ਕਿਹਾ, ਸੁਖਬੀਰ ਬਾਦਲ ਨੇ ਰੇਸ਼ਮੀ ਰਜ਼ਾਈ ਲੈ ਕੇ ਦਿੱਤਾ ਸੀ ਧਰਨਾ
ਜਲੰਧਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਵਿਚ ਲੋਕਾਂ ਕੋਲੋਂ ‘ਦਿੱਲੀ ਮਾਡਲ’ ਦੇ ਨਾਂ ‘ਤੇ ਵੋਟਾਂ ਮੰਗੀਆਂ। ਭਾਰਗੋ ਕੈਂਪ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਦਿੱਲੀ ਵਿਚ ਆਪ ਦੀ ਸਰਕਾਰ ਦੀਆਂ ਸਿਫਤਾਂ ਗਿਣਾਈਆਂ। ਵਾਰਡ ਨੰਬਰ 36 ਵਿਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਦਿੱਲੀ ਵਿਚ ਸਰਕਾਰੀ ਸਕੂਲਾਂ ਦਾ ਪੱਧਰ ਆਪ ਦੀ ਸਰਕਾਰ ਨੇ ਏਨਾ ਉੱਚਾ ਚੁੱਕ ਦਿੱਤਾ ਹੈ ਕਿ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਹਟਾ ਕੇ ਮਾਪੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਪਹਿਲ ਦੇਣ ਲੱਗ ਪਏ ਹਨ। ઠਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੀ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਚਾਚੇ-ਭਤੀਜੇ ਦੀ ਸਰਕਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਅਸਲ ਮੁੱਦੇ ਚੁੱਲ੍ਹਿਆਂ ਨਾਲ ਜੁੜੇ ਹੁੰਦੇ ਹਨ ਤੇ ਚੰਗੇ ਆਗੂਆਂ ਦੀ ਚੋਣ ਕਰਨ ਨਾਲ ਹੀ ਸੁਧਾਰ ਹੋਵੇਗਾ। ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਾਲਵੇ ਵਿਚ ਉਨ੍ਹਾਂ ਦੇ ਪਾਰਟੀ ਆਗੂਆਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ ਪਰ ਉਨ੍ਹਾਂ ਨੇ ਇਸ ਦਾ ਵਿਰੋਧ ਸਬੰਧਤ ਦਫਤਰਾਂ ਦਾ ਘਿਰਾਓ ਕਰਕੇ ਕੀਤਾ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੇਸ਼ਮੀ ਰਜਾਈ ਲੈ ਕੇ ਹਰੀਕੇ ਪੱਤਣ ਦਾ ਪੁਲ ਰੋਕ ਦਿੱਤਾ। ਇਸੇ ਤਰ੍ਹਾਂ ਅਕਾਲੀ ਦਲ ਨੇ ਹੋਰ ਪੁਲਾਂ ਨੂੰ ਰੋਕ ਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਅੱਗੇ ਧਰਨਾ ਦੇਣਾ ਚਾਹੀਦਾ ਸੀ ਨਾ ਕਿ ਪੁਲਾਂ ਨੂੰ ਰੋਕ ਕੇ ਲੱਖਾਂ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੀਦਾ ਸੀ। ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਹੀ ਅਕਾਲੀ ਦਲ ਦੇ ਆਗੂ ਲੋਕਾਂ ਕੋਲੋਂ ਮੁਆਫੀ ਮੰਗਣ ਲਈ ਮਜਬੂਰ ਹੋ ਗਏ।ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੇ ਜਿਹੜੇ ਉਮੀਦਵਾਰਾਂ ਨੂੰ ਚੋਣਾਂ ਵਿਚ ਉਤਾਰਿਆ ਹੈ ਉਹ ਕੋਈ ਸਿਫਾਰਸ਼ੀ ਜਾਂ ਪੈਸੇ ਦੇ ਕੇ ਨਹੀਂ ਆਏ ਸਗੋਂ ਤੁਹਾਡੇ ਹਲਕਿਆਂ ਵਿਚੋਂ ਹੀ ਹਨ ਜਿਹੜੇ ਲੋਕਾਂ ਦੀ ਨਬਜ਼ ਪਛਾਣਦੇ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …