Breaking News
Home / ਪੰਜਾਬ / ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਕੀਤਾ ਨਿਰਾਸ਼ : ਕੈਪਟਨ

ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਕੀਤਾ ਨਿਰਾਸ਼ : ਕੈਪਟਨ

ਕਿਹਾ, ਖੱਟਰ ਨੂੰ ਰੈਲੀ ਵਿਚ ਬੁਲਾ ਕੇ ਅਕਾਲੀਆਂ ਨੇ ਪੰਜਾਬ ਨਾਲ ਧ੍ਰੋਹ ਕਮਾਇਆ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਲੋਟ ਰੈਲੀ ਦੌਰਾਨ ਕਿਸਾਨੀ ਸੰਕਟ ਨਾਲ ਜੁੜੇ ਅਹਿਮ ਮਸਲਿਆਂ ਨੂੰ ਸੁਲਝਾਉਣ ਲਈ ਕੋਈ ਠੋਸ ਪ੍ਰੋਗਰਾਮ ਨਾ ਦੇਣ ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਅਕਾਲੀਆਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਰੈਲੀ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀਆਂ ਵੱਲੋਂ ਸੂਬੇ ਦੇ ਹਿੱਤਾਂ ਵਿਰੁੱਧ ਕੰਮ ਕਰਨ ਲਈ ਸਖਤ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਵਿੱਚ ਫਸੀ ਕਿਸਾਨੀ ਨੂੰ ਮੋਦੀ ਤੋਂ ਸਮੱਸਿਆਵਾਂ ਦੇ ਹੱਲ ਦੀ ਆਸ ਸੀ ਪਰ ਭਾਸ਼ਣ ਵਿੱਚੋਂ ਕੋਈ ਠੋਸ ਗੱਲ ਨਹੀਂ ਨਿਕਲੀ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਸਾਨ ਖੁਦਕੁਸ਼ੀਆਂ, ਖੇਤੀ ਕਰਜ਼ਿਆਂ ਅਤੇ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਤੱਕ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਸਾਨਾਂ ਦੀ ਭਲਾਈ ਦੀ ਗੱਲ ਕਰਨ ਦੀ ਬਜਾਏ ਐਨ.ਡੀ.ਏ. ਸਰਕਾਰ ਦੇ ਚਾਰ ਵਰ੍ਹਿਆਂ ਦੇ ਕਾਰਜਕਾਲ ਦਾ ਢੋਲ ਹੀ ਵਜਾਇਆ ਜਦਕਿ ਕੇਂਦਰ ਸਰਕਾਰ ਹਰ ਮੁਹਾਜ਼ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਸ਼ਮੂਲੀਅਤ ਅਤੇ ਖਾਲੀ ਕੁਰਸੀਆਂ ਨੇ ਸੂਬੇ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਅਸਲੀ ਸਿਆਸੀ ਸਥਿਤੀ ਜੱਗ ਜਾਹਿਰ ਕਰ ਦਿੱਤੀ ਹੈ। ਰੈਲੀ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗੈਰਹਾਜ਼ਰੀ ਕਈ ਸਵਾਲ ਖੜ੍ਹੇ ਕਰ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਮਜੀਠੀਆ ਦੀ ਰੈਲੀ ਤੋਂ ਦੂਰੀ ਪ੍ਰਧਾਨ ਮੰਤਰੀ ਦੇ ਇਸ਼ਾਰੇ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਆਸੀ ਡਰਾਮੇਬਾਜ਼ੀ ઠਸੀ ਅਤੇ ਪ੍ਰਧਾਨ ਮੰਤਰੀ ਨੇ ਨਾ ਤਾਂ ਪੰਜਾਬ ਲਈ ਅਤੇ ਨਾ ਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਜਸ਼ਨਾਂ ਸਬੰਧੀ ਕੋਈ ਵਿਸ਼ੇਸ਼ ਐਲਾਨ ਕੀਤਾ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …