Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ

ਨਤੀਜੇ 22 ਸਤੰਬਰ ਨੂੰ, ਪੰਜਾਬ ‘ਚ ਚੋਣ ਜ਼ਾਬਤਾ ਹੋਇਆ ਲਾਗੂ
ਚੰਡੀਗੜ੍ਹ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਹੋਣ ਨਾਲ ਸੂਬੇ ਦੇ ਸਮੁੱਚੇ ਦਿਹਾਤੀ ਖੇਤਰ ਵਿੱਚ ਚੋਣ ਜ਼ਾਬਤਾ ਲੱਗ ਗਿਆ ਹੈ। ਸੂਬਾਈ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਇੱਥੇ ਦੱਸਿਆ ਕਿ 22 ਜ਼ਿਲ੍ਹਾ ਪਰਿਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ 19 ਸਤੰਬਰ ਨੂੰ ਵੋਟਾਂ ਪੈਣਗੀਆਂ।
ਪੰਜਾਬ ਵਿੱਚ ਦਿਹਾਤੀ ਖੇਤਰ ਦੀਆਂ ਇਨ੍ਹਾਂ ਚੋਣਾਂ ਦੌਰਾਨ ਪਹਿਲੀ ਵਾਰੀ ਉਮੀਦਵਾਰਾਂ ਨੂੰ ਨਾਪਸੰਦ ਕਰਨ ਵਾਲਾ ਖਾਨਾ ਵੀ ਬੈਲਟ ਪੇਪਰਾਂ ਵਿੱਚ ਵੋਟਰਾਂ ਲਈ ਹੋਵੇਗਾ। ਸੂਬੇ ਵਿੱਚ ਪਹਿਲੀ ਵਾਰੀ ਇਨ੍ਹਾਂ ਚੋਣਾਂ ਦੌਰਾਨ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਵੀ ਦਿੱਤਾ ਜਾਣਾ ਹੈ। ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦੇ ਨਾਂ ਦਰਜ ਹਨ, ਜਿਨ੍ਹਾਂ ਵਿੱਚੋਂ 6688245 ਪੁਰਸ਼ ਵੋਟਰ ਹਨ, ਜਦੋਂ ਕਿ 6099245 ਮਹਿਲਾ ਵੋਟਰ ਹਨ ਅਤੇ 97 ਕਿੱਨਰ ਹਨ। ਰਾਜ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਿਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮਾਂ ਨੂੰ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਲਾਇਆ ਗਿਆ ਹੈ। ਸੂਬੇ ਵਿੱਚ ਕਾਂਗਰਸ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪਹਿਲੀ ਵਾਰੀ ਦਿਹਾਤੀ ਖੇਤਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ, ਆਮ ਆਦਮੀ ਪਾਰਟੀ (ਆਪ) ਅਤੇ ਖੱਬੀਆਂ ਪਾਰਟੀਆਂ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ। ਜ਼ਿਲ੍ਹਾ ਪਰਿਸ਼ਦ ਦੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਈ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਚੋਣ ਨਿਸ਼ਾਨ ਉੱਤੇ ਲੜੀਆਂ ਜਾਣਗੀਆਂ।
ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 4 ਸਤੰਬਰ ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 7 ਸਤੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 10 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 11 ਸਤੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸ ਦਿਨ 11 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 19 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 22 ਸਤੰਬਰ ਨੂੰ ਹੋਵੇਗਾ। ਸੰਧੂ ਨੇ ਕਿਹਾ ਕਿ 22 ਜ਼ਿਲ੍ਹਾ ਪਰਿਸ਼ਦ ਦੇ 354 ਮੈਂਬਰਾਂ ਅਤੇ 150 ਪੰਚਾਇਤ ਸਮਿਤੀਆਂ ਦੇ 2900 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਲਈ 35 ਅਬਜ਼ਰਵਰ ਲਗਾਏ ਗਏ ਹਨ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਜ਼ਿਲ੍ਹਾ ਪਰਿਸ਼ਦ ਮੈਂਬਰ ਲਈ 1.90 ਲੱਖ ਰੁਪਏ ਮਿਥੀ ਗਈ ਹੈ, ਜਦੋਂ ਕਿ ਪੰਚਾਇਤ ਸਮਿਤੀ ਮੈਂਬਰ ਲਈ 80000 ਰੁਪਏ ਹੈ। ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਵਿੱਚ ਵੋਟਰ ਸੂਚੀਆਂ ਨੂੰ ਕੁਆਲੀਫਾਇੰਗ ਮਿਤੀ 1 ਜਨਵਰੀ ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਇਹ ਚੋਣਾਂ ਬੈਲਟ ਪੇਪਰਾਂ ਰਾਹੀਂ ਕਰਾਈਆਂ ਜਾਣੀਆਂ ਹਨ। ਚੋਣ ਕਮਿਸ਼ਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸਮਿਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਰੱਦ ਕਰਨ ਦੀ ਸਹੂਲਤ ਵਾਲਾ ਖਾਨਾ (ਨੋਟਾ) ਵੀ ਦਿੱਤਾ ਜਾਵੇਗਾ। ਨੋਟਾ ਦੀ ਵਰਤੋਂ ਇਨ੍ਹਾਂ ਚੋਣਾਂ ਦੌਰਾਨ ਪਹਿਲੀ ਦਫ਼ਾ ਹੋਣੀ ਹੈ।
ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਦਾ ਐਲਾਨ ਹਫ਼ਤੇ ਤੱਕ
ਪੰਜਾਬ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਅਟਕ ਗਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਨੋਟੀਫਿਕੇਸ਼ਨ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੇ ਜਾਣ ਤੋਂ ਬਾਅਦ ਇਨ੍ਹਾਂ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਸਤੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਹੋਣ ਦੀ ਸੰਭਾਵਨਾ ਹੈ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …