ਕਿਹਾ – ਕਰਜ਼ੇ ਦੀ ਚਾਬੀ ਮੋਦੀ ਤੇ ਜੇਤਲੀ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਲਈ ਵਿੱਤੀ ਪੱਖ ਤੋਂ ਵੱਡੀ ਸਿਰਦਰਦੀ ਬਣੇ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੀ ਰਾਹਤ ਤੋਂ ਕੇਂਦਰੀ ਖੁਰਾਕ, ਖ਼ਪਤਕਾਰ ਮਾਮਲਿਆਂ ਤੇ ਜਨਤਕ ਵੰਡ ਪ੍ਰਣਾਲੀ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਪੂਰੀ ਤਰ੍ਹਾਂ ਪੱਲਾ ਝਾੜ ਲਿਆ ਹੈ। ਪੰਜਾਬ ਅਤੇ ਹਰਿਆਣਾ ਦੇ ਖਰੀਦ ਪ੍ਰਬੰਧਾਂ ਅਤੇ ਜਨਤਕ ਵੰਡ ਪ੍ਰਣਾਲੀ ਦੀ ਸਮੀਖਿਆ ਕਰਨ ਚੰਡੀਗੜ੍ਹ ਪਹੁੰਚੇ ਪਾਸਵਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰਾਲਾ ਹੀ ਇਹ ਮਾਮਲਾ ਹੱਲ ਕਰਨ ਦੇ ਸਮਰੱਥ ਹਨ। ਪਾਸਵਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪਿਛਲੇ ਸਮੇਂ ਦੌਰਾਨ ਇਸ ਕਰਜ਼ੇ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦਫ਼ਤਰ ਅਤੇ ਵਿੱਤ ਮੰਤਰਾਲੇ ਨਾਲ ਚਰਚਾ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ 31 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਨੂੰ ਕਰਜ਼ੇ ਵਿੱਚ ਬਦਲ ਕੇ ਭਰਪਾਈ ਕਰਨ ਤੋਂ ਬਾਅਦ ਖੁਰਾਕ ਮੰਤਰਾਲੇ ਦਾ ਕੋਈ ਸਬੰਧ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਇਸ ਸਮੇਂ ਵਿੱਤ ਮੰਤਰਾਲਾ ਤੇ ਪ੍ਰਧਾਨ ਮੰਤਰੀ ਹੀ ਪੰਜਾਬ ਨੂੰ ਕੋਈ ਰਾਹਤ ਦੇ ਸਕਦੇ ਹਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਸਿਰ ਕੇਂਦਰੀ ਖੁਰਾਕ ਮੰਤਰਾਲੇ ਦੀਆਂ 31 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਨੂੰ ਅਕਾਲੀ-ਭਾਜਪਾ ਸਰਕਾਰ ਦੇ ਅੰਤਲੇ ਮਹੀਨਿਆਂ ਦੌਰਾਨ ਕਰਜ਼ੇ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਸ ਕਰਜ਼ੇ ਨਾਲ ਵਿੱਤੀ ਸੰਕਟ ਹੋਰ ਵੀ ਗੰਭੀਰ ਹੋ ਗਿਆ ਸੀ। ਵਿੱਤੀ ਸੰਕਟ ਵਿੱਚੋਂ ਲੰਘ ਰਹੇ ਪੰਜਾਬ ਲਈ ਕਰਜ਼ੇ ਦਾ ਇਹ ਭਾਰ ਝੱਲਣਾ ਔਖਾ ਹੋ ਗਿਆ ਹੈ ਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਰਾਹਤ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਪਾਸਵਾਨ ਜੋ ਕਿ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਵੀ ਹਨ, ਦਾ ਕਹਿਣਾ ਹੈ ਕਿ ਸਾਲ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਜਨ ਸ਼ਕਤੀ ਪਾਰਟੀ, ਭਾਜਪਾ ਦੀ ਅਗਵਾਈ ਵਾਲੇ ਕੇਂਦਰੀ ਜਮਹੂਰੀ ਗੱਠਜੋੜ (ਐਨਡੀਏ) ਦਾ ਹਿੱਸਾ ਹੀ ਹੋਵੇਗੀ।
ਉਨ੍ਹਾਂ ਕਿਹਾ ਕਿ ਲੋਕ ਜਨ ਸ਼ਕਤੀ ਪਾਰਟੀ 10 ਤੋਂ 14 ਅਗਸਤ ਤੱਕ ਮੋਦੀ ਸਰਕਾਰ ਦੇ ਹੱਕ ‘ਚ ਪ੍ਰਚਾਰ ਮੁਹਿੰਮ ਚਲਾਵੇਗੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …