Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ‘ਚ ਰਾਜ ਕਾਂਗਰਸ ਦਾ ਚੜ੍ਹਾਈ ਬਾਦਲਾਂ ਦੀ

ਪੰਜਾਬ ‘ਚ ਰਾਜ ਕਾਂਗਰਸ ਦਾ ਚੜ੍ਹਾਈ ਬਾਦਲਾਂ ਦੀ

ਸਿੱਧੂ, ਬਾਜਵਾ ਤੇ ਮਨਪ੍ਰੀਤ ਨੇ ਮੰਤਰੀ ਮੰਡਲ ਦੀ ਮੀਟਿੰਗ ‘ਚ ਚੁੱਕਿਆ ਮੁੱਦਾ, ਕੈਪਟਨ ਨੇ ਧਾਰੀ ਰੱਖੀ ਚੁੱਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਸੱਤਾ ਤਬਦੀਲੀ ਦੇ ਕਰੀਬ ਇੱਕ ਸਾਲ ਬਾਅਦ ਵੀ ਸੂਬੇ ਵਿੱਚ ‘ਬਾਦਲਾਂ’ ਦੀ ਪੂਰੀ ਚੜ੍ਹਾਈ ਨੇ ਕਪਤਾਨੀ ਵਜ਼ਾਰਤ ਵਿੱਚ ਹਲਚਲ ਪੈਦਾ ਕੀਤੀ ਹੋਈ ਹੈ। ਇਸ ਦਾ ਅਸਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿਖਾਈ ਦਿੱਤਾ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਤਿੰਨ ਸੀਨੀਅਰ ਮੰਤਰੀਆਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਬਾਦਲ ਪਰਿਵਾਰ ਦੇ ਵਪਾਰ ਵਿਚ ਹੀ ਵਾਧਾ ਨਹੀਂ ਹੋਇਆ ਸਗੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ‘ਤੇ ਵੀ ਬਾਦਲਾਂ ਸਮੇਤ ਹੋਰਨਾਂ ਅਕਾਲੀਆਂ ਦੀ ਪਕੜ ਮਜ਼ਬੂਤ ਬਣੀ ਹੋਈ ਹੈ। ਇਸ ਦਾ ਖਮਿਆਜ਼ਾ ਹਾਕਮ ਧਿਰ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪੈ ਸਕਦਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਦੀ ਚੜ੍ਹਤ ਬਾਰੇ ਗੱਲ ਬੱਸਾਂ ਦੇ ਮਾਮਲੇ ਤੋਂ ਸ਼ੁਰੂ ਕੀਤੀ ਤੇ ਵਿੱਤ ਮੰਤਰੀ ਨੇ ਇੱਥੋਂ ਤੱਕ ਆਖ ਦਿੱਤਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮਹਿਜ਼ ਲੰਬੀ ਵਿਧਾਨ ਸਭਾ ਹਲਕੇ ਤੋਂ ਹੀ ਅਕਾਲੀ ਦਲ ਦੇ ਉਮੀਦਵਾਰ ਦੀ ਲੀਡ 70 ਹਜ਼ਾਰ ਵੋਟਾਂ ਤੱਕ ਹੋ ਸਕਦੀ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਵਿੱਤ ਮੰਤਰੀ ਦੀ ਹਾਂ ਵਿੱਚ ਹਾਂ ਮਿਲਾਈ ਤੇ ਨਿਰਮਲ ਸਿੰਘ ਕਾਹਲੋਂ ਦੀ ਚੜ੍ਹਤ ਦਾ ਮਾਮਲਾ ਵਜ਼ਾਰਤ ਦੇ ਸਾਹਮਣੇ ਰੱਖਿਆ।
ਸੂਤਰਾਂ ਦਾ ਦੱਸਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਵਜ਼ਾਰਤੀ ਏਜੰਡਾ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਤੋਂ ਖਾਸ ਗੱਲ ਕਰਨ ਦੀ ਇਜਾਜ਼ਤ ਮੰਗੀ, ਜਿਸ ਨੂੰ ਕੈਪਟਨ ਨੇ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਲੁਧਿਆਣਾ ਵਿਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਾਦਲਾਂ ਦੀਆਂ ਬੱਸਾਂ ਦਾ ਬੋਲਬਾਲਾ ਹੋਣ ਤੇ ਸਰਕਾਰੀ ਕੰਟਰੋਲ ਵਾਲੀਆਂ ਬੱਸਾਂ ਨੁੱਕਰੇ ਲਾਉਣ ਦਾ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਜਾਗਰ ਕੀਤਾ ਹੈ, ਉਸ ਨੇ ਸਰਕਾਰ ਦੇ ਵੱਕਾਰ ਨੂੰ ਸੱਟ ਮਾਰੀ ਹੈ। ਸਿੱਧੂ ਨੇ ਕਿਹਾ ਕਿ ਟਰਾਂਸਪੋਰਟ ਦੇ ਮਾਮਲੇ ‘ਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਵਫ਼ਾ ਨਹੀਂ ਹੋ ਸਕੇ। ਸਿੱਧੂ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਰੇ ਖੇਤਰ ਵਿੱਚ ਬਾਦਲਾਂ ਦੀ ਤੂਤੀ ਬੋਲਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਿੰਡ ਵਿੱਚ ਮੁਕਤਸਰ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਦੋਵੇਂ ਬਾਦਲਾਂ ਦੇ ਸੱਤਾ ਵਿਚ ਹੋਣ ਸਮੇਂ ਵਾਲਾ ਹੀ ਪ੍ਰਭਾਵ ਮੰਨਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੱਗੇ ਪਿੱਛੇ ਪੁਲਿਸ ਦੀਆਂ ਜਿਪਸੀਆਂ ਦੌੜਦੀਆਂ ਹਨ ਤੇ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੇ ਹਨ।
ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਨੂੰ ਪੁਲਿਸ ਨੇ ਦੋ ਜਿਪਸੀਆਂ ਦਿੱਤੀਆਂ ਹੋਈਆਂ ਹਨ ਤੇ ਇਸ ਤਰ੍ਹਾਂ ਦੀ ਵੀਆਈਪੀ ਸਹੂਲਤ ਕਿਉਂ ਦਿੱਤੀ ਜਾ ਰਹੀ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਕਈ ਵਾਰੀ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ, ਪਰ ਕੋਈ ਕਾਰਵਾਈ ਅਮਲ ਵਿੱਚ ਨਹੀਂ ਆਈ। ਮੰਤਰੀਆਂ ਨੇ ਇਹ ਵੀ ਕਿਹਾ ਕਿ ਲੋਕਾਂ ਵਿਚ ਸਰਕਾਰ ਦੇ ਅਕਾਲੀਆਂ ਨਾਲ ਰਲੇ ਹੋਣ ਦਾ ਪ੍ਰਭਾਵ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਤਿੰਨਾਂ ਮੰਤਰੀਆਂ ਦੀਆਂ ਗੱਲਾਂ ਤਾਂ ਧਿਆਨ ਨਾਲ ਸੁਣੀਆਂ ਪਰ ਇਨ੍ਹਾਂ ‘ਤੇ ਕੋਈ ਵੀ ਟਿੱਪਣੀ ਨਹੀਂ ਕੀਤੀ ਜਿਸ ਕਰਕੇ ਮੰਤਰੀਆਂ ਵਿਚ ਹੈਰਾਨੀ ਪਾਈ ਜਾ ਰਹੀ ਹੈ।

Check Also

‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ …