ ਰਿਹਾ ਸੀ। ਹਲਕਾ ਕਾਦੀਆਂ ਦੇ ਪਿੰਡ ਭਿੱਟੇਵੱਢ ਵਿੱਚ ਕਾਂਗਰਸੀਆਂ ਤੇ ਅਕਾਲੀਆਂ ਦੇ ਝਗੜੇ ਵਿਚ ਅਕਾਲੀ ਵਰਕਰ ਗੰਭੀਰ ਜ਼ਖ਼ਮੀ ਹੋ ਗਿਆ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।