Breaking News
Home / ਪੰਜਾਬ / ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਚੈਪਟਰਾਂ ਨੂੰ ਗ਼ਾਇਬ ਕਰਨ ਦੀ

ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਚੈਪਟਰਾਂ ਨੂੰ ਗ਼ਾਇਬ ਕਰਨ ਦੀ

ਉਚ ਪੱਧਰੀ ਜਾਂਚ ਹੋਵੇ : ਡਾ. ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਚੈਪਟਰਾਂ ਨੂੰ ਗ਼ਾਇਬ ਕਰਨ ਲਈ ਇਕ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੰਦਭਾਗਾ ਹੈ ਕਿ ਸੂਬੇ ਦੇ ਆਪਣੇ ਸਕੂਲ ਬੋਰਡ ਨੇ ਪੰਜਾਬ ਦਾ ਇਤਿਹਾਸ ਰਚਣ ਵਾਲਿਆਂ ਨੂੰ ਹੀ ਪੰਜਾਬ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚੋਂ ਹੀ ਬਾਹਰ ਕਰ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰઠਸਿੱਖ ਗੁਰੂਆਂ ਅਤੇ ਪੰਜਾਬ ਦੇ ਸਿੱਖ ਯੋਧਿਆਂ ਬਾਰੇ ਜਾਣਕਾਰੀ ਤੋਂ ਵਾਂਝੇ ਰੱਖਣ ਵਾਸਤੇ ਇਕ ਡੂੰਘੀ ਸਾਜਿਸ਼ ਘੜੀ ਗਈ ਲਗਦੀ ਹੈ । ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੀ ਨਵੀਂ ਇਤਿਹਾਸ ਦੀ ਕਿਤਾਬ ਦੀ ਛਪਾਈ ਤੇ ਵੰਡ ‘ਤੇ ਤੁਰੰਤ ਰੋਕ ਲਾ ਦੇਣੀ ਚਾਹੀਦੀ ਹੈ।
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਹਟਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਪਾਠ ਪੁਸਤਕ ਵਿੱਚੋਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਹਟਾਉਣ ਦਾ ਸ਼੍ਰੋਮਣੀ ਕਮੇਟੀ ਨੇ ਵੀ ਕਰੜਾ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਪਾਠ ਪੁਸਤਕ ਵਿੱਚੋਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਖਤਮ ਕਰਨਾ ਮੰਦਭਾਗੀ ਗੱਲ ਹੈ, ਜਿਸ ਦੀ ਪੰਜਾਬ ਸਰਕਾਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਲੌਂਗੋਵਾਲ ਨੇ ਕਿਹਾ ਕਿ ਇੱਕ ਪਾਸੇ ਇਸ ਮਾਮਲੇ ਨੂੰ ਲੈ ਕੇ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਆਖ ਰਹੇ ਹਨ ਕਿ ਸਬੰਧਤ ਕਿਤਾਬ ਵਿੱਚ ਕੁਝ ਵੀ ਨਹੀਂ ਬਦਲਿਆ ਗਿਆ। ਲੌਂਗੋਵਾਲ ਨੇ ਕਿਹਾ ਕਿ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਤੋਂ ਬਗੈਰ ਪੰਜਾਬ ਦਾ ਇਤਿਹਾਸ ਅਧੂਰਾ ਹੈ ਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਇਹ ਭੁੱਲਣਾ ਨਹੀਂ ਚਾਹੀਦਾ।
ਗਿਆਰਵੀਂ ਦੀ ਪਾਠ-ਪੁਸਤਕ ਵੈੱਬਸਾਈਟ ‘ਤੇ ਪਾਵੇਗਾ ਸਕੂਲ ਬੋਰਡ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਦੀ ਇਤਿਹਾਸ ਦੀ ਪੁਸਤਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਅਜਿਹਾ ਵਿਰੋਧੀ ਪਾਰਟੀਆਂ ਵੱਲੋਂ ਸਕੂਲ ਬੋਰਡ ‘ਤੇ ਬਾਰ੍ਹਵੀਂ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਗੁਰੂਆਂ ਨਾਲ ਸਬੰਧਤ ਚੈਪਟਰ ਹਟਾਉਣ ਦੇ ਲਾਏ ਦੋਸ਼ਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਬੋਰਡ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਦਸ ਦਿਨਾਂ ਵਿੱਚ ਗਿਆਰਵੀਂ ઠਦੀ ਇਤਿਹਾਸ ਦੀ ਨਵੀਂ ਕਿਤਾਬ ਵੈੱਬਸਾਈਟ ‘ਤੇ ਪਾ ਦਿੱਤੀ ਜਾਵੇਗੀ, ਕਿਉਂਕਿ ਸਰਕਾਰ ਤੇ ਬੋਰਡ ਦਾ ਕਹਿਣਾ ਹੈ ਕਿ ਗੁਰ ਇਤਿਹਾਸ ਦੇ ਚੈਪਟਰ ਹਟਾਏ ਨਹੀਂ ਗਏ, ਬਲਕਿ ਬਾਰ੍ਹਵੀਂ ਦੀ ਬਜਾਏ ਗਿਆਰਵੀਂ ਦੀ ਕਿਤਾਬ ਵਿਚ ਪਾਏ ਹਨ।
ਪੰਜਾਬ ਦਾ ਇਤਿਹਾਸ ਗਾਇਬ ਹੋਣ ਦੀ ਗੱਲ ਸਿੱਖਿਆ ਸਕੱਤਰ ਨੇ ਕੀਤੀ ਰੱਦ
ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਪਾਠਕ੍ਰਮ ਵਿਚ 30 ਸਾਲ ਬਾਅਦ ਸੋਧ ਕੀਤੀ ਗਈ ਹੈ। ਉਨ੍ਹਾਂ ਗੁਰੂਆਂ ਤੇ ਪੰਜਾਬ ਦਾ ਇਤਿਹਾਸ ਗਾਇਬ ਹੋਣ ਦੀ ਗੱਲ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਮਾਹਿਰਾਂ ਦੀ ਰਾਏ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਸਹਿਮਤੀ ਤੋਂ ਬਾਅਦ ਹੀ ਇਹ ਸੋਧਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਹੈ ਕਿ ਹੁਣ ਸਿੱਖ ਇਤਿਹਾਸ 12ਵੀਂ ਦੀ ਥਾਂ 11ਵੀਂ ਜਮਾਤ ਵਿਚ ਹੀ ਪੜ੍ਹਾਇਆ ਜਾਣਾ ਸ਼ੁਰੂ ਕੀਤਾ ਗਿਆ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …