ਕਾਂਗਰਸ ਵਰਕਿੰਗ ਕਮੇਟੀ ਨੇ ਹਮਖਿਆਲ ਪਾਰਟੀਆਂ ਨਾਲ ਗਠਜੋੜ ਦੇ ਅਧਿਕਾਰ ਰਾਹੁਲ ਨੂੰ ਦਿੱਤੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਟਾਕਰੇ ਲਈ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਇਸ ਦੇ ਨਾਲ ਕਾਂਗਰਸ ਨੇ ਕਿਹਾ ਕਿ ਰਾਹੁਲ ਗਾਂਧੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦਾ ਚਿਹਰਾ ਹੋਣਗੇ। ਇਹ ਫੈਸਲੇ ਐਤਵਾਰ ਨੂੰ ਨਵੀਂ ਗਠਿਤ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ), ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀਆਂ ਤੇ ਵੱਖ-ਵੱਖ ਰਾਜਾਂ ਵਿੱਚ ਕਾਂਗਰਸ ਵਿਧਾਨਕ ਪਾਰਟੀ ਦੇ ਮੈਂਬਰਾਂ ਦੀ ਸ਼ਮੂਲੀਅਤ ਵਾਲੀ ਪੰਜ ਘੰਟੇ ਤੋਂ ਵਧ ਚੱਲੀ ਮੀਟਿੰਗ ਵਿਚ ਲਏ ਗਏ। ਪਾਰਟੀ ਨੇ ਰਾਹੁਲ ਗਾਂਧੀ ਨੂੰ ਵੱਖ ਵੱਖ ਕੌਮੀ ਤੇ ਖੇਤਰੀ ਪਾਰਟੀਆਂ ਨਾਲ ਮਹਾਂ ਕੌਮੀ ਗਠਜੋੜ ਲਈ ਇਕ ਕਮੇਟੀ ਗਠਿਤ ਕਰਨ ਦਾ ਅਧਿਕਾਰ ਵੀ ਦੇ ਦਿੱਤਾ। ਰਾਹੁਲ ਨੇ ਪਾਰਟੀ ਆਗੂਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਨਤਕ ਤੌਰ ‘ਤੇ ਬੇਤੁਕੇ ਬਿਆਨ ਨਾ ਦੇਣ ਜਿਸ ਨਾਲ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚੇ। ਇਸ ਦੌਰਾਨ ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਕਿਹਾ ਕਿ ਫਰਾਂਸ ਨਾਲ ਹੋਏ ਵਿਵਾਦਿਤ ਰਾਫ਼ੇਲ ਜੈੱਟ ਸਮਝੌਤੇ ਪਿੱਛੇ ਯਕੀਨੀ ਤੌਰ ‘ਤੇ ਕਈ ‘ਘਪਲਾ’ ਹੈ।
ਉਨ੍ਹਾਂ ਦੋਸ਼ ਲਾਇਆ ਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਭੇਤ ਗੁਪਤ ਰੱਖਣ ਦੀਆਂ ਧਾਰਾਵਾਂ ਨੂੰ ਲੈ ਕੇ ਇਕ ਗੱਲ ‘ਤੇ ਕਾਇਮ ਨਹੀਂ ਰਹਿੰਦੇ ਤੇ ਹੁਣ ਤਕ ਵੱਖੋ ਵੱਖਰੇ ਬਿਆਨ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਵਜੋਂ ਕਾਂਗਰਸ ਵਰਕਿੰਗ ਕਮੇਟੀ ਦੀ ਆਪਣੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨਵੀਂ ਬਣੀ ਕਾਂਗਰਸ ਵਰਕਿੰਗ ਕਮੇਟੀ ਅਤੀਤ, ਵਰਤਮਾਨ ਤੇ ਭਵਿੱਖ ਵਿਚਾਲੇ ਸੇਤੂ ਦਾ ਕੰਮ ਕਰ ਸਕਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਉਠ ਖੜ੍ਹੇ ਹੋਣ ਅਤੇ ਦੱਬੇ ਕੁਚਲੇ ਤੇ ਪੀੜਤਾਂ ਦੀ ਲੜਾਈ ਲੜਨ। ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੁਲਕ ਦੇ ਲੋਕਾਂ ਨੂੰ ਦੇਸ਼ ਦੀ ਜਮਹੂਰੀਅਤ ਨਾਲ ਸਮਝੌਤਾ ਕਰਨ ਵਾਲੀ ‘ਖ਼ਤਰਨਾਕ ਹਕੂਮਤ’ ਤੋਂ ਬਚਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਗੱਠਜੋੜ ਲਈ ਵਚਨਬੱਧ ਹਾਂ ਤੇ ਅਸੀਂ ਸਾਰੇ ਪਾਰਟੀ ਪ੍ਰਧਾਨ ਦੇ ਨਾਲ ਖੜ੍ਹੇ ਹਾਂ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੀ ਸਮਾਜਿਕ ਖੁਸ਼ਹਾਲੀ ਤੇ ਆਰਥਿਕ ਵਿਕਾਸ ਦੀ ਬਹਾਲੀ ਜਿਹੇ ਮੁਸ਼ਕਲ ਕੰਮ ਨੂੰ ਨੇਪਰੇ ਚਾੜ੍ਹਨ ਲਈ ਪਾਰਟੀ ਪ੍ਰਧਾਨ ਨੂੰ ਕਾਂਗਰਸੀਆਂ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਦਾਅਵਾ ਪੂਰਾ ਕਰਨ ਲਈ ਖੇਤੀ ਸੈਕਟਰ ਦੀ ਵਿਕਾਸ ਦਰ 14 ਫੀਸਦ ਲੋੜੀਂਦੀ ਹੈ, ਜੋ ਫ਼ਿਲਹਾਲ ਕਿਤੇ ਨਜ਼ਰ ਨਹੀਂ ਆਉਂਦੀ। ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ 35 ਤੋਂ 40 ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਭਾਜਪਾ ਵਿਰੋਧੀ ਮੋਰਚੇ ਦੇ ਗਠਨ ਲਈ ਮੋਹਰੇ ਹੋ ਕੇ ਅਗਵਾਈ ਕਰਨੀ ਚਾਹੀਦੀ ਹੈ। ਮਹਾਗੱਠਜੋੜ ਦਾ ਚਿਹਰਾ ਰਾਹੁਲ ਗਾਂਧੀ ਹੋਣ ਬਾਰੇ ਪੁੱਛੇ ਜਾਣ ‘ਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਕਿਹਾ ਕਿ ਉਹ ਸਹਿਜੇ ਮੁੱਖ ਵਿਰੋਧੀ ਪਾਰਟੀ ਦੇ ਆਗੂ ਹਨ ਤੇ ਅਸੀਂ ਚਾਹੁੰਦੇ ਹਾਂ ਕਿ ਉਹ ਵਿਰੋਧੀ ਪਾਰਟੀਆਂ ਦੇ ਗੱਠਜੋੜ ਦਾ ਚਿਹਰਾ ਮੋਹਰਾ ਬਣਨ।
ਲੋਕ ਰਾਹੁਲ ਗਾਂਧੀ ਨੂੰ ਗਲ ਨਹੀਂ ਲਾਉਣਗੇ : ਭਾਜਪਾ
ਨਵੀਂ ਦਿੱਲੀ: ਭਾਜਪਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਂ ਧੱਕੇ ਨਾਲ ਜੱਫੀ ਪਾ ਸਕਦੇ ਹਨ, ਪਰ ਆਗਾਮੀ ਲੋਕ ਸਭਾ ਚੋਣਾਂ ਵਿਚ ਲੋਕ ਰਾਹੁਲ ਨੂੰ ਗਲ ਨਹੀਂ ਲਾਉਣਗੇ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਤਕਰੀਰ ਲਈ ਗਾਂਧੀ ਪਰਿਵਾਰ ਦੇ ਫਰਜ਼ੰਦ ਨੂੰ ਨਿਸ਼ਾਨਾ ਬਣਾਉਂਦਿਆਂ ਭਾਜਪਾ ਦੇ ਕੌਮੀ ਮੀਡੀਆ ਇੰਚਾਰਜ ਅਨਿਲ ਬਾਲੂਨੀ ਨੇ ਕਿਹਾ ਕਿ ਲੋਕ ਅਗਲੀਆਂ ਆਮ ਚੋਣਾਂ ਵਿਚ ਰਾਹੁਲ ਨੂੰ ਮੂੰਹ ਨਹੀਂ ਲਾਉਣਗੇ। ਲੜੀਵਾਰ ਟਵੀਟ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ ਦੀਆਂ 150 ਸੀਟਾਂ ‘ਤੇ ਚੋਣ ਲੜਨ ਦਾ ਫ਼ੈਸਲਾ ਕਰ ਚੁੱਕੀ ਹੈ ਜਦੋਂਕਿ ਗਾਂਧੀ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਸੰਜੋਈ ਬੈਠੇ ਸਨ। ઠ
ਕੈਪਟਨ ਅਮਰਿੰਦਰ ਨੂੰ ਰਾਹੁਲ ਦੀ ਯੋਗਤਾ ‘ਤੇ ਭਰੋਸਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦੀ ਵਕਾਲਤ ਕੀਤੀ ਹੈ। ਆਪਣਾ ਪਹਿਲਾ ਸਟੈਂਡ ਦੁਹਰਾਉਂਦਿਆਂ ਕੈਪਟਨ ਨੇ ਕਿਹਾ ਕਿ ਮੁਲਕ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਉਹ ਨਿਸਚਤ ਤੌਰ ‘ਤੇ ਸਫਲ ਪ੍ਰਧਾਨ ਮੰਤਰੀ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਵਿਰੋਧੀ ਧਿਰਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਅਤੇ ਰਾਹੁਲ ਗਾਂਧੀ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਫਰੰਟ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੇ ਸੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਪਾਰਟੀ ਵੱਲੋਂ ਕੌਮੀ ਪੱਧਰ ‘ਤੇ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਦੀਆਂ ਸੂਬਾਈ ਇਕਾਈਆਂ ਉਸੇ ਫੈਸਲੇ ਨੂੰ ਅਪਨਾਉਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਗੱਠਜੋੜ ਕੇਂਦਰੀ ਲੀਡਰਸ਼ਿਪ ‘ਤੇ ਨਿਰਭਰ ਹੋਵੇਗਾ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਵੀ ਗੱਲ ਕੀਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁਲਕ ਦੇ ਧਰਮ ਨਿਰਪੱਖਤਾ ਅਤੇ ਇਕਸਾਰਤਾ ਵਾਲੇ ਸ਼ਾਨਦਾਰ ਚਰਿੱਤਰ ਦੀ ਬਹਾਲੀ ਲਈ ਸਰਗਰਮ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਆਪਣੇ ਸਾਂਝੇ ਹਿੱਤ ਖਾਸ ਕਰਕੇ ਦੇਸ਼ ਦੇ ਹਿੱਤ ਵਿੱਚ ਇਕ ਮੰਚ ‘ਤੇ ਆਉਣਾ ਚਾਹੀਦਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …