ਤਲਵੰਡੀ ਸਾਬੋ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ
ਬਠਿੰਡਾ : ਖਾਲਸੇ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਪੂਰੀ ਦੁਨੀਆ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸਮੂਹ ਗੁਰੂ ਘਰਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਚ ਤਿੰਨ ਦਿਨਾ ਮੇਲੇ ਦੇ ਦੂਜੇ ਦਿਨ ਲੱਖਾਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਸਿਆਸੀ ਦਲਾਂ ਨੇ ਰੈਲੀਆਂ ਕਰਕੇ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
ਸ੍ਰੀ ਆਨੰਦਪੁਰ ਸਾਹਿਬ : ਖ਼ਾਲਸਾ ਪੰਥ ਦੇ ਜਨਮ ਸਥਾਨ ਆਨੰਦਪੁਰ ਸਾਹਿਬ ਵਿਖੇ 300 ਸਾਲਾ ਖ਼ਾਲਸਾ ਸਾਜਨਾ ਦਿਵਸ ਤੋਂ ਬਾਅਦ 18 ਸਾਲਾਂ ਮਗਰੋਂ ਸੰਗਤ ਦਾ ਹੜ੍ਹ ਆਇਆ ਵੇਖਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਧਿਕਾਰਤ ਤੌਰ ‘ਤੇ ਭਾਵੇਂ ਵਿਸਾਖੀ ਮੌਕੇ ਸੰਗਤ ਨੂੰ ਖ਼ਾਲਸੇ ਦੇ ਜਨਮ ਸਥਾਨ ‘ਤੇ ਨਤਮਸਤਕ ਹੋਣ ਲਈ ਅਖ਼ਬਾਰਾਂ ਜਾਂ ਟੀ ਵੀ ਚੈਨਲਾਂ ‘ਤੇ ਕੋਈ ਇਸ਼ਤਿਹਾਰ ਨਹੀਂ ਦਿੱਤਾ, ਪਰ ਆਪਣੀ ਸ਼ਰਧਾ ਅਨੁਸਾਰ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
ਗੁਰਦੁਆਰਾ ਪੰਜਾ ਸਾਹਿਬ ‘ਚ ਵੀ ਮਨਾਇਆ ਖ਼ਾਲਸਾ ਸਾਜਨਾ ਦਿਵਸઠ
ਅੰਮ੍ਰਿਤਸਰ : ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਚ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮਾਗਮ ਵਿਚ ਹਾਜ਼ਰੀ ਭਰਨ ਪੁੱਜੇ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਮੁਹੰਮਦ ਤਾਰਿਕ ਵਜ਼ੀਰ ਨੇ ਭਾਰਤ ਸਮੇਤ ਹੋਰਨਾਂ ਦੇਸ਼ਾਂ ਤੋਂ ਪਹੁੰਚੀ ਸੰਗਤ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਦੀ ਪਾਕਿਸਤਾਨ ਸਰਕਾਰ ਤੇ ਉੱਥੋਂ ਦੀ ਅਵਾਮ ਵਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਪਾਕਿ ਵਿਚ ਰਹਿੰਦੇ ਘੱਟ-ਗਿਣਤੀ ਭਾਈਚਾਰੇ ਦੇ ਲੋਕਾਂ ਦੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਬਣਦੇ ਬਰਾਬਰ ਦੇ ਹੱਕ ਹਕੂਕ ਦੇ ਰਹੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …