ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਨਿੱਜੀ ਦਖਲ ਦੇਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਬੀਬੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਗਲਿਆਰਾ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ।
ਕੈਪਟਨ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਕੌਮਾਂਤਰੀ ਸਰਹੱਦ ਤੋਂ 4 ਕਿਲੋਮੀਟਰ ਦੂਰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਜਨਮ ਦਿਹਾੜਾ ਨਵੰਬਰ 2019 ਵਿੱਚ ਮਨਾਇਆ ਜਾਣਾ ਹੈ। ਸਿੱਖ ਭਾਈਚਾਰੇ ਦੀ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਤਿਹਾਸਕ ਮੰਗ ਰਹੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ।
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ਲਈ ਤਿੰਨ ਕਮੇਟੀਆਂ ਦਾ ਗਠਨ
ਕੈਪਟਨ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਜ਼ਿੰਮੇਵਾਰੀ ਸਿੱਧੂ ਨੂੰ ਦਿੱਤੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪ੍ਰਬੰਧਾਂ ‘ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਚ ਨਿਗਰਾਨੀ ਰੱਖਣਗੀਆਂ। ਇਸ ਤੋਂ ਇਲਾਵਾ ਕੈਪਟਨ ਨੇ ਇਕ ਸਭਿਆਚਾਰਕ ਮਾਮਲਿਆਂ ਬਾਰੇ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਇਨ੍ਹਾਂ ਸਮਾਰੋਹਾਂ ਦੀ ਰੂਪ ਰੇਖਾ ਤਿਆਰ ਕਰੇਗੀ। ਇਨ੍ਹਾਂ ਸਮਾਗਮਾਂ ਨੂੰ ਮਨਾਉਣ ਲਈ ਕੈਪਟਨ ਨੇ ਵਿੱਤੀ ਸਹਾਇਤਾ ਲਈ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਕਹਿ ਦਿੱਤਾ ਹੈ। ਇਸੇ ਦੌਰਾਨ ਜਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਮਤਾ ਪੇਸ਼ ਕਰਨ ਲਈ ਨਵਜੋਤ ਸਿੱਧੂ ਨੂੰ ਨਿਰਦੇਸ਼ ਦਿੱਤੇ ਹਨ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …