ਸ਼੍ਰੋਮਣੀ ਅਕਾਲੀ ਦਲ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਲਟਕਦੇ ਸਿੱਖ ਮਸਲਿਆਂ ਲਈ ਅਕਾਲੀ ਆਗੂਆਂ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਜੋਧਪੁਰ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਜੋਧਪੁਰ ਦੇ ਨਜ਼ਰਬੰਦ ਸਿੱਖਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਭਰੋਸੇ ਮਗਰੋਂ ਰਾਹਤ ਮਿਲੀ ਹੈ। ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਸੀਬੀਆਈ ਵੱਲੋਂ ਦਾਇਰ ਪਟੀਸ਼ਨ ਵਾਪਸ ਲੈ ਲਈ ਜਾਵੇਗੀ। ਇਸ ਐਲਾਨ ਨਾਲ 40 ਸਿੱਖਾਂ ਨੂੰ ਮੁੜ ਮੁਆਵਜ਼ਾ ਮਿਲਣ ਦੀ ਆਸ ਬੱਝੀ ਹੈ। ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੋਧਪੁਰ ਜੇਲ੍ਹ ਦੇ ਕੈਦੀਆਂ ਨੂੰ ਪਹਿਲਾਂ ਦਿੱਤੀਆਂ ਸਹੂਲਤਾਂ ਬਹਾਲ ਰੱਖਦਿਆਂ ਇਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਨਜ਼ਰਬੰਦ ਸਿੱਖਾਂ ਨਾਲ ਨਿਆਂ ਕੀਤਾ ਜਾਵੇਗਾ। ਵਫਦ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਬੀਐਸ ਸਿਆਲਕਾ ਵੀ ਸ਼ਾਮਲ ਸਨ। ਸਿਆਲਕਾ ਨੇ ਜੋਧਪੁਰ ਨਜ਼ਰਬੰਦਾਂ ਲਈ ਮੁਫਤ ਕੇਸ ਲੜਿਆ ਸੀ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਨੇ ਡਾਂਗਮਾਰ ਗੁਰਦੁਆਰੇ ‘ਤੇ ਕੀਤੇ ਜਾ ਰਹੇ ਨਜਾਇਜ਼ ਕਬਜ਼ੇ ਨੂੰ ਰੋਕਣ, ਸਜ਼ਾਵਾਂ ਭੁਗਤ ਚੁੱਕੇ ઠਅਤੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਸ਼ਿਲਾਂਗ ਵਿਚ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਦਿੱਤੇ ਗਏ ਭਰੋਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਵੇਲੇ 325 ਸਿੱਖ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚੋਂ ਗ੍ਰਿਫ਼ਤਾਰ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਨਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਸੀ, ਜਿਨ੍ਹਾਂ ਵਿਚ ਉਹ ਖੁਦ ਵੀ ਸ਼ਾਮਲ ਸਨ। ਉਨ੍ਹਾਂ ਆਖਿਆ ਕਿ ਇਨ੍ਹਾਂ ਨੂੰ ਹੇਠਲੀ ਅਦਾਲਤ ਵੱਲੋਂ ਬੇਗੁਨਾਹ ਮੰਨਦਿਆਂ ਪ੍ਰਤੀ ਵਿਅਕਤੀ ਛੇ ਫੀਸਦ ਵਿਆਜ ਨਾਲ ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨੂੰ ਕੁਝ ਦਿਨ ਪਹਿਲਾਂ ਸੀਬੀਆਈ ਵਲੋਂ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ઠਐਡਵੋਕੇਟ ਜਸਬੀਰ ਸਿੰਘ ਘੁੰਮਣ ਨੇ ਕਿਹਾ ਕਿ ਜੋਧਪੁਰ ਦੇ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਸ਼ੁਰੂ ਕੀਤਾ ਸੰਘਰਸ਼ ਜਾਰੀ ਰਹੇਗਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੋਧਪੁਰ ਦੇ ਨਜ਼ਰਬੰਦ ਸਿੱਖਾਂ ਦੇ ਬੱਚਿਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਜੋਧਪੁਰ ਜੇਲ੍ਹ ਦੇ ਕੈਦੀਆਂ ਅਤੇ 1984 ਵਿੱਚ ਸਿੱਖ ਕਤਲੇਆਮ ਸਮੇਂ ਉਜੜੇ ਲੋਕਾਂ ਦਾ ਮੁੜ ਵਸੇਬਾ ਕਰਨ ਦੀ ਮੰਗ ਕੀਤੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …