ਮਾਨਸਾ : ਕੈਪਟਨ ਸਰਕਾਰ ਵਲੋਂ ਢਾਈ ਏਕੜ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਕਵਾਇਦ ਸ਼ੁਰੂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਿਚ ਹੀ ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਇਸ ਮੌਕੇ ਘੇਰਿਆ ਗਿਆ। ‘ਆਪ’ ਆਗੂਆਂ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਤੇ ਸਿਰਫ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ ਹੀ ਮੁਆਫ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲਿਸਟਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਵਿਚ ਕਈ ਤਰ੍ਹਾਂ ਦੀਆਂ ਧਾਂਦਲੀਆਂ ਕੀਤੀਆਂ ਗਈਆਂ ਹਨ।ઠਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਤੇ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਜਨਤਾ ਨਾਲ ਫਰੇਬ ਕਰ ਰਹੀ ਹੈ, ਜਿਸ ਦਾ ਉਹ ਵਿਰੋਧ ਕਰ ਰਹੇ ਹਨ। ਹੱਥਾਂ ਵਿਚ ਤਖਤੀਆਂ ਲੈ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਸ਼ਬਦਾਂ ਵਿਚ ਨਾਅਰੇਬਾਜ਼ੀ ਕਰਦਿਆਂ ‘ਆਪ’ ਆਗੂ ਕਾਂਗਰਸੀਆਂ ਨੂੰ ਘੇਰਨ ਜਾ ਰਹੇ ਸਨ ਕਿ ਸੁੱਰਖਿਆ ਵਿਵਸਥਾ ਨੂੰ ਧਿਆਨ ਵਿਚ ਰਖਦੇ ਹੋਏ ਖਹਿਰਾ ਤੇ ਅਮਨ ਅਰੋੜਾ ਨੂੰ ਵਰਕਰਾਂ ਸਮੇਤ ਪੁਲਿਸ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ ਹੈ।
ਖੇਤ ਮਜ਼ਦੂਰਾਂ ਨੇ ਕੈਪਟਨ ਸਰਕਾਰ ਖਿਲਾਫ ਚੁੱਕਿਆ ਝੰਡਾ
ਬਠਿੰਡਾ : ਸੂਬਾ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਯੋਜਨਾ ਵਿੱਚ ਸ਼ਾਮਲ ਨਾ ਕੀਤੇ ਜਾਣ ਦੇ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਮਜ਼ਦੂਰਾਂ ਵੱਲੋਂ ਵੱਡਾ ਇਕੱਠ ਕਰਕੇ ਪਾਵਰ ਹਾਊਸ ਰੋਡ ਉੱਤੇ ‘ਕਰਜ਼ਾ-ਮੁਕਤੀ ਜ਼ਮੀਨ ਰੈਲੀ’ ਦੇ ਬੈਨਰ ਹੇਠ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਦਿਨ ਭਰ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਕਾਫ਼ਲਿਆਂ ਦੇ ਰੂਪ ਵਿੱਚ ਵੱਡੀ ਗਿਣਤੀ ਖੇਤ ਮਜ਼ਦੂਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਵਿੱਚ ਸ਼ਾਮਲ ਹੋਏ। ਇਸ ਰੈਲੀ ਵਿੱਚ ਮਜ਼ਦੂਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਵਰਕਰ ਤੇ ਵੱਡੀ ਗਿਣਤੀ ਖੇਤ ਮਜ਼ਦੂਰ ਔਰਤਾਂ ਨੇ ਸ਼ਾਮਲ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਆਪਣੇ ਹੱਥਾਂ ਵਿੱਚ ਮਜ਼ਦੂਰਾਂ ਦੇ ਹੱਕ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ। ਪੁਲਿਸ ਤੇ ਪ੍ਰਸ਼ਾਸਨ ਵੱਲੋਂ ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਸੀ। ਰੈਲੀ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਸੂਬਾ ਖ਼ਜ਼ਾਨਚੀ ਹਰਮੇਸ਼ ਮਾਲੜੀ ਤੇ ਬਲਵੰਤ ਸਿੰਘ ਬਾਘਾਪੁਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤ ਮਜ਼ਦੂਰ ਵੀ ਕਿਸਾਨਾਂ ਵਾਂਗ ਕਰਜ਼ੇ ਤੇ ਆਰਥਿਕ ਤੰਗੀਆਂ ਕਾਰਨ ਆਏ ਦਿਨ ਖ਼ੁਦਕੁਸ਼ੀਆਂ ਕਰ ਰਹੇ ਹਨ, ਪਰ ਕਾਂਗਰਸ ਸਰਕਾਰ ਨੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਨਾ ਕਰਕੇ ਉਨ੍ਹਾਂ ਨਾਲ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਤੇ ਸੂਬਾਈ ਹਕੂਮਤਾਂ ਦੀਆਂ ਸਾਮਰਾਜ ਤੇ ਜਾਗੀਰਦਾਰੀ ਪੱਖੀ ਨੀਤੀਆਂ ਕਾਰਨ ਹੀ ਖੇਤ ਮਜ਼ਦੂਰਾਂ ਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਾ ਕੇ ਖ਼ੁਦਕੁਸ਼ੀਆਂ ਦੇ ਮੂੰਹ ਵਿੱਚ ਧੱਕ ਦਿੱਤਾ ਗਿਆ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …