ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪਾਣੀਆਂ ਦੇ ਸਮਝੌਤੇ ਵਿਚ ਸੂਬੇ ਨਾਲ ਲਗਾਤਾਰ ਹੋਏ ਧੱਕਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਜਸਥਾਨ, ਹਰਿਆਣਾ ਅਤੇ ਕਿਸੇ ਵੀ ਹੋਰ ਸੂਬੇ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਵੀ ਹੱਕ ਨਹੀਂ ਹੈ।
ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸੰਗਤ ਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਕਾਂਗਰਸ ਸਰਕਾਰਾਂ ਨੇ ਸੂਬੇ ਨਾਲ ਵੱਡਾ ਧੱਕਾ ਕੀਤਾ ਹੈ ਜਿਸ ਕਾਰਨ ਪਾਣੀਆਂ ਦੇ ਸਮਝੌਤਿਆਂ ਵਿਚ ਸੂਬੇ ਨੂੰ ਉਸਦੇ ਬਣਦੇ ਹੱਕ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ, ਰਾਜਸਥਾਨ ਅਤੇ ਹਰਿਆਣਾ ਸਮੇਤ ਕਿਸੇ ਵੀ ਸੂਬੇ ਨੂੰ ਪਾਣੀ ਨਾ ਦਿੰਦਾ ਹੁੰਦਾ ਤਾਂ ਸੂਬੇ ਵਿਚ ਪਾਣੀ ਦੇ ਡਿਗ ਰਹੇ ਪੱਧਰ ਦੀ ਕੋਈ ਵੀ ਸਮੱਸਿਆ ਨਹੀਂ ਆਉਣੀ ਸੀ।
ਸੂਬੇ ਦੇ ਪਾਣੀਆਂ ਵਿਚ ਬਣਦੇ ਹਿੱਸੇ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਫਾਲਤੂ ਨਹੀਂ ਹੈ।

