ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਖਤਮ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਟੀਐਮਸੀ ਪਾਰਟੀ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤ੍ਰਿਣਮੂਲ ਕਾਂਗਰਸ ਦੇ ਧਰਨੇ ਨੂੰ ਸਮਰਥਨ ਦੇਣ ਲਈ ਪਹੁੰਚੇ, ਪਰ ਜਦੋਂ ਹੀ ਕਾਂਗਰਸੀ ਸੰਸਦ ਮੈਂਬਰ ਧਰਨੇ ਤੋਂ ਉੱਠ ਕੇ ਗਏ ਤਾਂ ਪੰਜਾਬ ਪੁਲਿਸ ਨੇ ਧਰਨਾਕਾਰੀਆਂ ਦੇ ਤੰਬੂ ਪੁੱਟ ਦਿੱਤੇ। ਇਸ ਮੌਕੇ ਪ੍ਰਦਰਸ਼ਨਕਾਰੀ ਔਰਤਾਂ ਨੇ ਪੁਲਿਸ ‘ਤੇ ਬਦਸਲੂਕੀ ਕਰਨ ਦੇ ਇਲਜ਼ਾਮ ਵੀ ਲਗਾਏ। ਪੁਲਿਸ ਅਫ਼ਸਰਾਂ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਵੱਲੋਂ ਨਿਯਮਤ ਥਾਂ ਧਰਨੇ ਲਈ ਮੁਹੱਈਆ ਕਰਵਾਈ ਗਈ ਹੈ। ਇਸੇ ਕਾਰਨ ਹੀ ਇਹ ਕਾਰਵਾਈ ਅੰਜਾਮ ਵਿਚ ਲਿਆਂਦੀ ਗਈ ਹੈ। ਟੀਐਮਸੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਜੇਕਰ ਧਰਨਾ ਸੱਚਮੁੱਚ ਹੀ ਗ਼ੈਰ-ਕਾਨੂੰਨੀ ਸੀ ਤਾਂ ਤਿੰਨ ਦਿਨ ਪਹਿਲਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਲੰਗਰ ਤੋਂ ਜੀਐਸਟੀ ਖਤਮ ਕਰੇ ਪਰ ਉਨ੍ਹਾਂ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਸੀ ਕਿ ਪੰਜਾਬ ਸਰਕਾਰ ਆਪਣਾ ਹਿੱਸਾ ਕਿਉਂ ਨਹੀਂ ਛੱਡ ਦਿੰਦੀ। ਔਜਲਾ ਵੱਲੋਂ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਸਿਆਸੀ ਮੈਦਾਨ ਜ਼ਰੂਰ ਭਖ ਸਕਦਾ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …