ਇਤਰਾਜ਼ਯੋਗ ਵੀਡੀਓ ‘ਚ ਘਿਰੇ ਸਨ ਚਰਨਜੀਤ ਸਿੰਘ ਚੱਢਾ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸਿਰੋਪਾ ਦਿੱਤੇ ਜਾਣ ઠਦੇ ਮਾਮਲੇ ਨੇ ਮੁੜ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੱਢਾ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡਿਓ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਉਸ ‘ਤੇ ਦੋ ਸਾਲ ਵਾਸਤੇ ਰੋਕ ਲਾਈ ਗਈ ਸੀ ਕਿ ਉਹ ਕਿਸੇ ਵੀ ਧਾਰਮਿਕ, ਸਿਆਸੀ ਅਤੇ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਨਾ ਕਰੇ ਅਤੇ ਨਾ ਹੀ ਸਟੇਜ ਸਾਂਝੀ ਕਰੇ। ਉਸ ਨੂੰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਸੀ। ਪਿਛਲੇ ਦਿਨੀਂ ਚੱਢਾ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਮਸ਼ੀਨ ਭੇਟ ਕੀਤੀ ਗਈ, ਜਿਸ ਮਗਰੋਂ ਲੰਗਰ ਘਰ ਦੇ ਕਰਮਚਾਰੀਆਂ ਵੱਲੋਂ ਉਸ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਕਾਰਨ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਕਰਾਈ ਜਾ ਰਹੀ ਹੈ ਅਤੇ ਉਸ ਨੂੰ ਸਿਰੋਪਾ ਦੇਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸੰਭਾਵਨਾ ਹੈ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਿਧਾਂਤ ਮੁਤਾਬਕ ਤਨਖਾਹੀਆ ਕਰਾਰ ਦਿੱਤੇ ਕਿਸੇ ਵੀ ਵਿਅਕਤੀ ਨੂੰ ਤਨਖਾਹ ਪੂਰੀ ਹੋਣ ਤੱਕ ਅਜਿਹਾ ਸਨਮਾਨ ਨਹੀਂ ਦਿੱਤਾ ਜਾ ਸਕਦਾ। ਦੂਜੇ ਪਾਸੇ ਚਰਨਜੀਤ ਸਿੰਘ ਚੱਢਾ ਨੇ ਮੀਡੀਆ ਦੇ ਇੱਕ ਹਿੱਸੇ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਸਿਰੋਪਾ ਉਨ੍ਹਾਂ ਦੀ ਪਤਨੀ ਨੂੰ ਸੌਂਪਿਆ ਗਿਆ ਸੀ, ਜੋ ਬਾਅਦ ਵਿੱਚ ਉਸ ਨੇ ਉਨ੍ਹਾਂ ਨੂੰ ਸੌਂਪ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਚੱਢਾ ਪਰਿਵਾਰ ਵੱਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਸ਼ਹੀਦਾਂ) ਵਿਖੇ ਵੀ ਲੰਗਰ ਘਰ ਵਿੱਚ ਇੱਕ ਮਸ਼ੀਨ ਭੇਟ ਕੀਤੀ ਗਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰ ਰਹੇ ਹਨ ਅਤੇ ਇਸ ਸਬੰਧੀ ਫੋਟੋਆਂ ਵੀ ਸੋਸ਼ਲ ਮੀਡੀਆ ‘ਤੇ ਜਾਰੀ ਹੋ ਰਹੀਆਂ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …