Breaking News
Home / ਭਾਰਤ / ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਬਣਾਏ ਕਮੇਟੀ: ਅਮਰਿੰਦਰ

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਬਣਾਏ ਕਮੇਟੀ: ਅਮਰਿੰਦਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਕੌਮੀ ਕਰਜ਼ਾ ਮੁਆਫ਼ੀ ਸਕੀਮ ਦਾ ਖ਼ਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕੁੱਝ ਮੁੱਖ ਮੰਤਰੀਆਂ ਉੱਤੇ ਆਧਾਰਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸਵਾਮੀਨਾਥਨ ਕਮੇਟੀ ਦੀ ਰਿਪੋਰਟ ਮੁਕੰਮਲ ਰੂਪ ਵਿੱਚ ਪ੍ਰਵਾਨ ਕੀਤੇ ਜਾਣ ਉੱਪਰ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਵਰਨਿੰਗ ਕੌਂਸਲ ਨੂੰ ਪਹਿਲ ਦੇ ਆਧਾਰ ‘ਤੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਮੁੱਦਾ ਵਿਚਾਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਸਹਿਕਾਰੀ ਸੰਘਵਾਦ ਦੀ ਭਾਵਨਾ ਅਨੁਸਾਰ ਕੇਂਦਰ ਵੱਲੋਂ ਸੂਬਿਆਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦਿੱਤੇ ਜਾਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਲਈ ਕੇਂਦਰੀ ਸਹਾਇਤਾ ਦਿੱਤੇ ਜਾਣ ਦੀ ਮੰਗ ਦੁਹਰਾਈ। ਉਨ੍ਹਾਂ ਨੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਕਾਂਡ ਦੀ ਅਗਲੇ ਸਾਲ ਮਨਾਈ ਜਾ ਰਹੀ ਸ਼ਤਾਬਦੀ ਵਾਸਤੇ ਵੀ ਕੇਂਦਰੀ ਸਹਾਇਤਾ ਦੀ ਮੰਗ ਕੀਤੀ।

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਮੋਦੀ ਦਖਲ ਦੇਣ : ਮੁੱਖ ਮੰਤਰੀ ਪੰਜਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ, ਜੋ ਪਿਛਲੀ ਸੂਬਾ ਸਰਕਾਰ ਨੇ ਗਲਤ ਤਰੀਕੇ ਨਾਲ ਆਪਣੇ ਸਿਰ ਲੈ ਲਿਆ ਸੀ। ઠਮੁੱਖ ਮੰਤਰੀ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ।
31000 ਕਰੋੜ ਰੁਪਏ ਦੀ ਰਾਸ਼ੀ ਵਿਚ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19000 ਕਰੋੜ ਰੁਪਏ ਵਿਆਜ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2003-2004 ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਲਈ ਸੂਬਾ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਨਾਲ ਇਹ ਰਾਸ਼ੀ ਸਬੰਧਤ ਹੈ ਜਿਸ ਦੇ ਖਾਤਿਆਂ ਨੂੰ ਨਿਪਟਾਇਆ ਨਹੀਂ ਗਿਆ। ઠਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮੁੱਦਾ ਕੇਂਦਰੀ ਵਿੱਤ ਮੰਤਰਾਲੇ ਕੋਲ ਪੈਂਡਿੰਗ ਹੈ। ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ।
ਉਨ੍ਹਾਂ ਪੰਜਾਬ ਦੇ ਸਰਹੱਦੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ। ਉਨ੍ਹਾਂ ਸਰਹੱਦੀ ਇਲਾਕਾ ਵਿਕਾਸ ਫੰਡ ਦੀ ਵੰਡ ਬਾਰੇ ਮਾਪਦੰਡ ਪੰਜਾਬ ਦੇ ਹੱਕ ਵਿਚ ਨਾ ਹੋਣ ਦੀ ਗੱਲ ਆਖੀ। ઠਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ 2145 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਯਾਦ ਪੱਤਰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਚੁੱਕਾ ਹੈ।ઠ
ਉਨ੍ਹਾਂ ਅਪੀਲ ਕੀਤੀ ਕਿ ਇਸ ਯਾਦਗਾਰੀ ਸਮਾਗਮ ਲਈ ਕੌਮੀ ਪੱਧਰ ‘ਤੇ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇ। ਉਨ੍ਹਾਂ ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਸ਼ਤਾਬਦੀ ਮਨਾਉਣ ਅਤੇ ਇਸ ਯਾਦਗਾਰ ਦੇ ਆਲੇ -ਦੁਆਲੇ ਦੀਆਂ ਥਾਵਾਂ ਅਤੇ ਅੰਮ੍ਰਿਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ। ਕਿਸਾਨਾਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਲਈ ਸਾਰਾ ਫੰਡ ਕੇਂਦਰ ਵੱਲੋਂ ਮੁਹੱਈਆ ਕਰਵਾਏ ਜਾਣ ਦੇ ਨਾਲ-ਨਾਲ ਕੌਮੀ ਕਰਜ਼ਾ ਮੁਆਫ਼ੀ ਸਕੀਮ ਦੀ ਅਪੀਲ ਦੁਹਰਾਈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …