4.7 C
Toronto
Saturday, January 10, 2026
spot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਜਿਨ੍ਹਾਂ ਸਥਾਨਾਂ 'ਤੇ ਗਏ, ਉਹ ਮਾਰਗ ਹੁਣ...

ਸ੍ਰੀ ਗੁਰੂ ਨਾਨਕ ਦੇਵ ਜੀ ਜਿਨ੍ਹਾਂ ਸਥਾਨਾਂ ‘ਤੇ ਗਏ, ਉਹ ਮਾਰਗ ਹੁਣ ‘ਗੁਰੂ ਨਾਨਕ ਮਾਰਗ’ ਕਹਾਉਣਗੇ : ਕੈਪਟਨ ਅਮਰਿੰਦਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਗਟ ਦਿਵਸ ਨੂੰ ਮਨਾਉਣ ਦੀ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਉਨ੍ਹਾਂ ਸੜਕੀ ਮਾਰਗਾਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਯਾਤਰਾਵਾਂ ਤੇ ਉਦਾਸੀਆਂ ਕੀਤੀਆਂ ਸਨ, ਦਾ ਨਾਂ ‘ਗੁਰੂ ਨਾਨਕ ਮਾਰਗ’ ਰੱਖਣ ਦਾ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਫੈਸਲਾ ਲਿਆ ਗਿਆ ਕਿ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਗਟ ਦਿਵਸ ਨੂੰ ਮਨਾਇਆ ਜਾਵੇਗਾ ਅਤੇ ਇਸਦੇ ਲਈ ਜ਼ਰੂਰੀ ਰਸਮਾਂ ਨੂੰ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮਹਾਨ ਉਤਸਵ ਨੂੰ ਮਨਾਉਣ ਲਈ ਜਨਤਾ ਅਤੇ ਵੱਖ-ਵੱਖ ਸੰਗਠਨਾਂ ਦਾ ਸਮਰਥਨ ਲੈਣ ਲਈ ਇਕ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬਤ ਦਾ ਭਲਾ’ ਉਤੇ ਕੰਮ ਕਰੇਗੀ। ਮੁੱਖ ਮੰਤਰੀ ਵਲੋਂ ਕੀਤੀ ਗਈ ਬੈਠਕ ਵਿਚ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਿੱਖਿਆ ਮੰਤਰੀ ਓਪੀ ਸੋਨੀ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਚ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਰਾਣਾ ਸੋਢੀ, ਪੀਡਬਲਿਊਡੀ ਮੰਤਰੀ ਵਿਜੇਇੰਦਰ ਸਿੰਗਲਾ, ਸੁਰਜੀਤ ਪਾਤਰ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਤੇ ਹੋਰਨਾਂ ਨੇ ਹਿੱਸਾ ਲਿਆ। ਉਚ ਪੱਧਰੀ ਕਮੇਟੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਮਾਹਿਰਾਂ, ਇਤਿਹਾਸਕਾਰਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਸਮਾਜ ਦੇ ਨਾਲ ਤਾਲਮੇਲ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਮੇਟੀ ਵਿਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖਣਗੇ ਤਾਂ ਜੋ ਸੂਬਾ ਸਰਕਾਰਾਂ ਉਨ੍ਹਾਂ ਸਥਾਨਾਂ ‘ਤੇ ਮੁੱਢਲਾ ਢਾਂਚਾ ਵਿਕਸਤ ਕਰ ਸਕੇ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਯਾਤਰਾਵਾਂ ਕੀਤੀਆਂ ਸਨ।

RELATED ARTICLES
POPULAR POSTS