ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਕਰਨਗੇ ਜਾਂਚ ਟੀਮ ਦੀ ਅਗਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਲਈ ਚੁਣੌਤੀ ਬਣੇ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕਰ ਦਿੱਤਾ ਗਿਆ ਹੈ।
ਇਸ ਵਿੱਚ ਆਈਜੀ ਅਰੁਣਪਾਲ ਸਿੰਘ, ਆਈਜੀ ਕੁੰਵਰ ਵਿਜੇਪ੍ਰਤਾਪ ਸਿੰਘ, ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਅਤੇ ਪੁਲਿਸ ਰੰਗਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ ਦੇ ਇੰਚਾਰਜ ਕਮ ਕਮਾਂਡੈਂਟ ਭੁਪਿੰਦਰ ਸਿੰਘ ਸ਼ਾਮਲ ਹਨ। ਇਹ ਜਾਂਚ ਟੀਮ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਣ, ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ (ਕੁੱਲ ਚਾਰ ਐਫਆਈਆਰਜ਼) ਦੀ ਪੜਤਾਲ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨਾਂ ਤੋਂ ਸਿੱਟ ਦੇ ਗਠਨ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਜਾ ਰਹੀ ਸੀ ਪਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿੱਚ ਪਿੰਡ ਬਰਗਾੜੀ ਦੀ ਬੇਅਦਬੀ ਦਾ ਮਾਮਲਾ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ ਕਾਂਡ ਦੀ ਜਾਂਚ ਦੇ ਮੁੱਦੇ ‘ਤੇ ਖੌਫ਼ ਪੈਦਾ ਹੋ ਗਿਆ ਸੀ।
ਜ਼ਿਆਦਾਤਰ ਸੀਨੀਅਰ ਅਫ਼ਸਰ ਰਾਜ ਸਰਕਾਰ ਵੱਲੋਂ ਗਠਿਤ ਕੀਤੀ ਜਾਣ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਮੁਖੀ ਜਾਂ ਮੈਂਬਰ ਬਣਨ ਲਈ ਤਿਆਰ ਨਹੀਂ ਸਨ। ਅਤਿ ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੂਬਾਈ ਪੁਲਿਸ ਦੇ ਡੀਜੀਪੀ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚ ਕਰਕੇ ‘ਸਿੱਟ’ ਤੋਂ ਦੂਰ ਰੱਖਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਇਕ ਸੀਨੀਅਰ ਪੁਲਿਸ ਅਫਸਰ ਦਾ ਦੱਸਣਾ ਹੈ ਕਿ ਬੇਅਦਬੀ ਦਾ ਮਾਮਲਾ ਧਾਰਮਿਕ ਅਤੇ ਸੰਵੇਦਨਸ਼ੀਲ ਹੋਣ ਕਾਰਨ ਕੋਈ ਵੀ ਅਫ਼ਸਰ ਹੱਥ ਪਾਉਣ ਲਈ ਤਿਆਰ ਨਹੀਂ ਸੀ। ਇਸ ਤੋਂ ਪਹਿਲਾਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ‘ਤੇ ਅਧਾਰਿਤ ਕਮਿਸ਼ਨ ਵੱਲੋਂ ਸਰਕਾਰ ਨੂੰ ਸੌਂਪੀ ਪੜਤਾਲੀਆ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 14 ਪੁਲਿਸ ਅਫਸਰਾਂ ਨੂੰ ਉਕਤ ਮਾਮਲਿਆਂ ਵਿੱਚ ਕਿਸੇ ਨਾ ਕਿਸੇ ਪੱਖ ਤੋਂ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ। ਸਰਕਾਰ ਦੀਆਂ ਹਦਾਇਤਾਂ ‘ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਸਮੇਤ ਚਾਰ ਪੁਲਿਸ ਅਫ਼ਸਰਾਂ ਦੇ ਨਾਮ ਕਤਲ ਦੇ ਮਾਮਲੇ ਵਿੱਚ ਸ਼ਾਮਲ ਵੀ ਕੀਤੇ ਜਾ ਚੁੱਕੇ ਹਨ। ਮੰਤਰੀਆਂ ਸਮੇਤ ਕਾਂਗਰਸੀ ਵਿਧਾਇਕਾਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਨੇ ਸਾਬਕਾ ਡੀਜੀਪੀ ਅਤੇ ਸਾਬਕਾ ਮੁੱਖ ਮੰਤਰੀ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਮੈਦਾਨ ਭਖਾਇਆ ਹੋਇਆ ਹੈ। ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਤਾਂ 15 ਸਤੰਬਰ ਤੱਕ ਕਾਰਵਾਈ ਕਰਨ ਦੀ ਚੁਣੌਤੀ ਦਿੰਦਿਆਂ 16 ਸਤੰਬਰ ਨੂੰ ਅਸਤੀਫਾ ਦੇਣ ਦੀ ਧਮਕੀ ਵੀ ਦਿੱਤੀ ਹੋਈ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰਦਿਆਂ ਰੈਲੀਆਂ ਦਾ ਸਿਲਸਿਲਾ ਆਰੰਭਿਆ ਹੈ। ਇਸ ਤਰ੍ਹਾਂ ਨਾਲ ਵਧਦੇ ਜਾ ਰਹੇ ਸਿਆਸੀ ਦਬਾਅ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਕਸੂਤੀ ਬਣੀ ਹੋਈ ਸੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …