ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਮੰਗਲਵਾਰ ਨੂੰ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਬਾਨੀ ਚੜ੍ਹਦੀ ਕਲਾ ਗਰੁੱਪ ਦੀਆਂ ਤਸਵੀਰਾਂ ਲਾਈਆਂ ਗਈਆਂ।
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ‘ਤੇ ਨਿਭਾਈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ਹੀਦਾਂ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਰੂਪਮਾਨ ਕਰਦਾ ਉਹ ਅਸਥਾਨ ਹੈ, ਜਿੱਥੋਂ ਸਿੱਖ ਇਤਿਹਾਸ, ਵਿਰਾਸਤ ਅਤੇ ਸੰਘਰਸ਼ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਗਿਆਨੀ ਹਰਨਾਮ ਸਿੰਘ ਦਰਦੀ, ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਭਾਈ ਗਿਆਨ ਸਿੰਘ ਦੇ ਯੋਗਦਾਨ ਤੋਂ ਵੀ ਜਾਣੂ ਕਰਵਾਇਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …