ਕਿਹਾ, ਅਸੀਂ 14 ਕਰੋੜ ਲੋਕਾਂ ਨੂੰ ਗਰੀਬੀ ਤੋਂ ਮੁਕਤ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ ਦੇ ਦੋ ਮੁੱਖ ਆਰਥਿਕ ਮਸਲਿਆਂ ਨੋਟਬੰਦੀ ਤੇ ਜੀਐਸਟੀ ‘ਤੇ ਵੱਡਾ ਹਮਲਾ ਬੋਲਿਆ ਹੈ। ਨੋਟਬੰਦੀ ਦੇ ਇੱਕ ਸਾਲ ਪੂਰਾ ਹੋਣ ਤੋਂ ਇੱਕ ਦਿਨ ਪਹਿਲਾਂ ਡਾ. ਮਨਮੋਹਨ ਸਿੰਘ ਨੇ ਅਹਿਮਦਾਬਾਦ ਵਿਚ ਕਿਹਾ ਕਿ 8 ਨਵੰਬਰ, 2016 ਨੂੰ ਨੋਟਬੰਦੀ ਕਰਨਾ ਜਥੇਬੰਦਕ ਲੁੱਟ ਤੇ ਕਾਨੂੰਨੀ ਡਾਕਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਨੋਟਬੰਦੀ ਦਾ ਜੋ ਮਕਸਦ ਸੀ, ਉਹ ਪੂਰਾ ਨਹੀਂ ਹੋਇਆ ਹੈ। ਕਾਲੇ ਧਨ ਵਾਲੇ ਫੜੇ ਨਹੀਂ ਗਏ ਤੇ ਉਹ ਬਾਹਰ ਭੱਜ ਗਏ। ਜੀਐਸਟੀ ਨੇ ਛੋਟੇ ਕਾਰੋਬਾਰੀਆਂ ਨੂੰ ਮਾਰ ਦਿੱਤਾ। ਉਨ੍ਹਾਂ ਲਈ ਇਹ ਬੁਰੇ ਸੁਫਨੇ ਜਿਹਾ ਹੈ। ਆਮ ਲੋਕਾਂ ਨੂੰ ਇਸ ਲਈ ਬਹੁਤ ਪ੍ਰੇਸ਼ਾਨੀ ਹੋਈ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਅਸੀਂ ਆਪਣੇ ਕਾਰਜਕਾਲ ਵਿਚ 14 ਕਰੋੜ ਲੋਕਾਂ ਨੂੰ ਗਰੀਬੀ ਤੋਂ ਮੁਕਤ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 8 ਨਵੰਬਰ 2016 ਨੂੰ ਨਰਿੰਦਰ ਮੋਦੀ ਨੇ ਨੋਟਬੰਦੀ ਦਾ ਫੈਸਲਾ ਲਿਆ ਸੀ, ਜਿਸ ਨੂੰ ਭਲਕੇ ਇਕ ਸਾਲ ਪੂਰਾ ਹੋ ਰਿਹਾ ਹੈ।