ਭਾਰਤ ਅਤੇ ਪਾਕਿ ‘ਚ ਤਣਾਅ ਘੱਟ ਲਈ ਕੀਤੀ ਗਈ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਨੂੰ ਘਟਾਉਣ ਲਈ ਕੋਸ਼ਿਸ਼ ਕੀਤੀ ਹੈ। ਕੈਪਟਨ ਨੇ ਪਾਕਿ ਨਾਲ ਬਿਹਤਰ ਸਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸੰਪਰਕ ਬਣਾਏ ਜਾਣ ਦਾ ਸੱਦਾ ਦਿੱਤਾ ਹੈ। ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮੁਹੰਮਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਾਲ ਹੀ ਦੇ ਸਮੇਂ ਦੌਰਾਨ ਸਰਹੱਦ ‘ਤੇ ਤਣਾਅ ਪੈਦਾ ਹੋਣ ਕਰ ਕੇ ਦੋਵੇਂ ਦੇਸ਼ਾਂ ਵਿਚਕਾਰ ਵਪਾਰ ਦੇ ਘੱਟਣ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਕੈਪਟਨ ਅਤੇ ਸੁਹੇਲ ਮੁਹੰਮਦ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟ ਕੀਤੀ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਵਪਾਰ ਵਿਚ ਕਮੀ ਦੋਵੇਂ ਦੇਸ਼ਾਂ ਦੇ ਹਿੱਤਾਂ ਲਈ ਨੁਕਸਾਨਦੇਹ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਦੋਵਾਂ ਦੇਸ਼ਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕੱਠੇ ਹੋ ਕੇ ਕੰਮ ਕਰਨਾ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੈ।