ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਗਈ ਬਿਆਨਬਾਜ਼ੀ ‘ਤੇ ਮੋੜਵਾਂ ਵਾਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਮੋਦੀ ਮਨਘੜਤ ਬਿਆਨ ਦੇ ਕੇ ਉਨ੍ਹਾਂ ਅਤੇ ਕਾਂਗਰਸ ਦਰਮਿਆਨ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੂਰੀ ਜਾਂ ਮਤਭੇਦ ਪੈਦਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਖੋਖਲਾ ਵਾਰ ਕੀਤਾ ਹੈ। ਮੁੱਖ ਮੰਤਰੀ ਨੇ ਮੋਦੀ ਕੋਲੋਂ ਪੁੱਛਿਆ ਕਿ ਉਨ੍ਹਾਂ ਦੀ ਜਾਣਕਾਰੀ ਦਾ ਵਸੀਲਾ ਕੀ ਹੈ? ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੁਝ ਵੀ ਪਤਾ ਜਾਂ ਯਾਦ ਨਹੀਂ ਕਿ ਉਨ੍ਹਾਂ ਕਦੀ ਪ੍ਰਧਾਨ ਮੰਤਰੀ ਕੋਲ ਕਾਂਗਰਸ ਹਾਈਕਮਾਨ ਬਾਰੇ ਕੋਈ ਸ਼ਿਕਾਇਤ ਕੀਤੀ ਹੋਵੇ। ਇਹ ਸਿਰਫ ਸਿਆਸੀ ਤੀਰ ਹਨ, ਜੋ ਸੱਚਾਈ ਤੋਂ ਕਾਫੀ ਦੂਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਮੋਦੀ ਨੂੰ ਝੂਠਾ ਬਿਆਨ ਦੇਣ ਲਈ ਕਿਹੜੇ ਹਾਲਾਤ ਨੇ ਮਜਬੂਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਂ ਕਾਂਗਰਸ ਹਾਈਕਮਾਨ ਨੂੰ ਪ੍ਰਧਾਨ ਮੰਤਰੀ ਕੋਲੋਂ ਆਪਣੇ ਅੰਦਰੂਨੀ ਸਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਲਾਹ ਲੈਣ ਦੀ ਲੋੜ ਨਹੀਂ। ਕੈਪਟਨ ਨੇ ਕਿਹਾ ਕਿ ਉਹ ਆਪਣਾ ਕੰਮ ਕਰਨਾ ਖੁਦ ਜਾਣਦੇ ਹਨ ਤੇ ਉਨ੍ਹਾਂ ਨੂੰ ਇਹ ਪਤਾ ਹੈ ਕਿ ਆਪਣੇ ਸੂਬੇ ਨੂੰ ਕਿਵੇਂ ਚਲਾਉਣਾ ਹੈ ਤੇ ਪਾਰਟੀ ਹਾਈਕਮਾਨ ਦੇ ਨਾਲ ਕਿਹੋ ਜਿਹੇ ਸਬੰਧ ਰੱਖਣੇ ਹਨ। ਕੈਪਟਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਲੀਡਰਸ਼ਿਪ ਵਿਚ ਕਾਂਗਰਸ ਹਾਈਕਮਾਨ ਦਾ ਪੂਰਾ ਭਰੋਸਾ ਹੈ ਤੇ ਹਾਈਕਮਾਨ ਨੇ ਉਨ੍ਹਾਂ ਨੂੰ ਪੰਜਾਬ ਨੂੰ ਆਰਥਿਕ ਸੰਕਟ ‘ਚੋਂ ਬਾਹਰ ਕੱਢਣ ਲਈ ਪੂਰੀ ਛੋਟ ਦਿੱਤੀ ਹੈ। ਇਹ ਆਰਥਿਕ ਸੰਕਟ ਭਾਜਪਾ ਦੀ ਦੇਣ ਹੈ ਜੋ ਸਾਬਕਾ ਅਕਾਲੀ ਦਲ ਸਰਕਾਰ ਦੀ ਸਹਿਯੋਗੀ ਪਾਰਟੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …