Breaking News
Home / ਪੰਜਾਬ / ਡੋਪ-ਮੁਕਤ ਸਾਬਤ ਹੋਣ ਲਈ ਲੋਕ ਪ੍ਰਤੀਨਿਧਾਂ ਵੱਲੋਂ ਹਸਪਤਾਲਾਂ ਵੱਲ ਵਹੀਰਾਂ

ਡੋਪ-ਮੁਕਤ ਸਾਬਤ ਹੋਣ ਲਈ ਲੋਕ ਪ੍ਰਤੀਨਿਧਾਂ ਵੱਲੋਂ ਹਸਪਤਾਲਾਂ ਵੱਲ ਵਹੀਰਾਂ

ਕੇ.ਪੀ. ਰਾਣਾ, ਰਵਨੀਤ ਬਿੱਟੂ, ਹਰਪ੍ਰਤਾਪ ਅਜਨਾਲਾ, ਜਗਦੇਵ ਸਿੰਘ ਕਮਾਲੂ, ਅਮਰਜੀਤ ਸੰਦੋਆ ਤੇ ਗੁਰਜੀਤ ਸਿੰਘ ਔਜਲਾ ਨੇ ਕਰਵਾਇਆ ਡੋਪ ਟੈਸਟ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਡੋਪ ਟੈਸਟ ਕਰਵਾਉਣ ਦੀ ਹਾਮੀ ਭਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀਆਂ ਨੇ ਪਹਿਲਕਦਮੀ ਕਰਦਿਆਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਡੋਪ ਟੈਸਟ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ‘ਤੇ ਚੌਕਸੀ ਵਧਾਉਣ ਦੀ ਲੋੜ ਹੈ।
ਅਜਨਾਲਾ : ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ । ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਹੀ ਨਾਗਰਿਕਾਂ ਨੂੰ ਆਪਣਾ ਡੋਪ ਟੈਸਟ ਕਰਾਉਣਾ ਚਾਹੀਦਾ ਹੈ। ਉਨ੍ਹਾਂ ઠਨਸ਼ਿਆਂ ਲਈ ਤਤਕਾਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਲੁਧਿਆਣਾ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਿਵਲ ਹਸਪਤਾਲ ਵਿਚ ਆਪਣਾ ਡੋਪ ਟੈਸਟ ਕਰਵਾਇਆ। ਡੋਪ ਟੈਸਟ ਕਰਵਾਉਣ ਲਈ ਉਨ੍ਹਾਂ ਨੇ ਬਕਾਇਦਾ ਪਰਚੀ ਕਰਵਾਈ ਤੇ ਟੈਸਟ ਦੀ ਫੀਸ ਭਰੀ। ਬਿੱਟੂ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਕਾਫ਼ੀ ਗੰਭੀਰ ਬਣ ਚੁੱਕੀ ਹੈ। ਸਰਕਾਰ ਇਸ ਸਮੱਸਿਆ ਨੂੰ ਹਲ ਕਰਨ ਲਈ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਦੀਆਂ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ।
ਬਠਿੰਡਾ : ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਡੋਪ ਟੈਸਟ ਕਰਵਾਉਣ ਲਈ ਪੁੱਜੇ। ਕਮਾਲੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ੇ ਦੇ ਵਿਰੋਧ ਵਿੱਚ ਖੜ੍ਹਨ ਦੀ ਲੋੜ ਹੈ, ਕਿਉਂਕਿ ਚਿੱਟੇ ਕਾਰਨ ਪੰਜਾਬ ਦੀ ਜਵਾਨੀ ਰੁਲ ਰਹੀ ਹੈ। ਉਨ੍ਹਾਂ ਦੋਸ਼ ਲਾਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਖ਼ਤਮ ਕਰਨ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਦੇ ਸਾਰੇ ਵਿਧਾਇਕਾਂ ਅਤੇ ਵਾਲੰਟੀਅਰਜ਼ ਡੋਪ ਟੈਸਟ ਕਰਵਾਉਣਗੇ।
ਰੂਪਨਗਰ : ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸਿਵਲ ਹਸਪਤਾਲ ਰੂਪਨਗਰ ਵਿੱਚ ਆਪਣਾ ਡੋਪ ਟੈਸਟ ਕਰਵਾਇਆ ਹੈ। ਵਿਧਾਇਕ ਸੰਦੋਆ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਵੀ ਆਪਣਾ ਡੋਪ ਟੈਸਟ ਕਰਵਾਇਆ। ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਲਈ ਕਿਹਾ ਗਿਆ ਸੀ। ਇਸ ਲਈ ਉਨ੍ਹਾਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ, ਜਿਸਦੀ ਰਿਪੋਰਟ ਬਿਲਕੁਲ ਠੀਕ ਆਈ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਅਜਨਾਲਾ ਹਲਕੇ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਪੋ ਆਪਣੇ ਡੋਪ ਟੈਸਟ ਕਰਾਏ ਹਨ। ਇਸੇ ਤਰ੍ਹਾਂ ਕਾਂਗਰਸੀ ਮੰਤਰੀ ਓਪੀ ਸੋਨੀ, ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ‘ਆਪ’ ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸ਼ਾਹੀਆ, ਪ੍ਰਿੰਸੀਪਲ ਬੁੱਧ ਰਾਮ, ਐਚ ਐਸ ਫੂਲਕਾ ਅਤੇ ਕਈ ਹੋਰ ਵਿਧਾਇਕਾਂ ਨੇ ਆਪੋ ਆਪਣੇ ਡੋਪ ਟੈਸਟ ਕਰਵਾ ਲਏ ਹਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …