Breaking News
Home / ਪੰਜਾਬ / ਐਸਜੀਪੀਸੀ ਨੇ ਚੱਢਾ ਖ਼ਿਲਾਫ਼ ਕੀਤੀ ਸਖਤ ਕਾਰਵਾਈ ਦੀ ਸਿਫਾਰਸ਼

ਐਸਜੀਪੀਸੀ ਨੇ ਚੱਢਾ ਖ਼ਿਲਾਫ਼ ਕੀਤੀ ਸਖਤ ਕਾਰਵਾਈ ਦੀ ਸਿਫਾਰਸ਼

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਛੇ ਫ਼ੀਸਦੀ ਮਹਿੰਗਾਈ ਭੱਤਾ ਦੇਣ ਅਤੇ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤੱਕ ਪਹੁੰਚ ਕਰਨ ਦਾ ਵੀ ਫ਼ੈਸਲਾ ਕੀਤਾ।
ਇੱਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਿਵੇਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਪਰਾਈ ਨਾਰੀ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਸੀ, ਉਸੇ ਤਰ੍ਹਾਂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਲੱਗੇ ਦੋਸ਼ਾਂ ‘ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ, ਜਿਸ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਕਿਰਦਾਰ ਨੂੰ ਢਾਹ ਲਾਉਣ ਵਾਲੇ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਿੱਖ ਕਿਰਦਾਰ ਨੂੰ ਪਹਿਲਾਂ ਵਾਂਗ ਸਿਖਰ ‘ਤੇ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਵਿਦੇਸ਼ਾਂ ਵਿੱਚ ਸਿੱਖ ਗੁਰਦੁਆਰਾ ਕਮੇਟੀਆਂ ਵੱਲੋਂ ਭਾਰਤੀ ਅਧਿਕਾਰੀਆਂ ਦੀ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲਅੰਦਾਜ਼ੀ ‘ਤੇ ਲਾਈ ਰੋਕ ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਸਰਕਾਰ ਨੂੰ ਸਿੱਖਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਮਸਲਿਆਂ ਦੇ ਹੱਲ ਲਈ ਜਲਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …