Breaking News
Home / ਪੰਜਾਬ / ਕਰਜ਼ੇ ‘ਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ 118 ਫੀਸਦੀ ਵਧੇ

ਕਰਜ਼ੇ ‘ਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ 118 ਫੀਸਦੀ ਵਧੇ

ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਕੋਲੋਂ ਕਰਜ਼ਾ ਵਸੂਲੀ ਨੂੰ ਲੈ ਕੇ ਉਨ੍ਹਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿਚ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਮਾਮਲਿਆਂ ਵਿਚ 118 ਫੀਸਦੀ ਦਾ ਵਾਧਾ ਹੋਇਆ ਹੈ ਜੋ ਅਤਿਅੰਤ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਸਦੀ ਜੀਵਨਸ਼ੈਲੀ ਵਿਚ ਸੁਧਾਰ ਲਿਆਉਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਆਂਧਰਾ ਪ੍ਰਦੇਸ਼ ਦੀ ਸਰਕਾਰ ਵਾਂਗ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਵਿਚ ਵੀ ਆਰਡੀਨੈਂਸ ਜਾਰੀ ਕੀਤਾ ਜਾਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਹੋਣ ਕਾਰਨ ਕਿਸਾਨਾਂ ‘ਤੇ ਸਭ ਨੂੰ ਮਾਣ ਹੈ ਪਰ ਇਹੀ ਅੰਨਦਾਤਾ ਕਰਜ਼ੇ ਵਿਚ ਡੁੱਬਿਆ ਹੋਇਆ ਹੈ। ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸਾਨੀ ਕਰਜ਼ੇ ਨੂੰ ਲੈ ਕੇ ਕਿਸਾਨਾਂ ਨੂੰ ਪੁਲਿਸ ਥਾਣਿਆਂ ਵਿਚ ਸੱਦਣ ਲਈ ਸੰਮਨ ਨਾ ਭੇਜੇ ਜਾਣ।
ਕਿਸਾਨਾਂ ਨੂੰ ਅਦਾ ਕਰਨਾ ਪੈਂਦਾ ਹੈ 30 ਫੀਸਦੀ ਤੱਕ ਵਿਆਜ : ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫਸਲ ‘ਤੇ ਹੋਣ ਵਾਲੇ ਕੁਲ ਖਰਚ ਦਾ ਘੱਟੋ-ਘੱਟ ਮੁੱਲ ਵੀ ਨਹੀਂ ਮਿਲਦਾ, ਜਿਸ ਕਾਰਨ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ੇ ਲੈਣੇ ਪੈਂਦੇ ਹਨ। ਜਦੋਂ ਕਿਸਾਨ ਕਰਜ਼ੇ ਵਾਪਸ ਨਹੀਂ ਕਰ ਸਕਦੇ ਤਾਂ ਪੁਲਿਸ ਅਤੇ ਰਿਕਵਰੀ ਏਜੰਟ ਉਨ੍ਹਾਂ ਨੂੰ ਜ਼ਲੀਲ ਕਰਦੇ ਹਨ। ਅਜਿਹੀ ਹਾਲਤ ਵਿਚ ਕਿਸਾਨ ਮਾਈਕ੍ਰੋ ਫਾਈਨਾਂਸ ਇੰਸਟੀਚਿਊਸ਼ਨਜ਼ ਅਤੇ ਸੈਲਫ ਹੈਲਪ ਗਰੁੱਪ ਵਰਗੀਆਂ ਕੰਪਨੀਆਂ ਕੋਲ ਜਾਣ ਲਈ ਮਜਬੂਰ ਹੋ ਜਾਂਦੇ ਹਨ। ਉਥੋਂ ਲਿਆ ਜਾਣ ਵਾਲਾ ਕਰਜ਼ਾ ਬਹੁਤ ਮਹਿੰਗਾ ਪੈਂਦਾ ਹੈ ਕਿਉਂਕਿ ਉਸ ‘ਤੇ ਕਿਸਾਨਾਂ ਨੂੰ 30 ਫੀਸਦੀ ਤੱਕ ਵਿਆਜ ਦੀ ਅਦਾਇਗੀ ਕਰਨੀ ਪੈਂਦੀ ਹੈ। ਇਹ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਿਯਮਾਂ ਦੇ ਬਿਲਕੁਲ ਉਲਟ ਹੈ।
ਆਂਧਰਾ ਪ੍ਰਦੇਸ਼ ਦੇ ਕਿਸਾਨਾਂ ਦੀ ਜ਼ਿੰਦਗੀ ਵਿਚ ਆਇਆ ਕਾਫੀ ਸੁਧਾਰ : ਮਲਿਕ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਸਰਕਾਰ ਵਲੋਂ 2010 ਵਿਚ ਕਿਸਾਨਾਂ ਦੇ ਹਿੱਤਾਂ ਵਿਚ ਜਾਰੀ ਕੀਤੇ ਗਏ ਆਰਡੀਨੈਂਸ ਕਾਰਨ ਉਨ੍ਹਾਂ ਦੇ ਜੀਵਨ ਵਿਚ ਕਾਫੀ ਸੁਧਾਰ ਆਇਆ ਹੈ।

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …