ਵਿਧਾਇਕ ਸੰਦੋਆ ਨੂੰ ਇਨਸਾਫ ਦਿਵਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਰੇਤ ਮਾਫੀਆ ਵਲੋਂ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ‘ਆਪ’ ਦੇ ਇਕ ਵਫਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਹ ਵਫਦ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੀ ਅਗਵਾਈ ਵਿਚ ਰਾਜਪਾਲ ਨੂੰ ਮਿਲਿਆ ਅਤੇ ਸੰਦੋਆ ਨੂੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਇਕ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ, ਜਿਸ ਦੀ ਉਹ ਨਿੰਦਾ ਕਰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਕੋਲੋਂ ਇਸ ਬਾਰੇ ਰਿਪੋਰਟ ਮੰਗ ਲਈ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਅਕਾਲੀ ਦਲ ਅਤੇ ਭਾਜਪਾ ਦਾ ਸਾਂਝਾ ਵਫਦ ਵੀ ਰਾਜਪਾਲ ਨੂੰ ਮਿਲਿਆ ਸੀ ਅਤੇ ਪੰਜਾਬ ਵਿਚ ਵਧ ਰਹੀਆਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੰਗ ਪੱਤਰ ਦਿੱਤਾ ਸੀ।

