Breaking News
Home / ਭਾਰਤ / ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੰਗੀ ਮਾਫੀ ਦਾ ਮਾਮਲਾ

ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੰਗੀ ਮਾਫੀ ਦਾ ਮਾਮਲਾ

ਪੰਜਾਬ ‘ਚ ਝਾੜੂ ਖਿਲਰਨ ਲੱਗਾ
ਸਾਰੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਪਾਈਆਂ ਫਿਟਕਾਰਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਡਰੱਗ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਵਿੱਚ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਨਾਟਕੀ ਢੰਗ ਨਾਲ ਮੁਆਫ਼ੀ ਮੰਗਣ ਕਾਰਨ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੁਫੇਰਿਓਂ ਬਗ਼ਾਵਤੀ ਸੁਰਾਂ ਉੱਠ ਗਈਆਂ ਹਨ। ਅਜਿਹੇ ਸੰਕੇਤ ਹਨ ਕਿ ਪੰਜਾਬ ਇਕਾਈ ਦੇ ਆਗੂ ਆਪਣੀ ਵੱਖਰੀ ਪਾਰਟੀ ਬਣਾਉਣ ਦੀ ਤਿਆਰੀ ਵਿੱਚ ਹਨ। ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਸਹਿ ਪ੍ਰਧਾਨ ਦੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਪਾਰਟੀ ਵਿੱਚ ਤੂਫਾਨ ਲਿਆ ਦਿੱਤਾ ਹੈ। ਸਮੂਹ ਵਿਧਾਇਕਾਂ ਨੇ ਵੀ ਮੀਟਿੰਗ ਕਰਕੇ ਕੇਜਰੀਵਾਲ ਨੂੰ ਫਿਟਕਾਰਾਂ ਪਾਈਆਂ ਹਨ। ਕਈ ਹੋਰ ਆਗੂ ਵੀ ਅਸਤੀਫੇ ਦੇਣ ਦੀ ਤਿਆਰੀ ਵਿੱਚ ਸਨ। ‘ਆਪ’ ਵਿਧਾਇਕਾਂ ਸਮੇਤ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਦੀ ਜੋੜੀ ਨੇ ਪੰਜਾਬ ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਕਰਕੇ ਕੇਜਰੀਵਾਲ ਨੂੰ ਫਿਟਕਾਰਾਂ ਪਾਈਆਂ। ਉਨ੍ਹਾਂ ਕਿਹਾ ਕਿ ਇਸ ਆਗੂ ਨੇ ਆਪਣੀ ਕਮਜ਼ੋਰ ਮਾਨਸਿਕਤਾ ਕਾਰਨ ਮਜੀਠੀਆ ਅੱਗੇ ਆਤਮਸਮਰਪਣ ਕੀਤਾ ਹੈ, ਜਿਸ ਨਾਲ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਅਤੇ ਵਰਕਰਾਂ ਨੂੰ ਨਮੋਸ਼ੀ ਝੱਲਣੀ ਪੈ ਰਹੀ ਹੈ। ਮੀਟਿੰਗ ਵਿੱਚ ਵਿਧਾਇਕ ਐਚਐਸ ਫੂਲਕਾ ਤੇ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਸਾਰੇ ਵਿਧਾਇਕ ਮੌਜੂਦ ਸਨ। ਸੂਤਰਾਂ ਅਨੁਸਾਰ ਮੀਟਿੰਗ ਵਿੱਚ 13 ਦੇ ਕਰੀਬ ਵਿਧਾਇਕ ਪੰਜਾਬ ਦਾ ਵੱਖਰਾ ਯੂਨਿਟ ਬਣਾਉਣ ਦੇ ਹਾਮੀ ਸਨ, ਪਰ ਫਿਲਹਾਲ ਅਜਿਹਾ ਫ਼ੈਸਲਾ ਟਾਲ ਦਿੱਤਾ ਗਿਆ ਹੈ।
ਉਧਰ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਉਪ ਨੇਤਾ ਸਰਵਜੀਤ ਕੌਰ ਮਾਣੂਕੇ, ਵਿਧਾਇਕ ਅਮਨ ਅਰੋੜਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਸਮੇਤ 20 ਵਿਧਾਇਕਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੇਜਰੀਵਾਲ ਨੇ ਮਜੀਠੀਆ ਮੂਹਰੇ ਆਤਮਸਮਰਪਣ ਕਰਕੇ ਪੰਜਾਬ ਨਾਲ ਧੋਖਾ ਕੀਤਾ। ਖਹਿਰਾ ਨੇ ਕਿਹਾ ਕਿ ਸਮੂਹ ਆਗੂ ਦਿੱਲੀ ਦੀ ਥਾਂ ਪੰਜਾਬ ਦੇ ਹਿਤਾਂ ਨਾਲ ਖੜ੍ਹੇ ਹਨ ਅਤੇ ਉਹ ਅਹੁਦਿਆਂ ਦੀ ਕੋਈ ਪ੍ਰਵਾਹ ਨਹੀਂ ਕਰਨਗੇ। ਉਨ੍ਹਾਂ ਸੰਕੇਤ ਦਿੱਤੇ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਕੇਜਰੀਵਾਲ ਦੀ ਇਸ ਭੁੱਲ ਵਿਰੁੱਧ ਅਤੇ ਪੰਜਾਬ ਦੇ ਹਿੱਤਾਂ ਲਈ ਜਲਦੀ ਹੀ ਅਹਿਮ ਫ਼ੈਸਲੇ ਲਵੇਗੀ। ਕੰਵਰ ਸੰਧੂ ਨੇ ਦੱਸਿਆ ਕਿ ਭਗਵੰਤ ਮਾਨ ਉਨ੍ਹਾਂ ਦੇ ਸੰਪਰਕ ਵਿਚ ਹੈ ਅਤੇ ਅਗਲੀ ਰਣਨੀਤੀ ਉਨ੍ਹਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਘੜੀ ਜਾਵੇਗੀ।
ਸਾਡਾ ਕੰਮ ਅਦਾਲਤਾਂ ‘ਚ ਲੜਨ ਦਾ ਨਹੀਂ: ਸਿਸੋਦੀਆઠ
ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਪੰਜਾਬ ਦੀ ਨਾਰਾਜ਼ ਲੀਡਰਸ਼ਿਪ ਨਾਲ ਗੱਲ ਕਰਕੇ ਮਸਲੇ ਨੂੰ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਲੋਕਾਂ ਲਈ ਗਲੀਆਂ ਵਿੱਚ ਲੜਨ ਵਾਲੀ ਪਾਰਟੀ ਹੈ ਅਤੇ ਉਨ੍ਹਾਂ ਦਾ ਕੰਮ ਅਦਾਲਤਾਂ ਵਿੱਚ ਲੜਨ ਦਾ ਨਹੀਂ। ਉਨ੍ਹਾਂ ਕਿਹਾ ਕਿ ਜੇ ਪਾਰਟੀ ਲੀਡਰਸ਼ਿਪ ਅਦਾਲਤੀ ਲੜਾਈ ਵਿੱਚ ਉਲਝੀ ਰਹੀ ਤਾਂ ਲੋਕ ਹਿਤਾਂ ਲਈ ਲੜਨ ਦਾ ਸਮਾਂ ਕਿਵੇਂ ਬਚੇਗਾ।
ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ : ਬੈਂਸ ਭਰਾ
ਲੁਧਿਆਣਾ : ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਨਾਲ ਜਿੱਥੇ ‘ਆਪ’ ਦੋਫ਼ਾੜ ਹੋ ਚੁੱਕੀ ਹੈ, ਉਥੇ ‘ਆਪ’ ਨਾਲ ਗੱਠਜੋੜ ਕਰਨ ਵਾਲੀ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੇ ਵੀ ਗੱਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ‘ਆਪ’ ਦੇ ਕੌਮੀ ਮੁਖੀ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਉਸੇ ਤਰ੍ਹਾਂ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸੀ। ਅਜਿਹਾ ਕਰਕੇ ਕੇਜਰੀਵਾਲ ਨੇ ਪੰਜਾਬ ਨਾਲ ਗ਼ੱਦਾਰੀ ਕੀਤੀ ਹੈ ਤੇ ਨਾਲ ਹੀ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਜੀਠੀਆ ਨੂੰ ਸਭ ਤੋਂ ਵੱਡਾ ਨਸ਼ਾ ਤਸਕਰ ਦੱਸਦੇ ਹੋਏ ਕਾਲਰ ਤੋਂ ਫੜ ਕੇ ਜੇਲ੍ਹ ਭੇਜਣ ਦਾ ਬਿਆਨ ਦਿੱਤਾ ਸੀ, ਜਿਸ ‘ਤੇ ਦੁਨੀਆ ਭਰ ਦੇ ਪੰਜਾਬੀਆਂ ਨੇ ਕੇਜਰੀਵਾਲ ਨੂੰ ਇੱਜ਼ਤ ਦਿੱਤੀ ਤੇ ਫੰਡ ਵੀ ਦਿੱਤਾ, ਪਰ ਕੇਜਰੀਵਾਲ ਨੇ ਮੁਆਫ਼ੀ ਮੰਗ ਕੇ ਸਾਬਿਤ ਕਰ ਦਿੱਤਾ ਹੈ ਕਿ ‘ਆਪ’ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ।
ਕੇਜਰੀਵਾਲ ਦੀ ਮਾਫੀ ਨਾਲ ਮਜੀਠੀਆ ਦੋਸ਼ ਮੁਕਤ ਨਹੀਂ : ਕਾਂਗਰਸ
ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਵੱਲੋਂઠਬਿਕਰਮ ਸਿੰਘ ਮਜੀਠੀਆ ਕੋਲੋਂ ਉਸ ਉੱਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਲਾਏ ਗਏ ਦੋਸ਼ਾਂ ਸਬੰਧੀ ਮੁਆਫ਼ੀ ਮੰਗਣ ਨਾਲ ਜਿਥੇ ਸੂਬੇ ਦੀ ਰਾਜਨੀਤੀ ਵਿੱਚ ਹਲਚਲ ઠਪੈਦਾ ਹੋ ਗਈ ਹੈ ਤੇ ઠਇਸ ਮੁੱਦੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਅਲੱਗ-ਥਲੱਗ ਪੈ ਗਈ ਹੈ, ਉਥੇ ਹੀ ਕਾਂਗਰਸ ਦੇ ਆਗੂਆਂ ઠਨੇ ਕੇਜਰੀਵਾਲ ਵਿਰੁੱਧ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਸ ਨੂੰ ਮਜੀਠੀਆ ਕੋਲੋਂ ਨਹੀਂ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਜਿਨ੍ਹਾਂ ਨਾਲ ਉਸ ਨੇ ਵਿਸ਼ਵਾਸਘਾਤ ਕੀਤਾ ਹੈ। ਕੇਜਰੀਵਾਲ ਦੀ ਮੁਆਫ਼ੀ ਸਾਬਕਾ ਮੰਤਰੀ ਨੂੰ ਨਸ਼ਿਆਂ ਦੇ ਦੋਸ਼ ਤੋਂ ਮੁਕਤ ਨਹੀਂ ਕਰ ਸਕਦੀ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣ ਤੋਂ ਪਹਿਲਾਂ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਦੇ ਪੂਰਾ ਹੋਣ ਦੀ ਉਡੀਕ ਕਰਨੀ ਚਾਹੀਦੀ ਸੀ। ਇਸ ਨਾਲ ਸੁਆਲ ਖੜ੍ਹਾ ਹੋ ਗਿਆ ਹੈ ਕਿ ਉਸ ਨੇ ਮੁਆਫ਼ੀ ਮੰਗਣ ਲਈ ਏਨੀ ਕਾਹਲ ਕਿਉਂ ਦਿਖਾਈ? ਉਸ ਨੇ ਆਪਣੀ ਪਾਰਟੀ ਦੇ ਪੰਜਾਬ ਦੇ ਆਗੂਆਂ ਨੂੰ ਵੀ ਭਰੋਸੇ ਵਿੱਚ ਲੈਣਾ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਤੇ ਅਕਾਲੀਆਂ ਵਿਚਾਲੇ ਗੰਢਤੁੱਪ ਹੋਣ ਦਾ ਸ਼ੱਕ ਹੈ ਕਿਉਂਕਿ ਮੁਆਫ਼ੀ ਜਾਣਬੁੱਝ ਕੇ ਠੀਕ ਉਸੇ ਦਿਨ ਮੰਗੀ ਗਈ ਜਦੋਂ ਕੈਪਟਨ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਹ ਕਹਿੰਦਿਆਂ ਆਪਣੀ ਰਿਪੋਰਟ ਪੇਸ਼ ਕੀਤੀ ਕਿ ਅਜਿਹੇ ਸਬੂਤ ਹਨ ਜਿਨ੍ਹਾਂ ਦੇ ਆਧਾਰ ‘ਤੇ ਸਾਬਕਾ ਮੰਤਰੀ ਕੋਲੋਂ ਪੁੱਛਗਿਛ ਕੀਤੀ ਜਾ ਸਕਦੀ ਹੈ। ਰੰਧਾਵਾ ਨੇ ਕਿਹਾ ‘ ਮੈਨੂੰ ਨਹੀਂ ਪਤਾ ਕਿ ਕੇਜਰੀਵਾਲ ਡਰ ਗਿਆ ਹੈ ਜਾਂ ਉਸ ਨੇ ਕੋਈ ਸੌਦਾ ਕੀਤਾ ਹੈ ਪਰ ਉਸ ਨੇ ਇਹ ਕਦਮ ਚੁੱਕ ਕੇ ਪੰਜਾਬ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਜ਼ਰੂਰ ਮਾਰਿਆ ਹੈ।
ਭਗਵੰਤ ਮਾਨ ਨੇ ‘ਆਪ’ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦੇ ਮਾਮਲੇ ਵਿਚ ਭਗਵੰਤ ਮਾਨ ਨੇ ਪੰਜਾਬ ਦੀ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਅਮਨ ਅਰੋੜਾ ਨੇ ਵੀ ਪਾਰਟੀ ਦੀ ਸਹਿ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮਾਫ਼ੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਵਿਚ ਨਿਰਾਸ਼ਾ ਦਾ ਮਾਹੌਲ ਹੈ। ਆਪਣੀ ਪੋਸਟ ਵਿੱਚ ਮਾਨ ਨੇ ਕੇਜਰੀਵਾਲ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਲਿਖਿਆ ਕਿ ਇੱਕ ਸੱਚਾ ਪੰਜਾਬੀ ਹੋਣ ਦੇ ਨਾਤੇ ਪੰਜਾਬ ਵਿੱਚ ਡਰੱਗ ਮਾਫ਼ੀਆ ਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖ਼ਿਲਾਫ਼ ਉਹ ਜੰਗ ਜਾਰੀ ਰੱਖਣਗੇ। ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਆਮ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦਾ ਕੀ ਬਣੇਗਾ।
ਕੇਜਰੀਵਾਲ ਦੀ ਮਾਫ਼ੀ ਨਾਲ ਅਕਾਲੀ ਬਰੀ ਨਹੀਂ ਹੋ ਜਾਂਦੇ: ਗਾਂਧੀ
ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਿਆਸੀ ਸੰਕਟ ਮਾਮਲੇ ਬਾਰੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਬਿਕਰਮ ਮਜੀਠੀਆ ਤੋਂ ਨਸ਼ਿਆਂ ਦੇ ਮਾਮਲੇ ਵਿੱਚ ਮੁਆਫ਼ੀ ਮੰਗ ਕੇ ਅਕਾਲੀ ਦਲ ਦੀ ਡਿੱਗ ਚੁੱਕੀ ਸਾਖ਼ ਨੂੰ ਬਚਾਉਣ ਦਾ ਕੰਮ ਕੀਤਾ ਹੈ। ਇਸ ਤੋਂ ਇਹ ਜਾਪਦਾ ਹੈ ਕਿ ਕਿਤੇ ਨਾ ਕਿਤੇ ਕੋਈ ਵੱਡਾ ਸਮਝੌਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਜਰੀਵਾਲ ਨੇ ਪੰਜਾਬ ਵਿੱਚ ਆਪਣੀ ਫੋਟੋ ਲਾ ਕੇ ਮਜੀਠੀਆ ‘ਤੇ ਦੋਸ਼ ਲਾਉਣ ਵਾਲੇ ਹਜ਼ਾਰਾਂ ਪੋਸਟਰ ਲਗਵਾਏ ਸਨ ਅਤੇ ઠਹੁਣ ਦੂਜੇ ਪਾਸੇ ਅਚਾਨਕ ਮੁਆਫ਼ੀ ਮੰਗ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਕੇਜਰੀਵਾਲ ਨੇ ਗਡਕਰੀ ਤੇ ਕਪਿਲ ਸਿੱਬਲ ਕੋਲੋਂ ਵੀ ਮੰਗੀ ਮੁਆਫੀ
ਕੇਜਰੀਵਾਲ ਨੇ ਗਡਕਰੀ ਨੂੰ ਦੱਸਿਆ ਸੀ ਭ੍ਰਿਸ਼ਟ ਆਗੂ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਮੁਆਫ਼ੀ ਮੰਗੀ ਹੈ। ਭਾਜਪਾ ਨੇਤਾ ਨੇ ਕੇਜਰੀਵਾਲ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਸੀ। ਇਸ ਤੋਂ ਇਲਾਵਾ ਕੇਜਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਪੁੱਤਰ ਅਮਿਤ ਸਿੱਬਲ ਤੋਂ ਮੁਆਫ਼ੀ ਮੰਗੀ ਹੈ ਜਿਨ੍ਹਾਂ 2013 ਵਿੱਚ ਆਪ ਆਗੂਆਂ ਖ਼ਿਲਾਫ਼ ਮਾਣਹਾਨੀ ਕੇਸ ਦਾਇਰ ਕੀਤਾ ਸੀ।
ਬਾਅਦ ਵਿੱਚ ਕੇਜਰੀਵਾਲ ਤੇ ਗਡਕਰੀ ਨੇ ਮਾਣਹਾਨੀ ਦਾ ਕੇਸ ਵਾਪਸ ਲੈਣ ਲਈ ਇਕੱਠਿਆਂ ਇਕ ਅਰਜ਼ੀ ਅਦਾਲਤ ਵਿੱਚ ਦਾਖ਼ਲ ਕੀਤੀ। ਇਸ ਦੇ ਆਧਾਰ ‘ਤੇ ਵਧੀਕ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਕੇਜਰੀਵਾਲ ਤੇ ਉਨ੍ਹਾਂ ਦੇ ਸਾਥੀ ਮਨੀਸ਼ ਸਿਸੋਦੀਆ ਨੂੰ ਦੋਵਾਂ ਕੇਸਾਂ ਵਿਚੋਂ ਬਰੀ ਕਰ ਦਿੱਤਾ।ਦੋਵੇਂ ਆਗੂਆਂ ਨੇ ਇਕ ਪੱਤਰ ਵਿੱਚ ਸਿੱਬਲ ਖ਼ਿਲਾਫ਼ ਬੇਬੁਨਿਆਦ ਦੋਸ਼ ਕਰਨ ਬਦਲੇ ਮੁਆਫ਼ੀ ਮੰਗੀ ਹੈ। ਕੇਂਦਰੀ ਮੰਤਰੀ ਗਡਕਰੀ ਨੂੰ ਆਪ ਆਗੂ ਵੱਲੋਂ 16 ਮਾਰਚ ਨੂੰ ਲਿਖੇ ਪੱਤਰ ਵਿੱਚ ਦਰਜ ਕੀਤਾ ਗਿਆ: ”ਮੈਂ ਕੁਝ ਬਿਆਨ ਦਿੱਤੇ ਸਨ ਜਿਨ੍ਹਾਂ ਦੀ ਤਸਦੀਕ ਨਹੀਂ ਹੋ ਸਕੀ ਸੀ ਤੇ ਜਿਨ੍ਹਾਂ ਕਰਕੇ ਤੁਹਾਡੇ ਮਨ ਨੂੰ ਠੇਸ ਪਹੁੰਚੀ ਹੋ ਸਕਦੀ ਹੈ ਜਿਸ ਕਰ ਕੇ ਤੁਸੀਂ ਮੇਰੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਕਿਸੇ ਸਮੇਂ ਵੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਵੀ ਮਾਫੀ ਮੰਗ ਸਕਦੇ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …