Breaking News
Home / ਪੰਜਾਬ / ਕੈਪਟਨ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ

ਕੈਪਟਨ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ

ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਤਕਰੀਬਨ 47 ਹਜ਼ਾਰ ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ। ਸਮਾਗਮ ਵਿੱਚ ਮੁੱਖ ਮੰਤਰੀ ਨੇ ਸੰਕੇਤਕ ਤੌਰ ‘ਤੇ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ।
ਇਸ ਮੌਕੇ ਕੀਤੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ 47 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਪਹੁੰਚ ਗਿਆ ਹੈ। ਪੰਜਾਬ ਸਰਕਾਰ ਛੇਤੀ ਹੀ ਅਜਿਹੇ ਹੋਰ ਸਮਾਗਮ ਕਰੇਗੀ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦਾ ਵੀ ਉਪਰਾਲਾ ਕਰੇਗੀ ਅਤੇ ਵੱਡਿਆਂ ਦੀ ਥਾਂ ਛੋਟੇ ਅਤੇ ਲੋੜਵੰਦ ਕਿਸਾਨਾਂ ਦੇ ਸਹਿਕਾਰੀ ਅਦਾਰਿਆਂ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ ਵੀ ਆਰਥਿਕ ਹਾਲਤ ਠੀਕ ਹੋਣ ਤੋਂ ਬਾਅਦ ਮੁਆਫ਼ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੀ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਮ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ ਅਤੇ ਪਹਿਲੇ ਪੜਾਅ ਦੌਰਾਨ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ, ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ਵਿਚੋਂ ਬਾਹਰ ਰਹਿ ਗਏ ਹਨ। ਇਸ ਦਾ ਵੀ ਹੱਲ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਸਬੰਧਤ ਐਸ.ਡੀ.ਐਮ. ਜਾਂ ਡੀ.ਸੀ. ਕੋਲ ਪਹੁੰਚ ਕਰ ਸਕਦੇ ਹਨ। ઠਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਮਾੜੀ ਸਿਆਸਤ ਖੇਡਦੇ ਰਹੇ ਹਨ ਜਦੋਂ ਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸੰਜੀਦਗੀ ਨੂੰ ਪ੍ਰਗਟਾਇਆ ਹੈ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ। ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਅਮਰਿੰਦਰ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਧੰਨਵਾਦ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂੰ ਮੁੜ ਪੈਰਾਂ ‘ਤੇ ਲਿਆਉਣ ਲਈ ਯਤਨ ਕਰ ਰਹੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …