ਨਾਜਾਇਜ਼ ਮਾਈਨਿੰਗ ਰੋਕਣ ‘ਚ ਕੈਪਟਨ ਅਮਰਿੰਦਰ ਹੋਏ ਫੇਲ੍ਹ: ਸੁਖਪਾਲ ਖਹਿਰਾ
ਰੂਪਨਗਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕਰਨ ‘ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਸੋਮਵਾਰ ਨੂੰ ਇੱਥੇ ‘ਆਪ’ ਵੱਲੋਂ ਮਾਈਨਿੰਗ ਮਾਫ਼ੀਆ ਖ਼ਿਲਾਫ਼ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਪੁਲਿਸ ਵੱਲੋਂ ਹਮਲੇ ઠਦੇ ਦੋ ਮੁੱਖ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਰੂਪਨਗਰ ਦੇ ਵਿਧਾਇਕ ਨੂੰ ਇਨਸਾਫ਼ ਦੇਣ ਤੋਂ ਮੁਨਕਰ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੋਈ ਠੋਸ ਕਦਮ ਨਹੀਂ ਚੁੱਕ ਰਹੇ। ਸੰਦੋਆ ਉੱਤੇ ਗ਼ੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਤੋਂ ਪੰਜ ਲੱਖ ਰੁਪਏ ਲੈਣ ਦੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਖਹਿਰਾ ਨੇ ਕਿਹਾ ਕਿ ઠਉਹ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਜਾਂਚ ਲਈ ਤਿਆਰ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਇੱਕ ਫਰਮ ਵੱਲੋਂ ਰੇਤੇ ਦੀਆਂ ਖੱਡਾਂ ਦੀ ਬੋਲੀ ਸਮੇਂ ਸਿੰਜਾਈ ਵਿਭਾਗ ਦੇ ਮੁਲਜ਼ਮ ਤੋਂ ਕਥਿਤ ਪੰਜ ਕਰੋੜ ਰੁਪਏ ਵਸੂਲਣ ਦੇ ਮਾਮਲੇ ਦੀ ਵੀ ਜਾਂਚ ਕਰਾਵੇ। ਖਹਿਰਾ ਨੇ ਕਿਹਾ ਕਿ ‘ਆਪ’ ਦੇ ਵਰਕਰ ਅਤੇ ਸੰਦੋਆ ਜਲਦੀ ਉਸੇ ਖੱਡ ‘ਤੇ ਜਾਣਗੇ ਜਿੱਥੇ ਗ਼ੈਰਕਾਨੂੰਨੀ ਮਾਈਨਿੰਗ ਹੋਈ ਹੈ। ਇਸ ਮੌਕੇ ‘ਆਪ’ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਮਾਈਨਿੰਗ ਮਾਫ਼ੀਆ ਖ਼ਿਲਾਫ਼ ਤਕੜਾ ਸੰਘਰਸ਼ ਕਰ ਰਹੀ ਹੈ ਤੇ ਇਸ ਨੂੰ ਥੰਮ੍ਹਣ ਲਈ ‘ਆਪ’ ਵੱਲੋਂ ਹੈਲਪਲਾਈਨ ਵੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੈਲਪਲਾਈਨ ਉਤੇ ਨਾਜਾਇਜ਼ ਖ਼ਣਨ ਬਾਰੇ ਸ਼ਿਕਾਇਤਾਂ ਮਿਲਣ ‘ਤੇ ‘ਆਪ’ ਵਰਕਰ ਉਸ ਨੂੰ ਰੁਕਵਾਉਣਗੇ। ਇਸ ਮੌਕੇ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਉਹ ਗ਼ੈਰਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ‘ਆਪ’ ਦੇ ਵਿਧਾਇਕ ਕੰਵਰ ਸੰਧੂ, ਸਰਬਜੀਤ ਕੌਰ ਮਾਣੂਕੇ, ਪਿਰਮਲ ਸਿੰਘ, ਬੁੱਧ ਰਾਮ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ, ਜੈ ਕ੍ਰਿਸ਼ਨ ਰੋੜੀ, ਕੁਲਤਾਰ ਸਿੰਘ ਸੰਧਵਾਂ ਤੇ ਹਰਪਾਲ ਸਿੰਘ ਚੀਮਾ ਹਾਜ਼ਰ ਸਨ।
ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ : ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਮੌੜ ਵਿਖੇ ਹੋਏ ਬੰਬ ਧਮਾਕਿਆਂ ਦੀ ਜਾਂਚ ਸਬੰਧੀ ਸੂਬਾ ਸਰਕਾਰ ਤੋਂ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਸ਼ੱਕ ਦੀ ਸੂਈ ਕਥਿਤ ਤੌਰ ‘ਤੇ ਇਕ ਡੇਰਾ ਮੁਖੀ ਅਤੇ ਉਨ੍ਹਾਂ ਦੇ ਕਾਂਗਰਸੀ ਰਿਸ਼ਤੇਦਾਰ ਵੱਲ ਘੁੰਮੀ ਸੀ। ਪਰ ਫਿਰ ਇਸ ਜਾਂਚ ਨੂੰ ਅਚਾਨਕ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੌੜ ਬੰਬ ਧਮਾਕੇ ਦੀ ਜਾਂਚ ਵੀ ਲਟਕ ਗਈ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …