Breaking News
Home / ਪੰਜਾਬ / ਵਿਧਾਨ ਸਭਾ ਵਿਚ ਕਾਂਗਰਸ ਤੇ ‘ਆਪ’ ਨੇ ਮਿਲ ਕੇ ਬਾਦਲਾਂ ‘ਤੇ ਬੋਲਿਆ ਧਾਵਾ

ਵਿਧਾਨ ਸਭਾ ਵਿਚ ਕਾਂਗਰਸ ਤੇ ‘ਆਪ’ ਨੇ ਮਿਲ ਕੇ ਬਾਦਲਾਂ ‘ਤੇ ਬੋਲਿਆ ਧਾਵਾ

ਬੇਅਦਬੀ ਦੀਆਂ ਘਟਨਾਵਾਂ ‘ਚ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਪੜਤਾਲੀਆ ਰਿਪੋਰਟ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲ ਨਿਸ਼ਾਨਾ ਸਾਧਿਆ।
ਬਹਿਸ ਵਿੱਚ ਹਿੱਸਾ ਲੈਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਨੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਉਕਤ ਚਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਭਾਸ਼ਣ ਸ਼ੁਰੂ ਕਰਦਿਆਂ ਇੱਥੋਂ ਤੱਕ ਆਖ ਦਿੱਤਾ ਕਿ ਜੇ ਬਾਦਲਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਲੋਕਾਂ ਨੇ ਸਵਾਲ ਕਰਨਾ ਹੈ ਕਿ ਸਰਕਾਰ ਕਾਂਗਰਸ ਦੀ ਹੈ ਜਾਂ ਅਜੇ ਵੀ ਅਕਾਲੀਆਂ ਦੀ ਹੀ।
ਉਨ੍ਹਾਂ ਜਜ਼ਬਾਤੀ ਰੌਂਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਹਰੇ ਝੋਲੀ ਅੱਡਦਿਆਂ ਕਿਹਾ ਕਿ ਉਨ੍ਹਾਂ ਅੱਜ ਤੱਕ ਕਿਸੇ ਤੋਂ ਕੁੱਝ ਨਹੀਂ ਮੰਗਿਆ ਪਰ ਬਾਦਲਾਂ ਖ਼ਿਲਾਫ਼ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਲਾ ਅਧਿਆਏ ਹਨ, ਜੋ ਨਾਸੂਰ ਬਣ ਕੇ ਸਦੀਆਂ ਤੱਕ ਸਿੱਖ ਕੌਮ ਨੂੰ ਦਰਦ ਦਿੰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਧਰਮ ਦੇ ਨਾਂ ‘ਤੇ ਲੋਕਾਂ ਵਿਚ ਵੰਡੀਆਂ ਪਾਈਆਂ ਅਤੇ ਆਪਣੀ ਕੁਰਸੀ ਕਾਇਮ ਰੱਖਣ ਲਈ ਲੋਕਾਂ ਨੂੰ ਲੜਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਡੇਰਾ ਸਿਰਸਾ ਦੇ ਮੁਖੀ ਨਾਲ ਮੁੰਬਈ ‘ਚ ਮੀਟਿੰਗਾਂ ਕੀਤੀਆਂ ਅਤੇ ਫ਼ਿਲਮ ਚਲਾਉਣ ਲਈ ਸੌਦੇ ਕੀਤੇ, ਉਸ ਤੋਂ ਬਾਅਦ ਘਟਨਾਵਾਂ ਵਾਪਰੀਆਂ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਹੀ ਫ਼ਿਰਕਾਪ੍ਰਸਤੀ ਵਾਲੀ ਰਾਜਨੀਤੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਹੁੰਦਿਆਂ ਨਿਰੰਕਾਰੀ ਕਾਂਡ ਵੀ ਇਸੇ ਰਣਨੀਤੀ ਤਹਿਤ ਹੀ ਕਰਵਾਇਆ। ਇਸ ਤੋਂ ਬਾਅਦ ਪੰਜਾਬ ਵਿੱਚ 21 ਹਜ਼ਾਰ ਬੇਦੋਸ਼ੇ ਮਰੇ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਦਲਾਂ ਨੇ ਬੇਅਦਬੀ ਦੀਆਂ ਘਟਨਾਵਾਂ ਕਰਵਾ ਕੇ ਸਿੱਖ ਕੌਮ ਨਾਲ ਧਰ੍ਹੋ ਕਮਾਇਆ ਹੈ ਤੇ ਸਿੱਖ ਵਿਚਾਰਧਾਰਾ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ‘ਤੇ ਜ਼ੁਲਮ ਕਰਨ ਵਾਲੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਬਣਾਇਆ ਤੇ ਇਜ਼ਹਾਰ ਆਲਮ ਦੀ ਪਤਨੀ ਨੂੰ ਅਕਾਲੀ ਦਲ ਨੇ ਟਿਕਟ ਦੇ ਕੇ ਵਿਧਾਇਕ ਬਣਾਇਆ ਤੇ ਅਜੇ ਵੀ ਇਹ ਆਪਣੇ ਆਪ ਨੂੰ ਪੰਥਕ ਕਹਾਉਂਦੇ ਹਨ।
ਉਨ੍ਹਾਂ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਕੰਵਰ ਸੰਧੂ ਨੇ ਰਿਪੋਰਟ ਵਿੱਚ ਸ਼ਾਮਲ ਪੁਲਿਸ ਤੇ ਸਿਵਲ ਅਫ਼ਸਰਾਂ ‘ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਚਰਨਜੀਤ ਸਿੰਘ ਚੰਨੀ ਨੇ ਵੀ ਬਾਦਲਾਂ ਅਤੇ ਡੇਰਾ ਸਿਰਸਾ ਦੇ ਮੁਖੀ ‘ਤੇ ਨਿਸ਼ਾਨਾ ਸੇਧਿਆ। ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਡੀਜੀਪੀ ਸੈਣੀ ਨੂੰ ਅਪਰਾਧੀ ਅਫ਼ਸਰ ਕਰਾਰ ਦਿੰਦਿਆਂ ਸੈਣੀ ਦੀ ਕਈ ਮਾਮਲਿਆਂ ਵਿੱਚ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਸਾਬਕਾ ਡੀਜੀਪੀ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਮੰਗ ਕੀਤੀ।
‘ਆਪ’ ਦੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀਆਂ ਦੇ ਰਾਜ ਵਿੱਚ ਪ੍ਰੇਮੀਆਂ ਦੀ ਪੂਰੀ ਚੜ੍ਹਤ ਸੀ, ਇਹੀ ਕਾਰਨ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਬਾਦਲਾਂ ਦੀ ਸ਼ਹਿ ‘ਤੇ ਹੋਈਆਂ। ‘ਆਪ’ ਦੇ ਹੀ ਐਚ.ਐਚ. ਫੂਲਕਾ ਨੇ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਡੀਜੀਪੀ ਖ਼ਿਲਾਫ਼ ਕਤਲ ਦਾ ਕੇਸ ਚਲਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਛੋਟੀਆਂ ਮੱਛੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਵੱਡੀਆਂ ਮੱਛੀਆਂ ਨੂੰ ਫੜਿਆ ਜਾਣਾ ਚਾਹੀਦਾ ਹੈ। ਫੂਲਕਾ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ। ਬਹਿਸ ਵਿੱਚ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਬਲਦੇਵ ਸਿੰਘ ਆਦਿ ਨੇ ਵੀ ਹਿੱਸਾ ਲਿਆ। ਫੂਲਕਾ ਅਤੇ ਖਹਿਰਾ ਨੇ ਬਲਜੀਤ ਸਿੰਘ ਦਾਦੂਵਾਲ ਅਤੇ ਹੋਰਨਾਂ ਦੀ ਹਮਾਇਤ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਆਈਐਸਆਈ ਦੇ ਏਜੰਟ ਕਹਿਣ ਦੀ ਨਿਖੇਧੀ ਕੀਤੀ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਨਿਸ਼ਾਨੇ ‘ਤੇ
ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਬਹਿਸ ਸ਼ੁਰੂ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਮਹਿਜ਼ 4 ਕਿੱਲੇ ਜ਼ਮੀਨ ਦੇ ਮਾਲਕ ਪਰਿਵਾਰ ਕੋਲ ਹੋਟਲ, ਮਹਿੰਗੀਆਂ ਕਾਰਾਂ ਅਤੇ ਤਿੰਨ ਕੋਠੀਆਂ ਹੋਣਾ ਹੈਰਾਨੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਰੋਲ ਦਿੱਤਾ ਤੇ ਸੰਸਥਾਵਾਂ ਦੇ ਮੁਖੀਆਂ ਨੂੰ ਭ੍ਰਿਸ਼ਟ ਬਣਾ ਦਿੱਤਾ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …