ਵਾਸ਼ਿੰਗਟਨ/ਬਿਊਰੋ ਨਿਊਜ਼
ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਹਿੰਮਤ ਸਿੰਘ ਨੇ ਦੱਸਿਆ ਕਿ ਇਸ ਸਾਂਝੇ ਫ਼ੈਸਲੇ ਤਹਿਤ ਅਮਰੀਕਾ ਦੇ 96 ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਗਰ ਕੀਰਤਨ ਜਾਂ ਸਮਾਜਿਕ ਤੇ ਧਾਰਮਿਕ ਸਮਾਗਮਾਂ ਵਿੱਚ ਵੀ ਹਿੱਸਾ ਲੈਣ ਤੋਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਇਹ ਫੈਸਲਾ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਆਰਐਸਐਸ ਦੇ ਹਿੰਦੂਤਵੀ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਫੈਸਲਾ ਲਾਗੂ ਕਰ ਦਿੱਤਾ ਗਿਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਇੰਗਲੈਂਡ ਦੇ ਗੁਰਦੁਆਰਿਆਂ ਵਿੱਚ ਭਾਰਤੀ ਕੂਟਨੀਤਕਾਂ ਦੇ ਦਾਖਲੇ ‘ਤੇ ਰੋਕ ਲਾਈ ਗਈ ਸੀ, ਜਿਸ ਦਾ ਭਾਰਤੀ ਹਾਈ ਕਮਿਸ਼ਨ ਨੇ ਵਿਰੋਧ ਵੀ ਕੀਤਾ ਸੀ। ਭਾਰਤੀ ਅਧਿਕਾਰੀਆਂ ਨੇ ਸਾਊਥ ਹਾਲ ਸਥਿਤ ਗੁਰਦੁਆਰੇ ਦਾ ਦੌਰਾ ਕਰਕੇ ਸਿੱਖ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਨੇਡਾ ਦੇ ਓਨਟਾਰੀਓ ਸੂਬੇ ਦੇ 15 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਸਾਂਝੇ ਤੌਰ ‘ਤੇ ਫੈਸਲਾ ਲੈ ਕੇ ਗੁਰਦੁਆਰਿਆਂ ਨਾਲ ਸਬੰਧਤ ਪ੍ਰੋਗਰਾਮਾਂ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਰੋਕ ਲਗਾਈ ਸੀ।
ਅਜਿਹਾ ਫੈਸਲਾ ਸਿੱਖੀ ਸਿਧਾਂਤਾਂ ਦੇ ਉਲਟ : ਕੈਪਟਨ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਵੇਂ ਸਿੱਖ ਹੈ ਜਾਂ ਨਹੀਂ ਹੈ, ਗੁਰੂ ਘਰ ਵਿੱਚ ਨਤਮਸਤਕ ਹੋਣ ਜਾਂ ਲੰਗਰ ਪ੍ਰਸਾਦ ਛਕਣ ਲਈ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ।
Home / ਹਫ਼ਤਾਵਾਰੀ ਫੇਰੀ / ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਬੋਲਣ ਅਤੇ ਦਖਲ ਦੇਣ ‘ਤੇ ਰੋਕ
Check Also
ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …