-6.7 C
Toronto
Wednesday, February 4, 2026
spot_img
Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਰਾ ਦਿਨ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਸ੍ਰੀ ਹਰਿਮੰਦਰ ਸਾਹਿਬ ਵਿਚ ਜਾਰੀ ਰਹੀ।ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਤੋਂ ਹਰਿਮੰਦਰ ਸਾਹਿਬ ਤਕ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਰਾਮਸਰ ਉਹ ਥਾਂ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਗਈ ਸੀ ਅਤੇ ਮੁੜ 1604 ਈਸਵੀ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਦਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਤਾ। ਉਸ ਵੇਲੇ ਗੁਰਦੁਆਰਾ ਰਾਮਸਰ ਤੋਂ ਪਾਵਨ ਬੀੜ ਨੂੰ ਬਾਬਾ ਬੁੱਢਾ ਜੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਆਏ ਸਨ। ਇਸੇ ਪ੍ਰੰਪਰਾ ਮੁਤਾਬਕ ਹੁਣ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰ ਵੇਲੇ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਪਾਵਨ ਸਰੂਪ ਪਾਲਕੀ ਵਿਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਲਿਆਂਦਾ ਜਾਂਦਾ ਹੈ।
ਨਗਰ ਕੀਰਤਨ ਸਮੇਂ ਅਰਦਾਸ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਸਰੂਪ ਨੂੰ ਆਪਣੇ ਸਿਰ ‘ਤੇ ਰੱਖ ਕੇ ਪਾਲਕੀ ਤਕ ਲਿਆਂਦਾ ਅਤੇ ਮੁੜ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਪੁੱਜੀਆਂ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਪੁੱਜੇ ਹੋਏ ਸਨ। ਨਗਰ ਕੀਰਤਨ ਚੌਂਕ ਕਰੋੜੀ, ਬਾਬਾ ਸਾਹਿਬ ਚੌਂਕ ਆਦਿ ਤੋਂ ਹੁੰਦਾ ਹੋਇਆ ਹਰਿਮੰਦਰ ਸਾਹਿਬ ਪੁੱਜ ਕੇ ਸਮਾਪਤ ਹੋਇਆ। ਰਸਤੇ ਵਿਚ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਸਕੂਲੀ ਬੱਚਿਆਂ ਦੀਆਂ ਬੈਂਡ ਅਤੇ ਗਤਕਾ ਟੀਮਾਂ ਸ਼ਾਮਲ ਹੋਈਆਂ। ਸੰਗਤਾਂ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ। ਨਗਰ ਕੀਰਤਨ ਦੇ ਰਸਤੇ ਵਿਚ ਵੀ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ‘ਤੇ ਲੰਗਰ ਵੀ ਲਾਏ ਗਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਵਿਦੇਸ਼ ਵਿਚ ਵਸਦੀ ਸਮੁੱਚੀ ਸਿੱਖ ਕੌਮ ਅਤੇ ਨਾਨਕ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ, ਕਰਮਚਾਰੀ, ਸਿੱਖ ਸੰਗਤ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਫੁੱਲਾਂ ਦੀ ਸਜਾਵਟ ਕੀਤੀ ਗਈ ਸੀ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਫੁੱਲਾਂ ਦੀ ਸਜਾਵਟ ਲਈ ਲਗਪਗ ਸੌ ਕੁਇੰਟਲ ਫੁੱਲ ਵਰਤੇ ਗਏ, ਜੋ ਭਾਰਤ ਸਮੇਤ ਵੱਖ-ਵੱਖ ਮੁਲਕਾਂ ਤੋਂ ਮੰਗਵਾਏ ਹੋਏ ਸਨ।

RELATED ARTICLES
POPULAR POSTS