ਕਿਹਾ, ਪੀੜਤ ਪਰਿਵਾਰਾਂ ਦਾ ਪੂਰਾ ਸਹਿਯੋਗ ਦੇਵੇਗੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤਾ ਹੈ ਕਿ ਨਸ਼ਿਆਂ ਕਾਰਨ ਹਾਲ ਹੀ ਵਿਚ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਜਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੂਰਾ ਸਹਿਯੋਗ ਦੇਵੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਸੰਬੰਧ ਵਿਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਮੈਂਬਰ ਰੋਜ਼ਾਨਾ ਬੈਠਕ ਕਰਨਗੇ। ਮੁੱਖ ਮੰਤਰੀ ਉਨ੍ਹਾਂ ਨੂੰ ਹਰ ਸੋਮਵਾਰ ਮਿਲਣਗੇ ਅਤੇ ਦੇਖਣਗੇ ਕਿ ਇਸ ਹਫ਼ਤੇ ਦੌਰਾਨ ਕੀ-ਕੀ ਕਾਰਵਾਈ ਹੋਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਕੈਪਟਨ ਅਮਰਿੰਦਰ ਨੇ ਲੰਘੇ ਕੱਲ੍ਹ ਕੈਬਨਿਟ ਵਿਚ ਵੀ ਮਤਾ ਪਾਸ ਕੀਤਾ ਸੀ ਕਿ ਨਸ਼ੇ ਦੇ ਤਸਕਰਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।

