ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਸਾਬਕਾ ਇੰਚਾਰਜ ਗਿਆਨੀ ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਮਾਸਟਰ ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਇੱਥੇ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸੰਗਤ ਨੂੰ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ ਅਤੇ ਇੱਥੇ ਸੁਸ਼ੋਭਿਤ ਤਸਵੀਰਾਂ ਵਰਤਮਾਨ ਪੀੜ੍ਹੀ ਨੂੰ ਪ੍ਰੇਰਣਾ ਦਿੰਦੀਆਂ ਹਨ।
ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿੱਖ ਕੌਮ ਦੇ ਗੁਰੂ ਸਾਹਿਬਾਨ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਦਾ ਇਤਿਹਾਸ ਸੰਭਾਲਿਆ ਹੋਇਆ ਹੈ। ਉਨ੍ਹਾਂ ਗਿਆਨੀ ਮੱਲ ਸਿੰਘ, ਗਿਆਨੀ ਬਾਦਲ ਸਿੰਘ ਅਤੇ ਮਾਸਟਰ ਗੁਰਦਿੱਤ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਮੌਕੇ ਆਪਣੇ ਬੱਚਿਆਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਜ਼ਰੂਰ ਲਿਆਉਣ।
Check Also
ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ
ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ …