Breaking News
Home / ਪੰਜਾਬ / ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਦੀ ਜਾਂਚ ਲਈ ਐਸਜੀਪੀਸੀ ਨੇ ਬਣਾਈ ਸਬ ਕਮੇਟੀ

ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਦੀ ਜਾਂਚ ਲਈ ਐਸਜੀਪੀਸੀ ਨੇ ਬਣਾਈ ਸਬ ਕਮੇਟੀ

ਕਮੇਟੀ ਦੀ ਅਗਵਾਈ ਕਰਨਗੇ ਡਾ. ਤੇਜਿੰਦਰ ਕੌਰ ਧਾਲੀਵਾਲ
ਅੰਮ੍ਰਿਤਸਰ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪਾਠ-ਪੁਸਤਕ ਵਿੱਚ ਸਿੱਖ ਇਤਿਹਾਸ ਮਨਫ਼ੀ ਕਰਨ ਦੀ ਘਟਨਾ ਤੋਂ ਬਾਅਦ ਚੌਕਸ ਹੋਈ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਸਿੱਖਿਆ ਬੋਰਡਾਂ ਦੀਆਂ ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਪੁਣਛਾਣ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਬਾਬਤ ਸਿੱਖ ਇਤਿਹਾਸਕਾਰਾਂ ਅਤੇ ਵਿਦਵਾਨਾਂ ਦੀ 15 ਮੈਂਬਰੀ ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਸ ਕਮੇਟੀ ਦੀ ਅਗਵਾਈ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਸੌਂਪੀ ਗਈ ਹੈ, ਜਦੋਂਕਿ ਇਸ ਦੇ ਮੈਂਬਰਾਂ ਵਿੱਚ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੇ ਬੀਬੀ ਕਿਰਨਜੋਤ ਕੌਰ (ਮੈਂਬਰ, ਸ਼੍ਰੋਮਣੀ ਕਮੇਟੀ), ਸਿੱਖ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ (ਗੁਰੂ ਨਾਨਕ ਦੇਵ ਯੂਨੀਵਰਸਿਟੀ), ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਧਰਮਿੰਦਰ ਸਿੰਘ ਉੱਭਾ (ਪ੍ਰਿੰਸੀਪਲ, ਖ਼ਾਲਸਾ ਕਾਲਜ ਪਟਿਆਲਾ), ਡਾ. ਧਰਮਵੀਰ ਸਿੰਘ (ਚੀਫ ਖਾਲਸਾ ਦੀਵਾਨ,) ਬੀਬੀ ਅਮਰਜੀਤ ਕੌਰ (ਸਕਾਲਰ, ਸਿੱਖ ਇਤਿਹਾਸ ਰਿਸਰਚ ਬੋਰਡ), ਪ੍ਰੋਫੈਸਰ ਮਨਜੀਤ ਕੌਰ (ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ), ਪ੍ਰਿੰਸੀਪਲ ਹਰਮੀਤ ਕੌਰ ਲੁਧਿਆਣਾ, ਪ੍ਰਿੰਸੀਪਲ ਸਤਵੰਤ ਕੌਰ (ਸਹਾਇਕ ਡਾਇਰੈਕਟਰ), ਪ੍ਰਿੰਸੀਪਲ ਤਰਨਜੀਤ ਸਿੰਘ, ਬਲਬੀਰ ਸਿੰਘ ਢੋਲ (ਸਾਬਕਾ ਡੀ.ਪੀ.ਆਈ), ਬੀਬੀ ਦਰਸ਼ਨ ਕੌਰ (ਸਾਬਕਾ ਡੀ.ਪੀ.ਆਈ), ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰਪਾਲ ਸਿੰਘ ਗੜ੍ਹਸ਼ੰਕਰ ਤੇ ਪ੍ਰੋਫ਼ੈਸਰ ਬਲਦੇਵ ਸਿੰਘ ਬੱਲੂਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ 15 ਮੈਂਬਰੀ ਕਮੇਟੀ ਵਿੱਚ 8 ਮਹਿਲਾ ਵਿਦਵਾਨ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਜਲਦੀ ਹੀ ਉੱਚ ਸਿੱਖਿਆ ਨਾਲ ਸਬੰਧਤ ਪਾਠਕ੍ਰਮ ਲਈ ਵੀ ਇੱਕ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਦੇਸ਼ ਭਰ ਦੇ ਸਾਰੇ ਸੂਬਿਆਂ ਦੇ ਸਕੂਲ ਬੋਰਡਾਂ ਦੀਆਂ ਪਾਠ ਪੁਸਤਕਾਂ ਦੀ ਘੋਖ ਕਰੇਗੀ ਅਤੇ ਜੇਕਰ ਸਿੱਖ ਇਤਿਹਾਸ ਸਬੰਧੀ ਕੋਈ ਗ਼ਲਤ ਜਾਣਕਾਰੀ ਸਾਹਮਣੇ ਆਈ ਤਾਂ ਉਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਰਿਪੋਰਟ ਕਰੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਇਤਿਹਾਸਕਾਰਾਂ ਦੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦਿਆਂ ਦੇ ਨਾਂ ਭੇਜ ਦਿੱਤੇ ਗਏ ਹਨ। ਇਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਬਲਵੰਤ ਸਿੰਘ ਢਿੱਲੋਂ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਸ਼ਾਮਲ ਹਨ। ਇਹ ਦੋਵੇਂ ਸਿੱਖ ਵਿਦਵਾਨ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਧਰਮ ਅਤੇ ਇਤਿਹਾਸ ਨਾਲ ਜੁੜੇ ਹੋਏ ਹਨ। ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਮਨਫੀ ਕੀਤੇ ਜਾਣ ‘ਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …