ਰਾਹਤ ਫੰਡ ‘ਚੋਂ 2 ਲੱਖ ਰੁਪਏ ਦੇਣ ਦੀ ਦਿੱਤੀ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਦੀਆਂ ਰਿਪੋਰਟਾਂ ਤੋਂ ਮਸ਼ਹੂਰ ਮੁੱਕੇਬਾਜ਼ ਦੀ ਵਿੱਤੀ ਹਾਲਤ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਤੁਰੰਤ ਰਾਹਤ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੌਰ ਸਿੰਘ ਦੇ ਛੇਤੀਂ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਖਿਡਾਰੀ ਦੀ ਅਜਿਹੀ ਹਾਲਤ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੌਰ ਸਿੰਘ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

