Breaking News
Home / ਪੰਜਾਬ / ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਦਿਵਸ ਮੌਕੇ ਨਹੀਂ ਹੋਈਆਂ ਸਿਆਸੀ ਕਾਨਫਰੰਸਾਂ

ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਦਿਵਸ ਮੌਕੇ ਨਹੀਂ ਹੋਈਆਂ ਸਿਆਸੀ ਕਾਨਫਰੰਸਾਂ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਜਦਾ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਦੂਜੇ ਦਿਨ ਕੋਈ ਵੀ ਸਿਆਸੀ ਕਾਨਫਰੰਸ ਨਹੀਂ ਹੋਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਵਾਰ ਸਿਆਸੀ ਕਾਨਫਰੰਸਾਂ ‘ਤੇ ਰੋਕ ਕਾਰਨ ਸ਼ਹੀਦੀ ਸਭਾ ਮੌਕੇ ਦੂਸ਼ਣਬਾਜ਼ੀ ਦੀ ਥਾਂ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਸ਼ਰਧਾਲੂ ਵਜੋਂ ਨਤਮਸਤਕ ਹੋਏ ਹਨ। ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੇ 55 ਪਿੰਡਾਂ ‘ਤੇ ਆਧਾਰਤ ਚਨਾਰਥਲ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤਕ ਨਵੇਂ ਸ਼ਾਹਰਾਹ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਭੇਜਿਆ ਗਿਆ ਹੈ। ઠਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ઠਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਗਲ ਹਕੂਮਤ ਦੇ ਜਬਰ ਖ਼ਿਲਾਫ਼ ਦਿੱਤੀ ਇਸ ਅਦੁੱਤੀ ਸ਼ਹਾਦਤ ਦੀ ਦੁਨੀਆਂ ਭਰ ਵਿੱਚ ਹੋਰ ਕਿਧਰੇ ਕੋਈ ਮਿਸਾਲ ਨਹੀਂ ਮਿਲਦੀ ਅਤੇ ਇਹ ਸ਼ਹਾਦਤ ਰਹਿੰਦੀ ਦੁਨੀਆ ਤਕ ਪ੍ਰੇਰਨਾ ਸਰੋਤ ਬਣੀ ਰਹੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫਤਹਿਗੜ੍ਹ ਸਾਹਿਬ ਵਿਖੇ ਸਰਹਿੰਦ ਚੋਅ ਦੇ ਕਿਨਾਰੇ ਪੱਕੇ ਕਰਨ ਲਈ 5.71 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਪ੍ਰਕਿਰਿਆ ਨੂੰ ਅਮਲ ਵਿਚ ਲਿਆਉਣ ਬਾਰੇ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਮਸਲੇ ਨੂੰ ਵੀ ਹੱਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਖੇਤਰ ਵਿਚ ਇਤਿਹਾਸਕ ਥਾਵਾਂ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਯੋਜਨਾ ਵੀ ਤਿਆਰ ਕੀਤੀ ਹੈ, ਜਿਸ ਅਧੀਨ ਫ਼ਤਹਿਗੜ੍ਹ ਸਾਹਿਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ઠਅਤੇ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਓ ਦਿੱਤਾ। ਮੁੱਖ ਮੰਤਰੀ ਨੇ ਇਸ ਬਾਅਦ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …