Breaking News
Home / ਪੰਜਾਬ / ਸਿੱਧੂ ਜੋੜੇ ਨੇ ਬਿਕਰਮ ਮਜੀਠੀਆ ਵਿਰੁੱਧ ਖੋਲ੍ਹਿਆ ਨਵਾਂ ਮੋਰਚਾ

ਸਿੱਧੂ ਜੋੜੇ ਨੇ ਬਿਕਰਮ ਮਜੀਠੀਆ ਵਿਰੁੱਧ ਖੋਲ੍ਹਿਆ ਨਵਾਂ ਮੋਰਚਾ

ਮਜੀਠੀਆ ਨੂੰ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਤੌਰ ‘ਤੇ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਨੇ ਸਰਕਾਰ ਵੱਲੋਂ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ ਦਾ ਹਵਾਲਾ ਦਿੱਤਾ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਐਸਟੀਐਫ ਵੱਲੋਂ ਸੌਂਪੀ ਗਈ 24 ਪੰਨਿਆਂ ਦੀ ਰਿਪੋਰਟ ਵਿਚਲੇ ਤੱਥਾਂ ਦਾ ਖ਼ੁਲਾਸਾ ਕਰਦਿਆਂ ਸਿੱਧੂ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮਾਲ ਮੰਤਰੀ ਦੀ ਬਕਾਇਦਾ ਪੜਤਾਲ ਹੋਣੀ ਚਾਹੀਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ 40 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦਬਾਅ ਪਾਇਆ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਵੱਲੋਂ ਇਹੋ ਦਲੀਲ ਦਿੱਤੀ ਗਈ ਸੀ ਕਿ ਮਜੀਠੀਆ ਦੀ ਸ਼ਮੂਲੀਅਤ ਸਬੰਧੀ ਪੁਖ਼ਤਾ ਸਬੂਤਾਂ ਦੀ ਕਮੀ ਹੈ। ਸਿੱਧੂ ਨੇ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਅਣਗੌਲਿਆ ਕਰਨਾ ਹੁਣ ਮੁਸ਼ਕਿਲ ਹੋ ਜਾਵੇਗਾ ਅਤੇ ਰਾਜ ਸਰਕਾਰ ਨੂੰ ਇਸ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨੀ ਪਏਗੀ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਨਾਮਜ਼ਦ ਜਗਜੀਤ ਸਿੰਘ ਚਾਹਲ ਅਤੇ ਮਨਿੰਦਰ ਸਿੰਘ ਬਿੱਟੂ ਆਦਿ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਤੱਥਾਂ ‘ਤੇ ਆਧਾਰਿਤ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਆਨਾਂ ਦੀ ਪੁਣ-ਛਾਣ ਮਗਰੋਂ ਹੀ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਆਪਣੀ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਕੀਤਾ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …