-0.2 C
Toronto
Monday, January 12, 2026
spot_img
Homeਪੰਜਾਬਸ਼੍ਰੋਮਣੀ ਕਮੇਟੀ 'ਚ ਹੋਈਆਂ ਗਲਤ ਨਿਯੁਕਤੀਆਂ ਹੋਣਗੀਆਂ ਰੱਦ

ਸ਼੍ਰੋਮਣੀ ਕਮੇਟੀ ‘ਚ ਹੋਈਆਂ ਗਲਤ ਨਿਯੁਕਤੀਆਂ ਹੋਣਗੀਆਂ ਰੱਦ

ਐਸਜੀਪੀਸੀ ਦਾ ਬਜਟ ਇਜਲਾਸ 30 ਮਾਰਚ ਨੂੰ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਪਿਛਲੇ ਸਾਲ ਸ਼੍ਰੋਮਣੀ ਕਮੇਟੀ ਵਿਚ ਹੋਈਆਂ ਨਿਯੁਕਤੀਆਂ ਸਬੰਧੀ ਬਣਾਈ ਸਬ ਕਮੇਟੀ ਦੀ ਰਿਪੋਰਟ ਵੀ ਪ੍ਰਵਾਨ ਕਰ ਲਈ ਗਈ। ਇਸ ਤਰ੍ਹਾਂ 523 ਮੁਲਾਜ਼ਮਾਂ ਦੀ ਛਾਂਟੀ ਹੋ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਤਰਸ ਦੇ ਆਧਾਰ ‘ਤੇ ਰੱਖੇ ਗਏ ਮੁਲਾਜ਼ਮਾਂ ਦੀ ਛਾਂਟੀ ਨਹੀਂ ਹੋਵੇਗੀ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਇਕੱਤਰਤਾ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਕਰਦਿਆਂ ਉਨ੍ਹਾਂ ਨੂੰ ਮੂਲ ਮੰਤਰ ਅਤੇ ਗੁਰਮੰਤਰ ਦੇ ਪਾਠ ਕਰਕੇ ਸ਼ਰਧਾਂਜਲੀ ਦਿੱਤੀ ਗਈ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਗਲਤ ਨਿਯੁਕਤੀਆਂ ਰੱਦ ਹੋਣਗੀਆਂ। ਅੰਤ੍ਰਿੰਗ ਕਮੇਟੀ ਨੇ ਇਕ ਹੋਰ ਅਹਿਮ ਫ਼ੈਸਲਾ ਕਰਦਿਆਂ ਧਰਮ ਪ੍ਰਚਾਰ ਲਹਿਰ ਤਹਿਤ ਸੇਵਾ ਨਿਭਾ ਰਹੇ ਪ੍ਰਚਾਰਕਾਂ, ਢਾਡੀ-ਕਵੀਸ਼ਰਾਂ ਨੂੰ ਤੇਲ ਖ਼ਰਚ ਵਜੋਂ 1000 ਰੁਪਏ ਮਹੀਨਾ ਵਿਸ਼ੇਸ਼ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਪ੍ਰਾਪਤ ਕਰਨ ਵਾਲੀ ਤਰਨਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਜਾਵੇਗਾ। ਅੰਡਰ-19 ਕ੍ਰਿਕਟ ਵਿਸ਼ਵ ਕੱਪ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਰਸ਼ਦੀਪ ਸਿੰਘ ਨੂੰ ਵੀ 1 ਲੱਖ 25 ਹਜ਼ਾਰ ਰੁਪਏ ਦਾ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮਨੀਕਰਨ ਸਾਹਿਬ ਦੀ ਯਾਤਰਾ ‘ਤੇ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ 8 ਨੌਜਵਾਨਾਂ ਦੀ ਹਾਦਸੇ ਦੌਰਾਨ ਹੋਈ ਮੌਤ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

RELATED ARTICLES
POPULAR POSTS