ਲੁਧਿਆਣਾ : ਲੋਕ ਇਨਸਾਫ਼ ਪਾਰਟੀ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਲੜਨ ਦਾ ਫ਼ੈਸਲਾ ਕਰਦਿਆਂ 5 ਮੈਂਬਰੀ ਟੀਮ ਦਾ ਗਠਨ ਕੀਤਾ ਹੈ। ਇਹ ਟੀਮ ਸੂਬੇ ਦਾ ਦੌਰਾ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਾਲ ਨਾਲ ਪੰਚਾਇਤੀ ਚੋਣਾਂ ਲਈ ਵੀ ਵਿਸ਼ੇਸ਼ ਰਿਪੋਰਟ ਤਿਆਰ ਕਰੇਗੀ। ਇੱਥੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਭਰ ਤੋਂ ਪੁੱਜੇ ਜ਼ਿਲ੍ਹਾ ਪ੍ਰਧਾਨਾਂ ਸਣੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਮੇਟੀ ਵਿੱਚ ਸੁਖਦੇਵ ਸਿੰਘ ਚੱਕ, ਜਰਨੈਲ ਨੰਗਲ, ਅਮਰੀਕ ਸਿੰਘ ਵਰਪਾਲ, ਜਗਵੀਰ ਸਿੰਘ ਅਕਲੀਆ ਅਤੇ ਜਸਵੰਤ ਸਿੰਘ ਗੱਜਣਮਾਜਰਾ ਨੂੰ ਸ਼ਾਮਲ ਕੀਤਾ ਗਿਆ ਹੈ। ਬਰਗਾੜੀ ਕਾਂਡ ਬਾਰੇ ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਰਿਪੋਰਟ ਪੇਸ਼ ਕੀਤੀ ਜਾ ਚੁੱਕੀ ਹੈ, ਪਰ ਇਸ ਰਿਪੋਰਟ ਉੱਪਰ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ਨੇ ਸ਼ੱਕ ਦੀ ਉਂਗਲ ਉਠਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ, ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਡੀਜੀਪੀ ਦਾ ਜੇ ਝੂਠ ਫੜਨ ਵਾਲਾ ਟੈਸਟ ਕਰਾਇਆ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਸਕਦੀ ਹੈ। ਇਸ ਸਮੇਂ ਜਥੇਦਾਰ ਬਲਵਿੰਦਰ ਸਿੰਘ ਬੈਂਸ, ਜਸਵਿੰਦਰ ਸਿੰਘ ਖ਼ਾਲਸਾ, ਕੌਂਸਲਰ ਅਰਜਨ ਸਿੰਘ ਚੀਮਾ, ਯੂਥ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।