ਲੰਗਰ ਅਤੇ ਪ੍ਰਸ਼ਾਦ ‘ਤੇ ਪੰਜਾਬ ਨੇ ਆਪਣੇ ਹਿੱਸੇ ਦਾ ਜੀਐਸਟੀ ਛੱਡਿਆ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ‘ਚ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਜਾਂ ਹੁਣ ਕੇਂਦਰ
ਤੋਂ ਉਸ ਦਾ ਹਿੱਸਾ ਮਾਫ਼ ਕਰਵਾਓ ਜਾਂ ਹਰਸਿਮਰਤ ਤੋਂ ਅਸਤੀਫ਼ਾ ਦਿਵਾਓ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਸਮੇਤ 5 ਧਾਰਮਿਕ ਅਸਥਾਨਾਂ ਦੀ ‘ਰਸਦ’ ਤੋਂ ਸੂਬਾਈ ਹਿੱਸੇ ਦੇ ਜੀਐਸਟੀ ਦੀ ਵਸੂਲੀ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ ‘ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤੇ ਧੰਨਵਾਦ ਦੇ ਮਤੇ ‘ਤੇ ਚੱਲਦੀ ਬਹਿਸ ਵਿਚ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਇਸ ਮੁੱਦੇ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਤੇ ਚੁਣੌਤੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦਾ ਟੈਕਸ ਮੁਆਫ਼ ਨਾ ਕੀਤਾ ਤਾਂ ਕੀ ਹਰਸਿਮਰਤ ਕੌਰ ਬਾਦਲ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਕਦੇ ਵੀ ਜੀਐਸਟੀ ਕੌਂਸਲ ਅੱਗੇ ਲੰਗਰ ਵਸਤਾਂ ‘ਤੇ ਟੈਕਸ ਲਾਉਣ ਦਾ ਵਿਰੋਧ ਨਹੀਂ ਕੀਤਾ ਤੇ ਨਾ ਹੀ ਉਨ੍ਹਾਂ ਲੰਗਰ ‘ਤੇ ਜੀਐਸਟੀ ਮਾਫ਼ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਕੋਈ ਚਾਰਾਜੋਈ ਕੀਤੀ। ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ, ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਅਤੇ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਲੰਗਰ ਵਸਤਾਂ ‘ਤੇ ਆਪਣੇ ਹਿੱਸੇ ਦਾ ਜੀ.ਐਸ.ਟੀ. ਤੁਰੰਤ ਮੁਆਫ਼ ਕਰਨ ਦੀ ਮੰਗ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਸਬੰਧੀ ਮਤਾ ਪੇਸ਼ ਕੀਤਾ ਜਿਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਧੰਨਵਾਦ ਮਤਾ ਪੇਸ਼ ਕਰਦਿਆਂ ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਸ਼ਾਸਨ ਦੌਰਾਨ ਗੁਰੂ ਗਰੰਥ ਸਾਹਿਬ ਸਮੇਤ ਹੋਰਨਾਂ ਪਵਿੱਤਰ ਗ੍ਰੰਥਾਂ ਦੀਆਂ ਬੇਅਦਬੀਆਂ ਹੋਈਆਂ। ਇਸ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਬਜਟ ਇਜਲਾਸ ਵਿੱਚ ਹੀ ਸਦਨ ਵਿਚ ਪੇਸ਼ ਕਰਨ ਲਈ ਤਿਆਰ ਹੈ ਜਦਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਅੰਤਮ ਰੂਪ ਦਿੱਤੇ ਜਾਣ ਤੋਂ ਬਾਅਦ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਪੰਜਾਬ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਲੰਗਰ ਦੀਆਂ ਰਸਦਾਂ ਦੀ ਖਰੀਦ ‘ਤੇ ਲੱਗਦੇ ਜੀਐੱਸਟੀ ਨੂੰ ਖ਼ਤਮ ਕਰਨ ਦੇ ਕੀਤੇ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰੀ ਜੀਐੱਸਟੀ ਨੂੰ ਵੀ ਖ਼ਤਮ ਕਰੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੂਬਾ ਸਰਕਾਰ ਵਲੋਂ ਲੰਗਰ ਦੀਆਂ ਰਸਦਾਂ ਦੀ ਖਰੀਦ ‘ਤੇ ਸੂਬਾ ਜੀਐੱਸਟੀ ਖ਼ਤਮ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਦਿੱਤੀ ਇਹ ਛੋਟ ਸਵਾਗਤ ਯੋਗ ਹੈ ਪਰ ਜਦੋਂ ਤੱਕ ਕੇਂਦਰ ਸਰਕਾਰ ਜੀਐੱਸਟੀ ਤੋਂ ਛੋਟ ਨਹੀਂ ਦਿੰਦੀ, ਇਹ ਫ਼ੈਸਲਾ ਅਧੂਰਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …