ਕਿਹਾ, ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਬੇਕਸੂਰ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ
ਬੰਗਾ/ਬਿਊਰੋ ਨਿਊਜ਼
ਪਾਕਿਸਤਾਨ ਤੋਂ ਸ਼ਹੀਦ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਕੁਰੈਸ਼ੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸ਼ਹੀਦ ਦੇ ਘਰ, ਅਜਾਇਬ ਘਰ ਤੇ ਸਮਾਰਕ ਨੂੰ ਵੇਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਭਗਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ।
ਕੁਰੈਸ਼ੀ ਦੇ ਦੌਰੇ ਨੂੰ ਲੈ ਕੇ ਖਟਕੜ ਕਲਾਂ ਵਾਸੀਆਂ ਵਿਚ ਕਾਫੀ ਉਤਸ਼ਾਹ ਸੀ। ਕੁਰੈਸ਼ੀ ਅੱਜ ਕੱਲ੍ਹ ਪਾਕਿਸਤਾਨ ਦੇ ਫੈਸਲਾਬਾਦ ਵਿਚ ਸਥਿਤ ਭਗਤ ਸਿੰਘ ਦੇ ਜਨਮ ਸਥਾਨ ਨੂੰ ਵਿਸ਼ਵ ਪੱਧਰੀ ਯਾਦਗਾਰ ਬਣਾਉਣ ਲਈ ਯਤਨ ਕਰ ਰਹੇ ਹਨ। ਕੁਰੈਸ਼ੀ ਨੇ ਪਾਕਿਸਤਾਨੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਬੇਕਸੂਰ ਸਾਬਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।ਕੁਰੈਸ਼ੀ ਨੇ ਕਿਹਾ ਸੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਫਾਂਸੀ ਦਿੱਤੇ ਜਾਣ ਲਈ ਬਰਤਾਨੀਆ ਦੀ ਹਕੂਮਤ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਂਡਰਸ ਕਤਲ ਕੇਸ ਦੀ ਦਰਜ ਐਫ.ਆਈ.ਆਰ. ਵਿੱਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਨਾਮ ਹੀ ਨਹੀਂ ਸੀ। ਇਸ ਦੇ ਬਾਵਜੂਦ ਇਨ੍ਹਾਂ ਨੂੰ ਫਾਂਸੀ ਦਿੱਤੀ ਗਈ।

