ਕਿਹਾ, ਹੁਣ ਅਕਾਲੀਆਂ ਨਾਲ ਜੋਸ਼ ਖਰੋਸ਼ ਨਾਲ ਲਵਾਂਗਾ ਟੱਕਰ
ਅੰਮ੍ਰਿਤਸਰ/ਬਿਊਰੋ ਨਿਊਜ਼
ਰੋਡਵੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੇ ਜਾਣ ਮਗਰੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਗੰਧਲੀ ਹੋਈ ਸਿਆਸਤ ਨੂੰ ਸਵੱਛ ਕਰਨ ਲਈ ਅਕਾਲੀਆਂ ਖ਼ਿਲਾਫ਼ ਹੁਣ ਜੋਸ਼ ਖਰੋਸ਼ ਨਾਲ ਟੱਕਰ ਲਵਾਂਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਆਖਿਆ ਕਿ ਅਜੋਕੇ ਸਮੇਂ ਵਿੱਚ ਜਦੋਂ ਸਿਆਸੀ ਆਗੂਆਂ ਤੋਂ ਲੋਕਾਂ ਦਾ ਵਿਸ਼ਵਾਸ ਉਠ ਚੁੱਕਿਆ ਹੈ ਅਤੇ ਸਿਆਸਤਦਾਨਾਂ ਦੀ ਸਲਾਮਤੀ ਲਈ ਕੋਈ ਦੁਆ ਨਹੀਂ ਕਰਦਾ, ਉਸ ਵੇਲੇ ਦੇਸ਼ ਭਰ ਦੇ ਲੋਕਾਂ ਨੇ ਉਨ੍ਹਾਂ (ਸਿੱਧੂ) ਲਈ ਦੁਆਵਾਂ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਉਹ ਲੋਕਾਂ ਦੇ ਵਿਸ਼ਵਾਸ ਨੂੰ ਹਰ ਹੀਲੇ ਕਾਇਮ ਰੱਖਣਗੇ। ਅਕਾਲੀਆਂ ਖ਼ਿਲਾਫ਼ ਨਵੀਂ ਜੰਗ ਛੇੜਨ ਦਾ ਐਲਾਨ ਕਰਦਿਆਂ ਸਿੱਧੂ ਨੇ ਕਿਹਾ ਕਿ ਦਰਿਆਵਾਂ ਵਿੱਚ ਜ਼ਹਿਰ ਦੇ ਕੇ ਛੋਟੀਆਂ ਮੱਛੀਆਂ ਨੂੰ ਮਾਰ ਦਿੱਤਾ ਗਿਆ ਹੈ ਪਰ ਰਾਜਨੀਤੀ ਵਿੱਚ ਵੱਡੀਆਂ ਮੱਛੀਆਂ ਅੱਜ ਵੀ ਫੁੰਕਾਰੇ ਮਾਰ ਰਹੀਆਂ ਹਨ। ਐੱਸਟੀਐੱਫ ਦੀ ਰਿਪੋਰਟ ਆ ਚੁੱਕੀ ਹੈ ਅਤੇ ਹੁਣ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਮਾਰਨ ਵਾਲਿਆਂ ਖ਼ਿਲਾਫ਼ ਨਵੀਂ ਜੰਗ ਸ਼ੁਰੂ ਹੋਵੇਗੀ। ਉਨ੍ਹਾਂ ਆਖਿਆ ਕਿ ਇਸ ਦੀ ਸ਼ੁਰੂਆਤ ਸ਼ਾਹਕੋਟ ਉਪ ਚੋਣ ਦੇ ਅਖਾੜੇ ਤੋਂ ਕੀਤੀ ਜਾਵੇਗੀ। ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਮਾਰਿਆ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਐੱਸਟੀਐੱਫ ਦੀ ਰਿਪੋਰਟ ਵਿੱਚ ਜਿਨ੍ਹਾਂ ਲੋਕਾਂ ਦੇ ਨਾਂ ਸ਼ਾਮਲ ਹਨ, ਉਨ੍ਹਾਂ ਨੂੰ ਜਨਤਕ ਕੀਤਾ ਜਾਵੇਗਾ ਅਤੇ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ઠਪਰਿਵਾਰ ਨੇ ਕੋਈ ਸਿਆਸੀ ਲਾਹਾ ਨਹੀਂ ਲੈਣਾ ਹੈ, ਇਸ ਲਈ ਉਨ੍ਹਾਂ ਦੀ ਜ਼ਿੰਦਗੀ ਦਾ ਹਰ ਸਾਹ ਪੰਜਾਬੀਆਂ ਦੇ ਹਿੱਤਾਂ ਲਈ ਹੈ। ਇਸ ਮੌਕੇ ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਂ ਲੈਂਦਿਆਂ ਉਨ੍ਹਾਂ ਖ਼ਿਲਾਫ਼ ਖੁੱਲ੍ਹੀ ਜੰਗ ਦਾ ਵੀ ਐਲਾਨ ਕੀਤਾ। ਸਿੱਧੂ ਨੇ ਆਖਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਪੰਜਾਬ ਵਿੱਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬਿਆਸ ਦਰਿਆ ਦੇ ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਇਸ ਤੋਂ ਪਹਿਲਾਂ ਸਿੱਧੂ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਇਕੱਠੇ ਹੋਏ ਅਤੇ ਕਾਫਲੇ ਦੇ ਰੂਪ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …