ਨਵੀਂ ਦਿੱਲੀ/ਬਿਊਰੋ ਨਿਊਜ਼
ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਨਵੀਂ ਦਿੱਲੀ ਚੋਣ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਦਿੱਲੀ ਡਾਇਲਾਗ ਕਮਿਸ਼ਨ (ਦਿੱਲੀ ਸਰਕਾਰ) ਦੇ ਉਪ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾਅ ਚੁੱਕੇ ਪਾਰਟੀ ਦੇ ਸੀਨੀਅਰ ਆਗੂ ਆਸ਼ੀਸ਼ ਖੇਤਾਨ ਨੇ ਸਰਗਰਮ ਰਾਜਨੀਤੀ ਤੋਂ ਦੂਰੀ ਬਣਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਿਆਸੀ ਹਲਕਿਆਂ ਵਿਚ ਚੱਲ ਰਹੀਆਂ ਚਰਚਾਵਾਂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਰਟੀ ਤੋਂ ਨਾਰਾਜ਼ ਚੱਲ ਰਹੇ ਖੇਤਾਨ ਨੇ 15 ਅਗਸਤ ਨੂੰ ਆਸ਼ੂਤੋਸ਼ ਦੇ ਨਾਲ ਹੀ ਅਸਤੀਫ਼ਾ ਦੇ ਦਿੱਤਾ ਸੀ। ਖੇਤਾਨ ਨੇ ਟਵੀਟ ਰਾਹੀਂ ਕਿਹਾ ਕਿ ਉਹ ਪੂਰੀ ਤਰ੍ਹਾਂ ਵਕਾਲਤ ‘ਤੇ ਧਿਆਨ ਦੇ ਰਹੇ ਹਨ ਤੇ ਮੌਜੂਦਾ ਸਮੇਂ ਸਰਗਰਮ ਸਿਆਸਤ ਵਿਚ ਸ਼ਾਮਿਲ ਨਹੀਂ ਹਨ। ਖੇਤਾਨ ਵਲੋਂ ਸਰਗਰਮ ਸਿਆਸਤ ਤੋਂ ਦੂਰੀ ਬਣਾਉਣ ਦੇ ਐਲਾਨ ਨੂੰઠ’ਆਪ’ ਵਾਸਤੇ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ‘ਆਪ’ ਦੇ ਹੀ ਇਕ ਹੋਰ ਆਗੂ ਕੁਮਾਰ ਵਿਸ਼ਵਾਸ ਨੇ ਖੇਤਾਨ ਦੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ‘ਤੇ ਤਨਜ਼ ਕੱਸਿਆ ਅਤੇ ਖੇਤਾਨ ਦੇ ਅਸਤੀਫ਼ੇ ਨੂੰ ਆਤਮ ਸਮਰਪਿਤ ਕੁਰਬਾਨੀ ਦਾ ਨਾਂ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਸ਼ੀਸ਼ ਖੇਤਾਨ ਮੁੜ ਤੋਂ ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਚੋਣ ਲੜਨਾ ਚਾਹੁੰਦੇ ਸਨ ਪਰ ਇਸ ਲਈ ਪਾਰਟੀ ਤਿਆਰ ਨਹੀਂ ਹੋਈ ਤਾਂ ਉਨ੍ਹਾਂ ਨੇ ਪਹਿਲਾਂ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਅਤੇ ਹੁਣ ਸਰਗਰਮ ਸਿਆਸਤ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਕੇ ਆਪਣੀ ਨਾਰਾਜ਼ਗੀ ਜਤਾ ਰਹੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …