Breaking News
Home / ਪੰਜਾਬ / ਟਾਈਟਲਰ ਨੂੰ ਮਿਲੇ ਸਖਤ ਸਜ਼ਾ : ਗੋਬਿੰਦ ਸਿੰਘ ਲੌਂਗੋਵਾਲ

ਟਾਈਟਲਰ ਨੂੰ ਮਿਲੇ ਸਖਤ ਸਜ਼ਾ : ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਜਗਦੀਸ਼ ਟਾਈਟਲਰ ਦੇ ਆਏ ਇੱਕ ਬਿਆਨ ਕਿ ਸਿੱਖ ਕਤਲੇਆਮ ਸਮੇਂ ਉਸ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ, ਤੋਂ ਬਾਅਦ ਹੁਣ ਉਸ ਦੀ ਇੱਕ ਵੀਡਿਓ ਵਾਇਰਲ ਹੋਈ ਹੈ। ਜਿਸ ਵਿੱਚ ਉਸ ਵੱਲੋਂ ਸੌ ਸਿੱਖਾਂ ਦਾ ਕਤਲ ਕਰਾਉਣ ਦਾ ਇੰਕਸ਼ਾਫ ਕੀਤਾ ਗਿਆ ਹੈ। ਇਸ ਇੰਕਸ਼ਾਫ ਦੇ ਆਧਾਰ ‘ਤੇ ਉਸ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਕਾਂਗਰਸੀ ਆਗੂ ਖੁਦ ਕਬੂਲ ਕਰ ਰਿਹਾ ਹੈ ਕਿ ਉਸ ਨੇ ਸੌ ਸਿੱਖਾਂ ਦਾ ਕਤਲ ਕਰਾਇਆ ਹੈ ਤਾਂ ਇਸ ਮਾਮਲੇ ਵਿੱਚ ਜਾਂਚ ਜਾਂ ਹੋਰ ਗਵਾਹਾਂ ਦੀ ਲੋੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਨੂੰ ਉਸ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀ ਮੰਨਦਿਆਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦਾ ਦੁਖਦ ਪਹਿਲੂ ਇਹ ਹੈ ਕਿ 34 ਸਾਲ ਲੰਘਣ ਤੋਂ ਬਾਅਦ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਅਤੇ ਕਤਲੇਆਮ ਪੀੜਤ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਸਿੱਖਾਂ ਦੇ ਕਤਲੇਆਮ ਕਰਨ ਵਾਲਿਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਹੈ। ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਐਚ.ਕੇ.ਐਲ. ਭਗਤ ਵਰਗੇ ਵਿਅਕਤੀਆਂ ਵਿਰੁੱਧ ਅੱਜ ਤੱਕ ਕਾਂਗਰਸ ਵਲੋਂ ਕੋਈ ਕਾਰਵਾਈ ਨਹੀਂ ਹੋਈ, ਸਗੋਂ ਇਨ੍ਹਾਂ ਨੂੰ ਪਾਰਟੀ ਵਿਚ ਉਚ ਅਹੁਦੇ ਦਿੱਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਝੂਠ ਤੋਂ ਪਰਦਾ ਉੱਠ ਗਿਆ ਹੈ ਤੇ ਸੱਚ ਸਾਹਮਣੇ ਆ ਗਿਆ ਹੈ। ਇਸ ਲਈ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਤਾਂ ਜੋ ਪੀੜਤਾਂ ਦੇ ਹਿਰਦੇ ਸ਼ਾਂਤ ਹੋ ਸਕਣ।
ਟਾਈਟਲਰ ਨੂੰ ਕਲੀਨ ਚਿੱਟ ਦੇਣ ਵਾਲਾ ਕੈਪਟਨ ਅਮਰਿੰਦਰ ਮੰਗੇ ਮੁਆਫੀ: ਖਹਿਰਾ
ਜਗਦੀਸ਼ ਸਿੰਘ ਟਾਈਟਲਰ ਦੀ ਸਟਿੰਗ ਵੀਡੀਓ ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਉਨ੍ਹਾਂ ਦੇ ਸਟਿੰਗ ਤੋਂ ਇਹ ਸਾਬਤ ਹੁੰਦਾ ਹੈ ਕਿ ਸਿੱਖ ਕਤਲੇਆਮ ਵਿਚ ਕਾਂਗਰਸ ਸਰਕਾਰ ਦਾ ਵੱਡਾ ਹੱਥ ਰਿਹਾ ਹੈ। ਉਨ੍ਹਾਂ ਕਿਹਾ ਅੱਜ ਤੱਕ ਕਾਂਗਰਸ ਸਰਕਾਰ ਜਗਦੀਸ਼ ਟਾਈਟਲਰ ਨੂੰ ਬਚਾਉਂਦੀ ਆਈ ਹੈ ਇਸ ਵੀਡੀਓ ਵਿੱਚ ਜਗਦੀਸ਼ ਟਾਈਟਲਰ ਸਰੇਆਮ ਦੱਸ ਰਿਹਾ ਹੈ ਕਿ ਉਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਅਤੇ ਇਸ ਖੁਲਾਸੇ ਤੋਂ ਬਾਅਦ ਕਾਂਗਰਸ ਸਰਕਾਰ ਨੂੰ ਜਗਦੀਸ਼ ਟਾਈਟਲਰ ਨੂੰ ਪਾਰਟੀ ਤੋਂ ਕੱਢ ਦੇਣਾ ਚਾਹੀਦਾ ਹੈ ਅਤੇ ਸਮੁੱਚੀ ਸਿੱਖ ਕੌਮ ਤੋਂ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਗਦੀਸ਼ ਟਾਈਟਲਰ ਨੂੰ ਸ਼ੁਰੂ ਤੋਂ ਹੀ ਕਲੀਨ ਚਿਟ ਦਿੰਦੇ ਆਏ ਹਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਕੈਪਟਨ ਨੂੰ ਪੂਰੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਜਗਦੀਸ਼ ਟਾਈਟਲਰ ਉੱਤੇ ਕਾਰਵਾਈ ਕਰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …